ਮੱਖੂ, 30 ਅਗਸਤ (ਵਰਿੰਦਰ ਮਨਚੰਦਾ)-ਪੰਜਾਬ ਅੰਦਰ ਹੜ੍ਹਾਂ ਕਾਰਨ ਹੋਏ ਨੁਕਸਾਨ ਲਈ ਸਾਂਝੇ ਉਪਰਾਲੇ ਕਰਦੇ ਹੋਏ ਸੂਬਾ ਤੇ ਕੇਂਦਰ ਸਰਕਾਰ ਪ੍ਰਭਾਵਿਤ ਇਲਾਕਿਆਂ ਲਈ ਜਲਦ ਰਾਹਤ ਪੈਕੇਜ ਦਾ ਐਲਾਨ ਕਰੇ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਪ੍ਰਸਤ ਭਾਈ ਕਰਨੈਲ ਸਿੰਘ ਪੀਰ ਮੁਹੰਮਦ ਨੇ ਕੀਤਾ | ਉਨ੍ਹਾਂ ਕਿਹਾ ਕਿ ਇਸ ਵੇਲੇ ਪੰਜਾਬ ਦਾ ਅੱਧਾ ਹਿੱਸਾ ਹੜ੍ਹ ਤੋਂ ਪ੍ਰਭਾਵਿਤ ਹੋਣ ਕਾਰਨ ਆਮ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਚੁੱਕਾ ਹੈ | ਪੰਜਾਬ ਕੁਦਰਤੀ ਕਰੋਪੀ ਦਾ ਸਾਹਮਣਾ ਕਰ ਰਿਹਾ ਹੈ | ਕਰਨੈਲ ਸਿੰਘ ਨੇ ਕਿਹਾ ਕਿ ਹੜ੍ਹਾਂ ਦੀ ਮਾਰ ਨੇ ਆਰਥਿਕ ਤੌਰ 'ਤੇ ਵੱਡੀ ਸੱਟ ਮਾਰੀ ਹੈ | ਇਸ ਲਈ ਮੁੱਖ ਮੰਤਰੀ ਪੰਜਾਬ ਨਾਟਕੀ ਅੰਦਾਜ਼ ਦੀ ਬਜਾਏ ਸੁਹਿਰਦਤਾ ਦਿਖਾਉਣ | ਉਨ੍ਹਾਂ ਕਿਹਾ ਕਿ ਮੰਚ ਤੋਂ ਸਿਰਫ਼ ਮੁਆਵਜ਼ੇ ਦੇ ਐਲਾਨ ਕਰਨ ਨਾਲ ਕੁੱਝ ਨਹੀਂ ਬਣਨਾ, ਯਕੀਨੀ ਬਣਾਇਆ ਜਾਵੇ ਕਿ ਇਨ੍ਹਾਂ ਪ੍ਰਭਾਵਿਤ ਇਲਾਕਿਆਂ ਵਿਚ ਹੋਏ ਮਾਲੀ ਨੁਕਸਾਨ ਦੀ ਭਰਪਾਈ ਪੂਰੇ ਰੂਪ ਵਿਚ ਹੋਵੇ | ਉਨ੍ਹਾਂ ਕੁਦਰਤੀ ਆਫ਼ਤ ਪ੍ਰਬੰਧਨ ਹੇਠ ਦਿੱਤੇ ਜਾਣ ਵਾਲੇ ਫ਼ੰਡ ਨੂੰ ਤੁਰੰਤ ਰਿਲੀਜ਼ ਕਰਨ ਲਈ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਨੂੰ ਬੇਗਾਨਗੀ ਦੀ ਨਜ਼ਰ ਨਾਲ ਨਾ ਵੇਖਿਆ ਜਾਵੇ | ਇਸ ਸੰਕਟ 'ਚੋਂ ਪੰਜਾਬ ਨੂੰ ਕੱਢਣ ਲਈ ਕੇਂਦਰ ਸਰਕਾਰ ਤੁਰੰਤ ਪੰਜਾਬ ਸਰਕਾਰ ਨਾਲ ਰਾਬਤਾ ਕਾਇਮ ਕਰਦੇ ਹੋਏ ਪ੍ਰਭਾਵਿਤ ਇਲਾਕਿਆਂ ਲਈ ਬਿਨਾਂ ਦੇਰੀ ਕੀਤੇ ਵਿੱਤੀ ਮਦਦ ਦਾ ਐਲਾਨ ਕਰੇ |