27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਮੰਗਾਂ ਨੂੰ ਲੈ ਕੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵਲੋਂ ਧਰਨਾ <br/>

ਅਜੀਤ ਡੈਸਕ 30-08-2025
ਸੰਗਰੂਰ, 29 ਅਗਸਤ (ਧੀਰਜ ਪਸ਼ੋਰੀਆ)-ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵਲੋਂ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ | ਜਥੇਬੰਦੀ ਨੇ ਪੰਜਾਬ ਸਰਕਾਰ ਨੂੰ ਮਜ਼ਦੂਰ ਵਿਰੋਧੀ ਨੀਤੀਆਂ ਤੋਂ ਪਿੱਛੇ ਹਟਣ ਅਤੇ ਮੰਗਾਂ ਨੂੰ ਤੁਰੰਤ ਮੰਨਣ ਦੀ ਅਪੀਲ ਕੀਤੀ | ਜਥੇਬੰਦੀ ਦੇ ਜ਼ੋਨਲ ਸਕੱਤਰ ਗੁਰਵਿੰਦਰ ਸਿੰਘ ਬੌੜਾਂ ਅਤੇ ਜ਼ੋਨਲ ਆਗੂ ਗੁਰਚਰਨ ਸਿੰਘ ਘਰਾਚੋਂ ਨੇ ਦੱਸਿਆ ਕਿ 20 ਮਈ ਨੂੰ ਬੇਚਿਰਾਗ ਪਿੰਡ ਤੋਂ ਬੇਗਮਪੁਰਾ ਬਣਾਉਣ ਲਈ ਜਾ ਰਹੇ ਮਜ਼ਦੂਰਾਂ ਨੂੰ ਹਜ਼ਾਰਾਂ ਦੀ ਗਿਣਤੀ ਵਿਚ ਗਿ੍ਫ਼ਤਾਰ ਕੀਤਾ ਗਿਆ ਸੀ ਅਤੇ ਮਜ਼ਦੂਰ ਆਗੂਆਂ ਉੱਤੇ ਵੱਖ-ਵੱਖ ਧਾਰਾਵਾਂ ਤਹਿਤ ਝੂਠੇ ਪਰਚੇ ਦਰਜ ਕੀਤੇ ਗਏ ਹਨ | ਇਸ ਤੋਂ ਇਲਾਵਾ, ਜ਼ੋਨਲ ਵਿੱਤ ਸਕੱਤਰ ਬਿੱਕਰ ਸਿੰਘ ਨੂੰ ਗਿ੍ਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਗਿਆ ਹੈ | ਅੱਜ ਦੇ ਧਰਨੇ ਦਾ ਮੁੱਖ ਉਦੇਸ਼ ਆਗੂਆਂ ਉੱਤੇ ਪਾਏ ਗਏ ਝੂਠੇ ਪਰਚੇ ਰੱਦ ਕਰਵਾਉਣਾ, ਬਿੱਕਰ ਸਿੰਘ ਦੀ ਬਿਨਾਂ ਸ਼ਰਤ ਰਿਹਾਈ ਕਰਵਾਉਣਾ, ਲੈਂਡ ਸੀਲਿੰਗ ਐਕਟ ਨੂੰ ਸਖ਼ਤੀ ਨਾਲ ਲਾਗੂ ਕਰਨਾ, ਮਨਰੇਗਾ ਯੋਜਨਾ ਤਹਿਤ ਮਜ਼ਦੂਰੀ ਅਤੇ ਬਰਸਾਤ ਵਿਚ ਡਿੱਗੇ ਮਕਾਨਾਂ ਲਈ ਮੁਆਵਜ਼ਾ ਮੰਗਣਾ ਸੀ | ਐੱਸ.ਡੀ.