ਹੰਬੜਾਂ, 30 ਅਗਸਤ (ਮੇਜਰ ਹੰਬੜਾਂ)-ਪੰਜਾਬ ਭਰ 'ਚ ਹੜ੍ਹਾਂ ਨੇ ਵੱਡੀ ਤਬਾਹੀ ਮਚਾਈ ਹੈ ਅਤੇ ਲੋਕਾਂ ਦਾ ਜਾਨੀ-ਮਾਲੀ ਤੌਰ 'ਤੇ ਵੱਡਾ ਨੁਕਸਾਨ ਹੋਇਆ ਹੈ, ਜਿਸ ਨੂੰ ਵੇਖਦਿਆਂ ਕੇਂਦਰ ਅਤੇ ਸੂਬਾ ਸਰਕਾਰਾਂ ਪੀੜ੍ਹਤ ਲੋਕਾਂ ਦੀ ਮਦਦ ਲਈ ਤੁਰੰਤ ਅੱਗੇ ਆਉਣ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਕਰਦਿਆਂ ਆਖਿਆ ਕਿ ਸੂਬੇ ਦੇ 8 ਜ਼ਿਲਿ੍ਹਆਂ ਵਿਚ ਸਤਲੁਜ, ਬਿਆਸ ਅਤੇ ਰਾਵੀ ਦੇ ਪਾਣੀ ਨੇ ਕਿਸਾਨਾਂ ਦੀਆਂ ਫ਼ਸਲਾਂ, ਪਸ਼ੂਆਂ ਅਤੇ ਘਰਾਂ ਦਾ ਭਾਰੀ ਨੁਕਸਾਨ ਕਰਕੇ ਉਨ੍ਹਾਂ ਨੂੰ ਬੁਰੀ ਤਰ੍ਹਾਂ ਆਰਥਿਕ ਪੱਖੋਂ ਕਮਜ਼ੋਰ ਕਰਕੇ ਰੱਖ ਦਿੱਤਾ ਹੈ | ਇਸ ਲਈ ਸੂਬਾ ਅਤੇ ਕੇਂਦਰ ਸਰਕਾਰ ਹੜ੍ਹ ਪੀੜ੍ਹਤਾਂ ਦੇ ਹੋਏ ਵੱਡੇ ਨੁਕਸਾਨ ਦੀ ਭਰਪਾਈ ਲਈ ਰਾਹਤ ਪੈਕੇਜ਼ ਦਾ ਐਲਾਨ ਕਰੇ | ਵਿਧਾਇਕ ਇਯਾਲੀ ਨੇ ਸਰਕਾਰ ਦੇ ਨਾਲ ਹੋਰ ਸਮਾਜ ਸੇਵੀ, ਖੇਡ ਕਲੱਬਾਂ ਸਮੇਤ ਹੋਰ ਐੱਨ.ਜੀ.ਓ. ਨੂੰ ਵੀ ਅਪੀਲ ਕੀਤੀ ਕਿ ਉਹ ਹੜ੍ਹ ਪ੍ਰਭਾਵਿਤ ਇਲਾਕੇ ਦੇ ਲੋਕਾਂ ਦੀ ਮਦਦ ਕਰਨ ਲਈ ਆਪਣੇ ਤੌਰ 'ਤੇ ਪਸ਼ੂਆਂ ਲਈ ਹਰਾ-ਚਾਰਾ, ਖਾਣ-ਪੀਣ ਸਮਗਰੀ ਅਤੇ ਜ਼ਰੂਰੀ ਲੋੜਾਂ ਮੁਤਾਬਕ ਲੋਕਾਂ ਦੀ ਮਦਦ ਲਈ ਅੱਗੇ ਆਉਣ | ਇਯਾਲੀ ਨੇ ਆਪਣੇ ਤੌਰ 'ਤੇ ਵੀ ਸ਼੍ਰੋਮਣੀ ਅਕਾਲੀ ਦਲ ਦੀ ਟੀਮ ਨਾਲ ਲੋਕਾਂ ਦੀ ਮਦਦ ਲਈ ਮੁਹਿੰਮ ਚਲਾਏ ਜਾਣ ਦੀ ਗੱਲ ਆਖੀ ਤੇ ਕਿਹਾ ਕਿ ਅਸੀਂ ਜਿੰਨ੍ਹਾਂ ਹੋ ਸਕਿਆ ਪੰਜਾਬ ਭਰ ਦੇ ਹੜ੍ਹ ਪੀੜ੍ਹਤਾਂ ਦੀ ਮੱਦਦ ਕਰਨ ਦਾ ਯਤਨ ਕਰ ਰਹੇ ਹਾਂ ਤੇ ਕਰਾਂਗੇ |