ਮੋਗਾ, 30 ਅਗਸਤ (ਸੁਰਿੰਦਰਪਾਲ ਸਿੰਘ)-ਪਿਛਲੇ ਕਈ ਦਿਨਾਂ ਤੋਂ ਪੰਜਾਬ 'ਚ ਭਾਰੀ ਬਾਰਿਸ਼ ਹੋਣ ਕਾਰਨ ਜਨਜੀਵਨ ਜਿਥੇ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਪਿਆ ਉੱਥੇ ਪੰਜਾਬ ਦੇ ਬਹੁਤ ਸਾਰੇ ਜ਼ਿਲ੍ਹੇ ਹੜ੍ਹਾਂ ਦੀ ਲਪੇਟ 'ਚ ਆਏ ਹੋਏ ਹਨ | ਸਰਕਾਰ ਦੀਆਂ ਹਦਾਇਤਾਂ 'ਤੇ ਜ਼ਿਲ੍ਹਾ ਪ੍ਰਸ਼ਾਸਨ ਤੇ ਸਿਹਤ ਵਿਭਾਗ ਵੀ ਹੜ੍ਹ ਪੀੜਤ ਇਲਾਕਿਆਂ ਦਾ ਦੌਰਾ ਕਰ ਕੇ ਉਨ੍ਹਾਂ ਦੀ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ ਤੇ ਸਿਹਤ ਵਿਭਾਗ ਵਲੋਂ ਬਿਮਾਰੀ ਫੈਲਣ ਦੇ ਖ਼ਤਰੇ ਨੂੰ ਲੈ ਕੇ ਲੋਕਾਂ ਨੂੰ ਸਾਫ਼ ਸੁਥਰਾ ਪਾਣੀ ਮੁਹੱਈਆ ਕਰਵਾਉਣ ਤੇ ਓ. ਆਰ. ਐਸ. ਘੋਲ, ਮੱਛਰਦਾਨੀਆਂ ਤੇ ਓਡੋਮਾਸ ਵਰਗੀਆਂ ਕਰੀਮਾਂ ਵੀ ਦਿੱਤੀਆਂ ਜਾ ਰਹੀਆਂ ਹਨ | ਬੀਤੇ ਕੱਲ੍ਹ ਹਲਕਾ ਮੋਗਾ ਦੇ ਵਿਧਾਇਕਾ ਤੇ ਮਹਿਲਾ ਵਿੰਗ 'ਆਪ' ਦੇ ਸੂਬਾ ਪ੍ਰਧਾਨ ਡਾ. ਅਮਨਦੀਪ ਕੌਰ ਅਰੋੜਾ ਨੇ ਆਪਣੀ ਟੀਮ ਨਾਲ ਹੜ੍ਹ ਪੀੜਤਾਂ ਲਈ ਮੌਕੇ 'ਤੇ ਜਾ ਕੇ ਖਾਣ ਪੀਣ ਦੀਆਂ ਵਸਤੂਆਂ, ਸੁੱਕਾ ਰਾਸ਼ਨ ਦੇ ਨਾਲ-ਨਾਲ ਦਵਾਈਆਂ ਵੀ ਵੰਡੀਆਂ | ਉਨ੍ਹਾਂ ਸੁਲਤਾਨਪੁਰ ਲੋਧੀ ਦੇ ਪਿੰਡ 'ਚ ਜਾ ਕੇ ਦਰਿਆ ਦੇ ਬੰਨ੍ਹ ਦੇ ਨਾਲ ਲੱਗਦੇ ਪਿੰਡਾਂ ਦੇ ਲੋਕਾਂ ਦਾ ਹਾਲ ਚਾਲ ਪੁੱਛਿਆ | ਇਸ ਤੋਂ ਬਾਅਦ ਉਹ ਵਿਧਾਨ ਸਭਾ ਹਲਕਾ ਦੇ ਪਿੰਡ ਕੰਬੋ, ਢਾਇਆ ਵਿਖੇ ਹਲਕਾ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨਾਲ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਉਨ੍ਹਾਂ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ | ਇਸ ਮੌਕੇ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਹੜ੍ਹ ਪੀੜਤਾਂ ਦੀ ਮਦਦ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤੇ ਉਨ੍ਹਾਂ ਵਲੋਂ ਸਾਰੇ ਮੰਤਰੀਆਂ ਤੇ ਵਿਧਾਇਕਾਂ ਦੀਆਂ ਹੜ੍ਹ ਪੀੜਤ ਇਲਾਕਿਆਂ ਵਿਚ ਡਿਊਟੀਆਂ ਲਗਾਈਆਂ ਗਈਆਂ ਹਨ | ਇਸ ਮੌਕੇ ਬਰਿੰਦਰ ਕੁਮਾਰ ਸ਼ਰਮਾ ਜ਼ਿਲ੍ਹਾ ਪ੍ਰਧਾਨ ਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ, ਸਪੋਕਸਮੈਨ ਤੇ ਜ਼ਿਲ੍ਹਾ ਮੀਡੀਆ ਇੰਚਾਰਜ ਗੁਰਮਿੰਦਰਜੀਤ ਸਿੰਘ ਬਬਲੂ, ਕੋਆਰਡੀਨੇਟਰ ਦੀਪ ਦਾਰਾਪੁਰ, ਜ਼ਿਲ੍ਹਾ ਸੈਕਟਰੀ ਅੰਮਿ੍ਤਪਾਲ ਸਿੰਘ ਖ਼ਾਲਸਾ, ਜ਼ਿਲ੍ਹਾ ਇੰਚਾਰਜ ਐਸ. ਸੀ. ਵਿੰਗ ਗੁਰਵਿੰਦਰ ਸਿੰਘ ਡਾਲਾ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |