ਜਲੰਧਰ, 30 ਅਗਸਤ-ਘੱਟ ਗਿਣਤੀ ਭਾਈਚਾਰਾ ਜੇਕਰ ਕਿਸੇ ਮੁਲਕ 'ਚ ਸਭ ਤੋਂ ਵੱਧ ਸੁਰੱਖਿਅਤ ਹੈ ਤਾਂ ਉਹ ਭਾਰਤ ਹੈ, ਜਦਕਿ ਅਮਰੀਕਾ ਵਰਗੇ ਵਿਕਸਿਤ ਮੁਲਕਾਂ 'ਚ ਵੀ ਘੱਟ ਗਿਣਤੀਆਂ ਦੇ ਹੱਕਾਂ ਤੇ ਹਿੱਤਾਂ ਨੂੰ ਕੁਚਲਿਆ ਜਾ ਰਿਹਾ ਹੈ ਅਤੇ ਉਨ੍ਹਾਂ ਨਾਲ ਹਰ ਪੱਧਰ 'ਤੇ ਜ਼ਿਆਦਤੀਆਂ ਦੀਆਂ ਖ਼ਬਰਾਂ ਅਕਸਰ ਆਉਂਦੀਆਂ ਰਹਿੰਦੀਆਂ ਹਨ ਪਰ ਜਿਥੋਂ ਤੱਕ ਭਾਰਤ ਦਾ ਸੰਬੰਧ ਹੈ ਤਾਂ ਇਥੇ ਸਾਰੇ ਧਰਮਾਂ ਤੇ ਫਿਰਕਿਆਂ ਦੇ ਲੋਕ ਆਪਸੀ ਪਿਆਰ ਤੇ ਸਦਭਾਵਨਾ ਨਾਲ ਰਹਿੰਦੇ ਹਨ ਤੇ ਘੱਟ ਗਿਣਤੀ ਭਾਈਚਾਰੇ ਦੀ ਗਿਣਤੀ ਵੀ 16 ਫ਼ੀਸਦੀ ਵਧੀ ਹੈ ਅਤੇ ਤਕਰੀਬਨ ਸਾਰੇ ਅਹਿਮ ਅਹੁਦਿਆਂ 'ਤੇ ਇਸ ਸਮੇਂ ਘੱਟ ਗਿਣਤੀ ਭਾਈਚਾਰੇ ਨਾਲ ਸੰਬੰਧਿਤ ਅਧਿਕਾਰੀ ਲੱਗੇ ਹੋਏ ਹਨ | ਇਹ ਦਾਅਵਾ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਕੌਮੀ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ 'ਅਜੀਤ' ਭਵਨ ਵਿਖੇ ਇਕ ਵਿਸ਼ੇਸ਼ ਮੁਲਾਕਾਤ ਦੌਰਾਨ ਕਰਦਿਆਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਪਿਛਲੇ ਸਮੇਂ ਦੌਰਾਨ ਘੱਟ ਗਿਣਤੀਆਂ ਦੀ ਸੁਰੱਖਿਆ ਲਈ ਅਨੇਕਾਂ ਕਦਮ ਚੁੱਕੇ ਹਨ ਅਤੇ ਖਾਸ ਕਰਕੇ ਸਿੱਖ ਕੌਮ ਦੇ ਮਸਲਿਆਂ ਨੂੰ ਬਹੁਤ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ | ਉਨ੍ਹਾਂ ਨਵੰਬਰ '84 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਏ ਜਾਣ ਅਤੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁਲ੍ਹਵਾਏ ਜਾਣ ਤੋਂ ਲੈ ਕੇ ਸਿੱਖ ਗੁਰੂ ਸਾਹਿਬਾਨ ਦੇ ਦਿਵਸਾਂ ਨੂੰ ਕੌਮੀ ਪੱਧਰ 'ਤੇ ਮਨਾਏ ਜਾਣ ਦੀ ਕੀਤੀ ਸ਼ੁਰੂਆਤ ਨੂੰ ਇਸ ਦਿਸ਼ਾ 'ਚ ਅਹਿਮ ਕਦਮ ਦੱਸਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਵਲੋਂ ਕਤਲੇਆਮ ਦੇ ਪੀੜਤ ਪਰਿਵਾਰਾਂ ਨੂੰ ਜਿਥੇ 114 ਸਰਕਾਰੀਆਂ ਨੌਕਰੀਆਂ ਦਿੱਤੀਆਂ ਗਈਆਂ ਹਨ, ਉਥੇ ਹਰਿਆਣਾ ਦੀ ਭਾਜਪਾ ਸਰਕਾਰ ਵਲੋਂ ਵੀ 121 ਪਰਿਵਾਰਕ ਮੈਂਬਰਾਂ ਨੂੰ ਨੌਕਰੀ ਦਿੱਤੀ ਗਈ ਹੈ | ਇਸੇ ਤਰ੍ਹਾਂ ਗੁਰਦੁਆਰਾ ਗਿਆਨ ਗੋਦੜੀ ਅਤੇ ਡਾਂਗ ਮਾਰ ਦੇ ਮਸਲਿਅ ਨੂੰ ਹੱਲ ਕਰਵਾਉਣਾ ਵੀ ਉਨ੍ਹਾਂ ਦੇ ਕਾਰਜਕਾਲ ਦੀ ਅਹਿਮ ਪ੍ਰਾਪਤੀ ਰਹੀ ਹੈ | ਉਨ੍ਹਾਂ ਵਲੋਂ ਵਿਦੇਸ਼ਾਂ 'ਚ ਫਸੇ 8 ਭਾਰਤੀਆਂ ਨੂੰ ਵੀ ਚੇਅਰਮੈਨ ਹੁੰਦੇ ਹੋਏ ਵਾਪਸ ਵਤਨ ਲਿਆਉਣ 'ਚ ਸਫ਼ਲਤਾ ਹਾਸਲ ਕੀਤੀ ਸੀ | ਹਾਲ ਹੀ 'ਚ ਲਾਲ ਕਿਲ੍ਹੇ 'ਤੇ ਸਿੱਖ ਸਰਪੰਚਾਂ ਨੂੰ ਕਕਾਰਾਂ ਸਮੇਤ ਅੰਦਰ ਜਾਣ ਤੋਂ ਰੋਕਣ ਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ 'ਚ ਸਿੱਖ ਬੱਚਿਆਂ ਨੂੰ ਰੋਕੇ ਜਾਣ ਦੇ ਮਾਮਲੇ 'ਚ ਵੀ ਉਨ੍ਹਾਂ ਤੁਰੰਤ ਦਖਲ ਦਿੰਦੇ ਹੋਏ ਅਜਿਹੀਆਂ ਕਾਰਵਾਈਆਂ ਮੁੜ ਭਵਿੱਖ 'ਚ ਨਾ ਹੋਣ ਸੰਬੰਧੀ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਅਤੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਲਈ ਵੀ ਲਿਖਿਆ ਗਿਆ | ਭਾਜਪਾ ਦੇ ਸੰਸਦੀ ਬੋਰਡ ਤੇ ਚੋਣ ਕਮੇਟੀ ਦੇ ਮੈਂਬਰ ਸ. ਲਾਲਪੁਰਾ ਨੇ ਕਿਹਾ ਕਿ ਇਸੇ ਤਰ੍ਹਾਂ ਉਨ੍ਹਾਂ ਦੀਆਂ ਕੋਸ਼ਿਸ਼ਾਂ ਨਾਲ 18 ਸੂਬਿਆਂ 'ਚ ਆਨੰਦ ਮੈਰਿਜ ਐਕਟ ਨੂੰ ਲਾਗੂ ਕੀਤਾ ਜਾ ਚੁੱਕਾ ਹੈ ਤੇ ਬਾਕੀ ਥਾਵਾਂ 'ਤੇ ਇਸ ਨੂੰ ਲਾਗੂ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਇਸੇ ਤਰ੍ਹਾਂ ਸਿੱਖ ਧਰਮੀ ਫ਼ੌਜੀਆਂ ਦੇ ਮੁੜ ਵਸੇਬੇ ਲਈ ਵੀ ਯਤਨ ਕੀਤੇ ਜਾ ਰਹੇ ਹਨ ਅਤੇ ਜੋਧਪੁਰ ਜੇਲ੍ਹ 'ਚ ਬੰਦ ਸਿੱਖ ਕੈਦੀਆਂ ਨੂੰ ਵੀ ਢੁੱਕਵਾਂ ਮੁਆਵਜ਼ਾ ਦਿੱਤਾ ਜਾਵੇਗਾ | ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਫਿਲਮਾਂ 'ਚ ਸਿੱਖ ਕਿਰਦਾਰਾਂ ਨੂੰ ਸਹੀ ਢੰਗ ਨਾਲ ਪੇਸ਼ ਕਰਨ ਅਤੇ ਧਾਰਮਿਕ ਅਕੀਦੇ ਦਾ ਧਿਆਨ ਰੱਖਣ ਲਈ ਸੈਂਸਰ ਬੋਰਡ 'ਚ ਸਿੱਖ ਬੁੱਧੀਜੀਵੀ ਨੂੰ ਮੈਂਬਰ ਵਜੋਂ ਸ਼ਾਮਿਲ ਕੀਤਾ ਜਾਵੇਗਾ | ਇਸ ਮੌਕੇ ਸੂਬੇ ਦੀ ਸਿਆਸਤ ਬਾਰੇ ਪੁੱਛੇ ਇਕ ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ ਕਿ ਭਾਜਪਾ ਵਲੋਂ ਨੇੜ ਭਵਿੱਖ 'ਚ ਸ਼੍ਰੋਮਣੀ ਅਕਾਲੀ ਦਲ ਨਾਲ ਗੱਠਜੋੜ ਕਰਨ ਦੀ ਕੋਈ ਸੰਭਾਵਨਾ ਨਹੀਂ ਹੈ ਅਤੇ ਭਾਜਪਾ ਇਕੱਲਿਆਂ ਆਪਣੇ ਦਮ 'ਤੇ ਚੋਣਾਂ ਲੜੇਗੀ | ਉਨ੍ਹਾਂ ਕਿਹਾ ਕਿ ਭਾਜਪਾ ਨੇ ਅਮਨ ਸ਼ਾਂਤੀ ਤੇ ਭਾਈਚਾਰਕ ਸਾਂਝ ਦੀ ਮਜ਼ਬੂਤੀ ਲਈ ਸ਼੍ਰੋਮਣੀ ਅਕਾਲੀ ਦਲ ਨਾਲ ਗੱਠਜੋੜ ਕੀਤਾ ਸੀ ਪਰ ਕਿਸਾਨੀ ਅੰਦੋਲਨ ਦੌਰਾਨ ਅਕਾਲੀ ਦਲ ਵਲੋਂ ਜਿਸ ਤਰ੍ਹਾਂ ਭਾਜਪਾ ਦਾ ਸਾਥ ਛੱਡਿਆ ਗਿਆ, ਉਸ ਨੇ ਦੋਵਾਂ ਪਾਰਟੀਆਂ ਵਿਚਕਾਰ ਦੂਰੀਆਂ ਨੂੰ ਹੋਰ ਵਧਾ ਦਿੱਤਾ ਹੈ | ਇਸ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਵਾਲੇ ਨਵੇਂ ਸ਼੍ਰੋਮਣੀ ਅਕਾਲੀ ਦਲ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਲੋਕਤੰਤਰੀ ਮੁਲਕ 'ਚ ਹਰ ਕਿਸੇ ਨੂੰ ਆਪਣੀ ਪਾਰਟੀ ਬਣਾਉਣ ਦਾ ਹੱਕ ਹੈ ਅਤੇ ਇਸ ਨਵੀਂ ਪਾਰੀ ਸ਼ੁਰੂ ਕਰਨ 'ਤੇ ਉਨ੍ਹਾਂ ਗਿਆਨੀ ਹਰਪ੍ਰੀਤ ਸਿੰਘ ਨੂੰ ਵਧਾਈ ਵੀ ਦਿੱਤੀ ਹੈ |