ਚੰਡੀਗੜ੍ਹ, 20 ਸਤੰਬਰ (ਪ੍ਰੋ. ਅਵਤਾਰ ਸਿੰਘ)-'ਆਪ' ਦੀ ਪੰਜਾਬ ਸਰਕਾਰ ਦਿੱਲੀ ਤੋਂ ਅਰਵਿੰਦ ਕੇਜਰੀਵਾਲ ਰਾਹੀਂ ਚੱਲ ਰਹੀ ਹੈ ਅਤੇ ਪੰਜਾਬ ਦੇ ਮੁੱਦਿਆਂ ਦੀ ਜੋ ਵੀ ਗੱਲ ਕਰਦਾ ਹੈ, ਉਸ ਦੀ ਆਵਾਜ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਦਬਾਉਂਦੇ ਹਨ, ਜਿਵੇਂ ਬਿਕਰਮ ਸਿੰਘ ਮਜੀਠੀਆ 'ਤੇ ਝੂਠੇ ਪਰਚੇ ਕਰਕੇ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਗਈ ਹੈ ਪਰ ਉਹ ਦੱਬਣ ਵਾਲੇ ਨਹੀਂ ਹਨ | ਇਹ ਵਿਚਾਰ ਸ਼ੋ੍ਰਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਪਤਨੀ ਅਤੇ ਵਿਧਾਇਕਾ ਗਨੀਵ ਕੌਰ ਮਜੀਠੀਆ ਨੇ ਸੋਸ਼ਲ ਮੀਡੀਆ 'ਤੇ ਟਵੀਟ ਕਰਦਿਆਂ ਪ੍ਰਗਟਾਏ | ਉਨ੍ਹਾਂ ਕਿਹਾ ਕਿ ਠੀਕ ਉਸੇ ਹੀ ਤਰ੍ਹਾਂ ਹੁਣ ਕਾਂਗਰਸੀ ਨੇਤਾ ਸੁਖਪਾਲ ਸਿੰਘ ਖਹਿਰਾ 'ਤੇ ਦਿੱਲੀ ਦੇ ਨੇਤਾ ਅਰਵਿੰਦ ਕੇਜਰੀਵਾਲ ਝੂਠੇ ਪਰਚੇ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਜਿਸ ਦੀ ਉਹ ਨਿਖੇਧੀ ਕਰਦੀ ਹੈ | ਉਨ੍ਹਾਂ ਕਿਹਾ ਕਿ ਸੁਖਪਾਲ ਸਿੰਘ ਖਹਿਰਾ ਖ਼ਿਲਾਫ਼ ਇਹ ਕਾਰਵਾਈ ਪੰਜਾਬ ਸਰਕਾਰ ਦੀਆਂ ਨਾਕਾਮੀਆਂ ਖ਼ਿਲਾਫ਼ ਆਵਾਜ਼ ਚੁੱਕਣ ਕਾਰਨ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਦਿੱਲੀ ਦੇ ਆਗੂ ਪੰਜਾਬ ਦੇ ਹੱਕਾਂ ਲਈ ਆਵਾਜ਼ ਉਠਾਉਣ ਵਾਲੇ ਨੇਤਾਵਾਂ ਖ਼ਿਲਾਫ਼ ਵਿਜੀਲੈਂਸ ਦਾ ਦੁਰਉਪਯੋਗ ਕਰ ਰਹੇ ਹਨ, ਪੰਜਾਬ ਲਈ ਆਵਾਜ਼ ਬੁਲੰਦ ਕਰਨ ਵਾਲਿਆਂ ਨੂੰ ਖ਼ੁਆਰ ਕੀਤਾ ਜਾ ਰਿਹਾ ਹੈ ਅਤੇ ਬਿਨਾਂ ਕਿਸੇ ਕਸੂਰ ਦੇ ਪੰਜਾਬ ਦੀ ਆਵਾਜ਼ ਚੁੱਕਣ ਵਾਲਿਆਂ ਦੇ ਪਰਿਵਾਰਾਂ ਅਤੇ ਬੱਚਿਆਂ ਤੱਕ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦਾ ਸਿਆਸੀਕਰਨ ਇਥੇ ਤੱਕ ਹੋ ਗਿਆ ਹੈ ਕਿ ਕੁਝ ਚੋਣਵੇਂ ਅਧਿਕਾਰੀ ਆਪਣੀਆਂ ਹੱਦਾਂ ਭੁੱਲ ਕੇ ਵਿਰੋਧੀ ਧਿਰ ਦੇ ਨੇਤਾਵਾਂ ਖ਼ਿਲਾਫ਼ ਕਾਰਵਾਈ ਕਰ ਰਹੇ ਹਨ ਪਰ ਪੰਜਾਬੀ ਨਾ ਕਦੇ ਝੁਕੇ ਸੀ ਨਾ ਝੁਕਣਗੇ ਅਤੇ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਲੜਾਈ ਜਾਰੀ ਰਹੇਗੀ |