ਓ ਮੰਡੀ ਬੋਰਡ ਡਿਊਟੀ ਮੈਜਿਸਟਰੇਟ ਕਰਨ ਬਾਂਸਲ ਨੂੰ ਪੰਜਾਬ ਸਰਕਾਰ ਦੇ ਨਾਂ ਮੰਗ ਪੱਤਰ ਸੌਂਪਿਆ ਗਿਆ | ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਮਜ਼ਦੂਰਾਂ ਨਾਲ ਮਤਰੇਈ ਮਾਂ ਨਾਲੋਂ ਵੀ ਮਾੜਾ ਸਲੂਕ ਕਰ ਰਹੀ ਹੈ | ਮਜ਼ਦੂਰਾਂ ਦੀਆਂ ਜਾਇਜ਼ ਮੰਗਾਂ ਨੂੰ ਮੰਨਣ ਦੀ ਥਾਂ ਸਰਕਾਰ ਵਲੋਂ ਪਹਿਲਾਂ ਮਿਲੀਆਂ ਸਹੂਲਤਾਂ ਉੱਤੇ ਵੀ ਕੱਟ ਲਗਾਏ ਜਾ ਰਹੇ ਹਨ, ਜਿਸ ਦੇ ਵਿਰੋਧ ਵਿਚ ਜਥੇਬੰਦੀ ਡਟ ਕੇ ਖੜ੍ਹੀ ਹੈ ਅਤੇ ਅੰਦੋਲਨ ਨੂੰ ਤਿੱਖਾ ਕਰਨ ਲਈ ਤਿਆਰ ਹੈ | ਧਰਨੇ ਨੂੰ ਜ਼ੋਨਲ ਮੀਤ ਪ੍ਰਧਾਨ ਧਰਮਵੀਰ ਹਰੀਗੜ੍ਹ, ਗੁਰਵਿੰਦਰ ਸਿੰਘ ਸਾਦੀਹਰੀ, ਸ਼ਿੰਗਾਰਾ ਸਿੰਘ ਹੇੜੀਕੇ, ਗੁਰਦਾਸ ਸਿੰਘ ਜਲੂਰ ਅਤੇ ਲੇਖਕਾਂ ਦੀ ਜਥੇਬੰਦੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਪੱਪੀ ਨੇ ਸੰਬੋਧਨ ਕੀਤਾ | ਸਟੇਜ ਸਕੱਤਰ ਦੀ ਭੂਮਿਕਾ ਜ਼ੋਨਲ ਆਗੂ ਜਸਵੀਰ ਕੌਰ ਹੇੜੀਕੇ ਨੇ ਨਿਭਾਈ |
ਧਰਨੇ ਵਿਚ ਵੱਡੀ ਗਿਣਤੀ ਵਿਚ ਮਜ਼ਦੂਰ ਅਤੇ ਆਗੂ ਸ਼ਾਮਲ ਹੋਏ, ਜਿਨ੍ਹਾਂ ਨੇ ਸਰਕਾਰ ਵਿਰੋਧੀ ਨਾਅਰੇ ਲਗਾਏ ਅਤੇ ਮੰਗਾਂ ਨੂੰ ਪੂਰੀਆਂ ਕਰਨ ਦੀ ਮੰਗ ਕੀਤੀ | ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਮੰਗਾਂ ਨੂੰ ਤੁਰੰਤ ਨਾ ਮੰਨਿਆ ਗਿਆ ਤਾਂ ਅੰਦੋਲਨ ਨੂੰ ਹੋਰ ਵਿਆਪਕ ਰੂਪ ਦਿੱਤਾ ਜਾਵੇਗਾ |

ਪਿਛਲੀ ਖ਼ਬਰ ਪੰਚਾਇਤ ਵਲੋਂ ਪੁੱਟੇ ਜਾ ਰਹੇ ਟੋਭੇ ਨੂੰ ਲੈ ਲੋਕਾਂ ਨੇ ਪੰਚਾਇਤ 'ਤੇ ਲਗਾਏ ਦੋਸ਼-ਸਰਪੰਚ ਨੇ ਦੋਸ਼ ਨਕਾਰੇ <br/> ਅਗਲੀ ਖ਼ਬਰ ਉੱਤਰੀ ਭਾਰਤ ਦਾ ਸਭ ਤੋਂ ਵੱਡਾ ਕਿਸਾਨ ਮੇਲਾ ਅੱਜ ਤੋਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।