ਹੜ੍ਹ ਕਾਰਨ ਜ਼ਿਲ੍ਹੇ ਦੇ ਪ੍ਰਭਾਵਿਤ ਹੋਏ ਲੋਕਾਂ ਨੂੰ ਨਿਰਵਿਘਨ ਪਹੁੰਚਾਈ ਜਾ ਰਹੀ ਰਾਹਤ ਸਮੱਗਰੀ- ਡੀ. ਸੀ.
ਅਜੀਤ ਡੈਸਕ
31-08-2025
ਬਾਰੇ ਕੇ ਰਾਹਤ ਕੈਂਪ 'ਚ ਰਹਿ ਰਹੇ ਲੋਕਾਂ ਨੂੰ ਜ਼ਰੂਰੀ ਚੀਜ਼ ਮੁਹੱਈਆ ਕਰਵਾਈ
-ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਦੱਸਿਆ ਕਿ ਪਿੰਡ ਬਾਰੇ ਕੇ ਰਾਹਤ ਕੈਂਪ ਚੱਲ ਰਿਹਾ ਹੈ ਜਿੱਥੇ 260 ਲੋਕ ਰਹਿ ਰਹੇ ਹਨ ਅਤੇ ਇਹਨਾਂ ਲੋਕਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਅਤੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਲੰਗਰ, ਚਾਹ ਪਾਣੀ ਅਤੇ ਹੋਰ ਜ਼ਰੂਰਤ ਦੀਆਂ ਚੀਜ਼ਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ | ਉਨ੍ਹਾਂ ਦੱਸਿਆ ਕਿ ਖਾਲਸਾ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਤਿੰਦਰਜੀਤ ਸਿੰਘ ਖ਼ਾਲਸਾ ਦੀ ਅਗਵਾਈ ਵਿਚ ਰਾਹਤ ਕੈਂਪਾਂ ਵਿਚ ਰਹਿ ਰਹੇ ਲੋਕਾਂ ਲਈ ਲੰਗਰ ਦੀ ਸੁਵਿਧਾ ਵੀ ਮੁਹੱਈਆ ਕਰਵਾਈ ਗਈ ਹੈ | ਉਨ੍ਹਾਂ ਕਿਹਾ ਕਿ ਰਾਹਤ ਕੈਂਪ ਵਿਚ ਰਹਿ ਰਹੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਉਨ੍ਹਾਂ ਨੂੰ ਹਰ ਜ਼ਰੂਰਤ ਦੀ ਚੀਜ਼ ਮੁਹੱਈਆ ਕਰਵਾਈ ਜਾਵੇਗੀ | ਉਨ੍ਹਾਂ ਇਹ ਵੀ ਦੱਸਿਆ ਕਿ ਰਾਹਤ ਕੈਂਪ ਵਿਚ ਰਹਿ ਰਹੇ ਸਕੂਲ ਵਿਚ ਪੜ੍ਹਦੇ ਬੱਚਿਆਂ ਨੂੰ ਸਕੂਲ ਦੇ ਸਟਾਫ਼ ਵਲੋਂ ਪੜ੍ਹਾਈ ਵੀ ਕਰਵਾਈ ਜਾ ਰਹੀ ਹੈ | ਬਾਰੇ ਕੇ ਰਾਹਤ ਕੈਂਪ ਦੇ ਸੁਚੱਜੇ ਪ੍ਰਬੰਧਾਂ ਲਈ ਪੀ.ਸੀ.ਐਸ ਅਮਨਦੀਪ ਸ਼ਰਮਾ, ਡਿਪਟੀ ਡੀ.ਈ.ਓ ਡਾ. ਸਤਿੰਦਰ ਸਿੰਘ ਅਤੇ ਉਨ੍ਹਾਂ ਦੇ ਸਟਾਫ਼ ਵਲੋਂ ਪੂਰੀ ਜ਼ਿੰਮੇਵਾਰੀ ਨਾਲ ਕੰਮ ਕੀਤਾ ਜਾ ਰਿਹਾ ਹੈ |
ਡੀ.ਸੀ. ਤੇ ਐੱਸ.ਐੱਸ.ਪੀ. ਨੇ ਰਾਹਤ ਟੀਮਾਂ ਨੂੰ ਸਹਿਯੋਗ ਦੇਣ ਦੀ ਕੀਤੀ ਅਪੀਲ
-ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਅਤੇ ਐੱਸ.ਐੱਸ.ਪੀ ਭੁਪਿੰਦਰ ਸਿੰਘ ਸਿੱਧੂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਰਾਹਤ ਕਾਰਜਾਂ ਵਿਚ ਲੱਗੀਆਂ ਟੀਮਾਂ ਦਾ ਸਹਿਯੋਗ ਕਰਨ ਅਤੇ ਆਪਣੇ ਮਾਲ ਡੰਗਰ ਸਮੇਤ ਸੁਰੱਖਿਅਤ ਥਾਵਾਂ 'ਤੇ ਆਉਣ | ਇਸ ਤੋਂ ਇਲਾਵਾ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਵੀ ਰਾਬਤਾ ਕੀਤਾ ਜਾ ਸਕਦਾ ਹੈ |