ਮੁਕੇਰਿਆਂ/ਤਲਵਾੜਾ, 30 ਅਗਸਤ (ਰਾਮਗੜ੍ਹੀਆ/ ਐਚ.ਐਸ. ਮਿੱਠੂ)-ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਮੁੱਖ ਸਕੱਤਰ ਪੰਜਾਬ ਕੇ.ਏ.ਪੀ. ਸਿਨਹਾ ਵਲੋਂ ਤਲਵਾੜਾ ਸਥਿਤ ਪੌਂਗ ਡੈਮ ਦਾ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨਾਲ ਪ੍ਰਮੁੱਖ ਸਕੱਤਰ ਜਲ ਸੰਸਾਧਨ ਵਿਭਾਗ ਕਿ੍ਸ਼ਨ ਕੁਮਾਰ, ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਐਸ.ਐਸ.ਪੀ. ਸੰਦਿਪ ਕੁਮਾਰ ਮਲਿਕ ਵੀ ਮੌਜੂਦ ਸਨ | ਮੁੱਖ ਸਕੱਤਰ ਨੇ ਤੋਂ ਡੈਮ ਪ੍ਰਸ਼ਾਸਨ ਨੂੰ ਸਪਸ਼ਟ ਹਦਾਇਤਾਂ ਦਿੱਤੀਆਂ ਕਿ ਪਾਣੀ ਦੇ ਫਲੋਅ ਨੂੰ ਧਿਆਨ ਵਿਚ ਰੱਖਦੇ ਹੋਏ ਤਕਨੀਕੀ ਮਿਆਰਾਂ ਦੇ ਅਧਾਰ 'ਤੇ ਹੀ ਪਾਣੀ ਛੱਡਿਆ ਜਾਵੇ ਤਾਂ ਜੋ ਹੇਠਲੇ ਇਲਾਕਿਆਂ ਵਿਚ ਰਹਿਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ | ਉਪਰੰਤ ਮੁੱਖ ਸਕੱਤਰ ਵਲੋਂ ਬਿਆਸ ਦਰਿਆ ਕਿਨਾਰੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਵੀ ਕੀਤਾ ਅਤੇ ਕਈ ਥਾਵਾਂ 'ਤੇ ਧੁੱਸੀ ਬੰਨਾਂ ਦਾ ਜਾਇਜ਼ਾ ਵੀ ਲਿਆ | ਉਨ੍ਹਾਂ ਕਿਹਾ ਕਿ ਧੁੱਸੀ ਬੰਨਾਂ ਦੀ ਮਜ਼ਬੂਤੀ ਲਈ ਜਲ ਸੰਸਾਧਨ ਵਿਭਾਗ ਲਗਾਤਾਰ ਕੰਮ ਕਰ ਰਿਹਾ ਹੈ | ਮੁੱਖ ਸਕੱਤਰ ਨੇ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਨੂੰ ਵਿਸਵਾਸ਼ ਦਿੱਤਾ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਖੜੀ ਹੈ ਅਤੇ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ | ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੱਤੀ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਵੱਖ-ਵੱਖ ਵਿਭਾਗਾਂ ਦੀਆਂ ਟੀਮਾਂ 24 ਘੰਟੇ ਡਿਊਟੀ 'ਤੇ ਤਾਇਨਾਤ ਹਨ ਅਤੇ ਰਾਹਤ ਕਾਰਜਾਂ ਵਿਚ ਪੂਰੀ ਤਨਦੇਹੀ ਨਾਲ ਜੁੱਟੀਆਂ ਹੋਈਆਂ ਹਨ | ਇਸ ਮੌਕੇ ਚੀਫ ਇੰਜੀਨੀਅਰ ਬਿਆਸ ਰਾਕੇਸ਼ ਗੁਪਤਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ, ਐਸ.ਪੀ. ਡਾ. ਮੁਕੇਸ਼, ਐਸ.ਡੀ.ਐਮ. ਮੁਕੇਰਿਆਂ ਅੰਕੁਰ ਮਹਿੰਦਰੂ, ਸੁਪਰਿੰਟੈਂਡਿੰਗ ਇੰਜੀਨੀਅਰ ਮਨਮੀਤ ਚੌਧਰੀ, ਵਧੀਕ ਐਸ.ਈ. ਏ.ਪੀ.ਐਸ. ਉਭੀ, ਐਕਸੀਅਨ ਗੌਰਵ ਲਾਂਬਾ, ਹਰਪ੍ਰੀਤ ਸਿੰਘ ਸਮੇਤ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ |