ਨੰਗਲ, 30 ਅਗਸਤ (ਪ੍ਰੀਤਮ ਸਿੰਘ ਬਰਾਰੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਾਰ ਸੇਵਾ ਕਿਲਾ ਅਨੰਦਗੜ੍ਹ ਸਾਹਿਬ ਦੇ ਸਹਿਯੋਗ ਨਾਲ ਸ੍ਰੀ ਭਾਦਰੋਂ ਸੁਦੀ ਅਸਟਮੀ ਮੌਕੇ ਸਾਲਾਨਾ ਸ੍ਰੀ ਚੌਪਈ ਸਾਹਿਬ ਉਚਾਰਨ ਦਿਵਸ 31 ਅਗਸਤ ਦਿਨ ਐਤਵਾਰ ਨੂੰ ਇਤਿਹਾਸਿਕ ਗੁਰਦੁਆਰਾ ਸ੍ਰੀ ਬਿਭੋਰ ਸਾਹਿਬ ਨੰਗਲ ਡੈਮ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾਵੇਗਾ | ਸਮਾਗਮ 'ਚ ਪਹੁੰਚਣ ਵਾਲੀਆਂ ਸਮੂਹ ਸੰਗਤਾਂ ਦੀ ਸਹੂਲਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੁੱਚੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਵਲੋਂ ਕੀਤਾ ਗਿਆ | ਮੈਨੇਜਰ ਕੰਗ ਨੇ ਦੱਸਿਆ ਕਿ ਕਿ ਸਾਲਾਨਾ ਗੁਰਮਤਿ ਸਮਾਗਮ ਸਬੰਧੀ ਅਖੰਡ ਪਾਠ ਲੜੀਵਾਰ ਪਿਛਲੇ ਦਿਨਾਂ ਤੋਂ ਚੱਲ ਰਹੇ ਹਨ ਅਤੇ ਇਸੇ ਲੜੀ ਤਹਿਤ ਦਿਨ ਐਤਵਾਰ ਨੂੰ ਸਵੇਰੇ ਅਖੰਡ ਪਾਠ ਦੇ ਭੋਗ ਪਾਏ ਜਾਣਗੇ, ਉਪਰੰਤ ਦੀਵਾਨ ਹਾਲ ਵਿਖੇ ਮਹਾਨ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ, ਜਿਸ 'ਚ ਵਿਸ਼ੇਸ਼ ਤੌਰ 'ਤੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਜਥੇਦਾਰ ਤਖ਼ਤ ਸ੍ਰੀ ਕੇਸਗੜ ਸਾਹਿਬ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤਰਿੰਗ ਕਮੇਟੀ ਮੈਂਬਰ ਡਾਕਟਰ ਦਲਜੀਤ ਸਿੰਘ ਭਿੰਡਰ, ਭਾਈ ਅਮਰਜੀਤ ਸਿੰਘ ਚਾਵਲਾ, ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲੇ ਮਹਾਂਪੁਰਖ ਸੰਤ ਬਾਬਾ ਸੁੱਚਾ ਸਿੰਘ ਅਤੇ ਸੰਤ ਬਾਬਾ ਸਤਨਾਮ ਸਿੰਘ ਵਿਸ਼ੇਸ਼ ਤੌਰ 'ਤੇ ਪਹੁੰਚਣਗੇ | ਮੈਨੇਜਰ ਕੰਗ ਨੇ ਦੱਸਿਆ ਕਿ ਸੰਗਤਾਂ ਲਈ ਸਮੁੱਚੇ ਲੰਗਰਾਂ ਦੇ ਪ੍ਰਬੰਧ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲੇ ਮਹਾਂਪੁਰਖਾਂ ਵਲੋਂ ਚਲੀ ਆ ਰਹੀ ਰਵਾਇਤ ਅਨੁਸਾਰ ਕੀਤੇ ਜਾਂਦੇ ਹਨ, ਜਿਸ 'ਚ ਵਿਸ਼ੇਸ਼ ਤੌਰ ਤੇ ਮਾਲ ਪੂਰੇ ਵਰਤਾਏ ਜਾਂਦੇ ਹਨ | ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ 'ਚ ਸੰਗਤਾਂ ਲਈ ਰਿਹਾਇਸ਼, ਪਾਰਕਿੰਗ ਤੇ ਸਿਹਤ ਸਹੂਲਤ ਦੇ ਪ੍ਰਬੰਧ ਕਿਤੇ ਗਏ ਹਨ | ਇਸ ਮੌਕੇ ਐਡੀਸ਼ਨਲ ਮੈਨੇਜਰ ਐਡਵੋਕੇਟ ਹਰਦੇਵ ਸਿੰਘ ਹੈਪੀ ਵੀ ਹਾਜ਼ਰ ਸਨ |