ਅੰਮਿ੍ਤਸਰ, 29 ਅਗਸਤ (ਜਸਵੰਤ ਸਿੰਘ ਜੱਸ)-ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬੀ ਯੂਨੀਵਰਸਿਟੀ ਵਲੋਂ ਸਿੱਖ ਵਿਦਵਾਨ ਭਾਈ ਕਾਨ੍ਹ ਸਿੰਘ ਨਾਭਾ ਰਚਿਤ ਗੁਰਸ਼ਬਦ ਰਤਨਾਕਰ ਮਹਾਨਕੋਸ਼ ਦੀ ਕੀਤੀ ਗਈ ਬੇਅਦਬੀ ਦਾ ਸਖ਼ਤ ਨੋਟਿਸ ਲੈਂਦਿਆਂ ਇਸ ਨੂੰ ਨਿੰਦਣਯੋਗ ਤੇ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਕਰਾਰ ਦਿੱਤਾ ਹੈ | ਜਥੇਦਾਰ ਗੜਗੱਜ ਨੇ ਕਿ ਕਿਹਾ ਕਿ ਮਹਾਨਕੋਸ਼ ਬੇਅਦਬੀ ਦੇ ਮਾਮਲੇ ਵਿਚ ਵਿਦਿਆਰਥੀਆਂ ਤੇ ਜਥੇਬੰਦੀਆਂ ਦੇ ਵਿਰੋਧ ਤੋਂ ਬਾਅਦ 'ਵਰਸਿਟੀ ਦੇ ਕਈ ਅਧਿਕਾਰੀਆਂ ਵਿਰੁੱਧ ਪਰਚਾ ਦਰਜ ਕਰ ਲਿਆ ਗਿਆ ਹੈ | ਜਥੇ: ਗੜਗੱਜ ਨੇ 'ਵਰਸਿਟੀ ਪ੍ਰਸ਼ਾਸਨ ਨੂੰ ਕੈਂਪਸ ਦੇ ਗੁਰਦੁਆਰਾ ਸਾਹਿਬ ਦੇ ਅੰਦਰ ਇਸ ਘਟਨਾ ਦੇ ਪਸ਼ਤਾਚਾਪ ਵਜੋਂ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਕਰਕੇ ਗੁਰੂ ਸਾਹਿਬ ਤੋਂ ਖਿਮਾ ਯਾਚਨਾ ਤੇ ਅਰਦਾਸ ਕਰਨ ਦੀ ਵੀ ਤਾਕੀਦ ਕੀਤੀ | ਇਸੇ ਦੌਰਾਨ ਜਥੇਦਾਰ ਗੜਗੱਜ ਨੇ ਮਹਾਨਕੋਸ਼ ਬੇਅਦਬੀ ਮਾਮਲੇ ਦੀ ਪੜ੍ਹਤਾਲ ਲਈ ਇਕ 7 ਮੈਂਬਰੀ ਉੱਚ ਪੱਧਰੀ ਕਮੇਟੀ ਦਾ ਗਠਨ ਕਰਦਿਆਂ ਇਕ ਹਫ਼ਤੇ ਦੇ ਅੰਦਰ ਸਮੁੱਚੇ ਘਟਨਾਕ੍ਰਮ ਦੀ ਰਿਪੋਰਟ ਸਕੱਤਰੇਤ ਅਕਾਲ ਤਖ਼ਤ ਵਿਖੇ ਸੌਂਪਣ ਦਾ ਆਦੇਸ਼ ਕੀਤਾ ਹੈ | ਇਸ ਬੇਅਦਬੀ ਦੀ ਵਾਪਰੀ ਘਟਨਾ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੰਦਭਾਗੀ, ਨਿੰਦਣਯੋਗ ਕਰਾਰ ਦਿੱਤਾ | ਉਨ੍ਹਾਂ ਕਿਹਾ ਕਿ ਇਸ ਵਿਚ ਗੁਰਬਾਣੀ ਦੀਆਂ ਪਾਵਨ ਪੰਕਤੀਆਂ ਤੇ ਸਿੱਖ ਇਤਿਹਾਸ ਤੇ ਸਿਧਾਂਤਾਂ ਬਾਰੇ ਜਾਣਕਾਰੀ ਦਰਜ ਹੈ, ਇਸ ਲਈ ਸਿੱਖ ਭਾਵਨਾਵਾਂ ਦਾ ਖਿਆਲ ਰੱਖਿਆ ਜਾਣਾ ਚਾਹੀਦਾ ਸੀ |