ਚੰਡੀਗੜ੍ਹ, 30 ਅਗਸਤ (ਅਜੀਤ ਬਿਊਰੋ)-ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕੇਂਦਰ 'ਤੇ ਵਰ੍ਹਦਿਆਂ ਪੰਜਾਬ 'ਚ ਪਿਛਲੇ 37 ਸਾਲਾਂ ਦੇ ਸਭ ਤੋਂ ਭਿਆਨਕ ਹੜ੍ਹਾਂ ਨੂੰ ਹੋਰ ਵੀ ਬਦਤਰ ਬਣਾਉਣ ਲਈ ਭਾਰਤ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ | ਇਥੇ ਪੰਜਾਬ ਭਵਨ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਜੇਕਰ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀ.ਬੀ.ਐਮ.ਬੀ) ਵਲੋਂ ਜੂਨ 'ਚ ਸਮੇਂ ਸਿਰ ਪਾਣੀ ਛੱਡਿਆ ਗਿਆ ਹੁੰਦਾ ਤਾਂ ਤਬਾਹੀ ਨੂੰ ਕਾਫ਼ੀ ਹੱਦ ਤੱਕ ਘਟਾਇਆ ਜਾ ਸਕਦਾ ਸੀ | ਕੈਬਨਿਟ ਮੰਤਰੀ ਨੇ ਇਸ ਗੱਲ 'ਤੇ ਵੀ ਅਫ਼ਸੋਸ ਪ੍ਰਗਟਾਇਆ ਕਿ ਪੰਜਾਬ 'ਚ ਲੱਖਾਂ ਦੀ ਆਬਾਦੀ ਹੜ੍ਹਾਂ ਤੋਂ ਪ੍ਰਭਾਵਿਤ ਹੋਣ ਦੇ ਬਾਵਜੂਦ ਪ੍ਰਧਾਨ ਮੰਤਰੀ ਵਲੋਂ ਸੂਬੇ ਨੂੰ ਕੋਈ ਸਹਾਇਤਾ ਦੇਣਾ ਤਾਂ ਦੂਰ ਦੀ ਗੱਲ, ਉਨ੍ਹਾਂ ਨੇ ਹਾਲੇ ਤੱਕ ਇਸ ਗੰਭੀਰ ਸਥਿਤੀ ਬਾਰੇ ਕੋਈ ਬਿਆਨ ਵੀ ਨਹੀਂ ਦਿੱਤਾ | ਹਰਿਆਣਾ ਦੇ ਰਵੱਈਏ 'ਤੇ ਚਿੰਤਾ ਪ੍ਰਗਟ ਕਰਦਿਆਂ ਕੈਬਨਿਟ ਮੰਤਰੀ ਨੇ ਦੋਸ਼ ਲਗਾਇਆ ਕਿ ਜਿਥੇ ਇਕ ਪਾਸੇ ਹਰਿਆਣਾ ਪੱਤਰ ਭੇਜ ਕੇ ਮਦਦ ਦੀ ਪੇਸ਼ਕਸ਼ ਕਰ ਰਿਹਾ ਹੈ, ਉਥੇ ਦੂਜੇ ਪਾਸੇ ਉਸ ਨੇ ਇਹ ਵੀ ਲਿਖਿਆ ਹੈ ਕਿ ਇਸ ਮੌਨਸੂਨ ਦੌਰਾਨ ਹਰਿਆਣਾ ਦੇ 7,900 ਕਿਊਸਿਕ ਪਾਣੀ ਦੇ ਹਿੱਸੇ ਨੂੰ ਘਟਾ ਕੇ 6,250 ਕਿਊਸਿਕ ਕਰ ਦਿੱਤਾ ਜਾਵੇ ਤਾਂ ਜੋ ਉਸ ਦੀ ਨਹਿਰੀ ਪ੍ਰਣਾਲੀ ਅਤੇ ਆਬਾਦੀ ਨੂੰ ਹੜ੍ਹਾਂ ਦੀ ਮਾਰ ਤੋਂ ਸੁਰੱਖਿਅਤ ਰੱਖਿਆ ਜਾ ਸਕੇ | ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਕਰਕੇ ਹਰਿਆਣਾ ਨੇ ਪੰਜਾਬ ਨੂੰ ਆਪਣੀ ਕਿਸਮਤ ਦੇ ਸਹਾਰੇ ਛੱਡ ਦਿੱਤਾ ਹੈ | ਗੋਇਲ ਨੇ ਕਿਹਾ ਕਿ 1988 'ਚ ਰਾਵੀ ਦਰਿਆ 'ਚ 11.20 ਲੱਖ ਕਿਊਸਿਕ ਪਾਣੀ ਸੀ, ਜਦੋਂਕਿ ਇਸ ਸਾਲ ਇਹ 14.11 ਲੱਖ ਕਿਊਸਿਕ ਤੱਕ ਪਹੁੰਚ ਗਿਆ ਹੈ |