ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਲਕਾ ਦਿੜ੍ਹਬਾ ਦੇ ਹੜ੍ਹਪ੍ਰਭਾਵਿਤ ਖੇਤਰਾਂ ਲਈ ਭੇਜੀਆਂ ਤਿੰਨ ਐਂਬੂਲੈਂਸਾਂ
ਅਜੀਤ ਡੈਸਕ
21-09-2025
ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਮੁਹਈਆ ਕਰਵਾਉਣ ਦੇ ਆਦੇਸ਼ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਡਾਕਟਰਾਂ, ਨਰਸਾਂ ਅਤੇ ਫਾਰਮਾਸਿਸਟਾਂ ਨਾਲ ਲੈਸ ਐਂਬੂਲੈਂਸਾਂ ਹੜ ਤੋਂ ਬਾਅਦ ਦੀਆਂ ਸਿਹਤ ਚੁਣੌਤੀਆਂ ਦਾ ਹੱਲ ਕਰਨਗੀਆਂ ਅਤੇ ਲੋਕਾਂ ਨੂੰ ਪਾਣੀ ਤੋਂ ਪੈਦਾ ਹੋਣ ਵਾਲੀਆਂ ਅਤੇ ਹੋਰ ਬਿਮਾਰੀਆਂ ਤੋਂ ਬਚਾਉਣਗੀਆਂ | ਉਨਾਂ ਕਿਹਾ ਕਿ ਇਨਾਂ ਐਂਬੂਲੈਂਸਾਂ ਰਾਹੀਂ ਅਗਲੇ 15 ਦਿਨਾਂ ਲਈ ਮੁਫਤ ਡਾਕਟਰੀ ਜਾਂਚ ਅਤੇ ਦਵਾਈਆਂ ਪ੍ਰਦਾਨ ਕੀਤੀਆਂ ਜਾਣਗੀਆਂ, ਅਤੇ ਗੰਭੀਰ ਮਾਮਲਿਆਂ ਵਿੱਚ, ਮਰੀਜਾਂ ਨੂੰ ਅਗਲੇ ਇਲਾਜ ਲਈ ਨੇੜਲੇ ਸਿਹਤ ਕੇਂਦਰਾਂ ਵਿੱਚ ਭੇਜਿਆ ਜਾਵੇਗਾ |
ਇਸ ਮੌਕੇ ਗੱਲਬਾਤ ਕਰਦਿਆਂ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਸਰਕਾਰ ਹੜ ਪੀੜਤਾਂ ਨੂੰ ਬਿਹਤਰ ਮੁਆਵਜ਼ਾ ਦੇਣ ਲਈ ਵਚਨਬੱਧ ਹੈ | ਉਨਾਂ ਕਿਹਾ ਕਿ ਸੂਬਾਈ ਕੈਬਨਿਟ ਦੀ ਪ੍ਰਵਾਨਗੀ ਤੋਂ ਬਾਅਦ ਆਫਤ ਪ੍ਰਬੰਧਨ ਐਕਟ, ਮਾਈਨਿੰਗ ਐਕਟ ਅਤੇ ਹੋਰ ਸਬੰਧਤ ਕਾਨੂੰਨਾਂ ਵਿੱਚ ਜਰੂਰੀ ਸੋਧਾਂ ਸੈਸਨ ਵਿੱਚ ਰੱਖੀਆਂ ਜਾਣਗੀਆਂ | ਉਨਾਂ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਵਾਲੀ ਸਮੁੱਚੀ ਸਰਕਾਰ ਤੇ ਆਮ ਆਦਮੀ ਪਾਰਟੀ ਹੜ ਪ੍ਰਭਾਵਿਤ ਪਰਿਵਾਰਾਂ ਦੀ ਭਲਾਈ ਲਈ ਸਮਰਪਿਤ ਹੈ, ਅਤੇ ਇਹ ਸੈਸਨ ਉਸ ਵਚਨਬੱਧਤਾ ਨੂੰ ਦਰਸਾਏਗਾ | ਰੰਗਲਾ ਪੰਜਾਬ ਚੜਦੀ ਕਲਾ ਫੰਡ ਇਕੱਤਰ ਕਰਨ ਦੀ ਮੁਹਿੰਮ ਨੂੰ ਸਫਲ ਕਰਾਰ ਦਿੰਦੇ ਹੋਏ ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਦੁਨੀਆ ਭਰ ਦੇ ਪੰਜਾਬੀਆਂ ਵੱਲੋਂ ਦਿੱਤੇ ਜਾ ਰਹੇ ਭਾਰੀ ਯੋਗਦਾਨ ਨੇ ਆਮ ਸਥਿਤੀ ਬਹਾਲ ਕਰਨ ਦੇ ਯਤਨਾਂ ਨੂੰ ਮਜਬੂਤੀ ਦਿੱਤੀ ਹੈ | ਇਨਾਂ ਮੁਸ਼ਕਿਲ ਸਮਿਆਂ ਵਿੱਚ ਮਦਦ ਕਰਨ ਲਈ ਪ੍ਰਵਾਸੀ ਭਾਰਤੀਆਂ ਦਾ ਧੰਨਵਾਦ ਕਰਦੇ ਹੋਏ ਉਨਾਂ ਕਿਹਾ ਕਿ ਇਹ ਫੰਡ ਉਨਾਂ ਪਰਿਵਾਰਾਂ ਦੀ ਹਿੰਮਤ ਵਧਾਏਗਾ ਜਿਨਾਂ ਨੂੰ ਕੁਦਰਤ ਦੇ ਕਹਿਰ ਕਾਰਨ ਭਾਰੀ ਨੁਕਸਾਨ ਹੋਇਆ ਹੈ | ਵਿੱਤ ਮੰਤਰੀ ਨੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਹੜ ਪ੍ਰਭਾਵਿਤ ਆਬਾਦੀ ਦੀ ਸਹਾਇਤਾ ਲਈ ਹਰ ਸੰਭਵ ਕਦਮ ਚੁੱਕੇਗੀ, ਜਿਸ ਦਾ ਉਦੇਸ਼ ਪੰਜਾਬ ਨੂੰ ਮਜਬੂਤ ਅਤੇ ਖੁਸ਼ਹਾਲ ਬਣਾਉਣਾ ਹੈ | ਇਸ ਮੌਕੇ ਵਿੱਤ ਮੰਤਰੀ ਦੇ ਓ ਐਸ ਡੀ ਐਡਵੋਕੇਟ ਤਪਿੰਦਰ ਸਿੰਘ ਸੋਹੀ, ਸਹਿਤ ਵਿਭਾਗ ਦੀਆਂ ਟੀਮਾਂ ਅਤੇ ਵੱਡੀ ਗਿਣਤੀ ਵਿੱਚ ਪਤਵੰਤੇ ਮੌਜੂਦ ਸਨ |