ਮੱਲਾਂਵਾਲਾ, 30 ਅਗਸਤ (ਬਲਬੀਰ ਸਿੰਘ ਜੋਸਨ)-ਕਾਂਗਰਸ ਪਾਰਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਫ਼ਿਰੋਜਪੁਰ ਦੇ ਵਿਚ ਪਿੰਡ ਨਿਹਾਲਾ ਲਵੇਰਾ ਸਮੇਤ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਕੇ ਹੜ੍ਹ ਪੀੜਤ ਲੋਕਾਂ ਦੇ ਹਾਲਾਤਾਂ ਦਾ ਜਾਇਜ਼ਾ ਲਿਆ | ਇਸ ਮੌਕੇ ਉਹਨਾਂ ਦੇ ਨਾਲ ਮੈਂਬਰ ਪਾਰਲੀਮੈਂਟ ਸ਼ੇਰ ਸਿੰਘ ਘੁਬਾਇਆ, ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ, ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨਾਲ ਸਨ | ਪਿੰਡ ਨਿਹਾਲਾ ਲਵੇਰਾ ਦੀ ਘਾਟ 'ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਫ਼ੇਲ੍ਹ ਸਾਬਤ ਹੋਈ ਹੈ | ਪੰਜਾਬ ਦੇ ਲੋਕ ਹੜ੍ਹਾਂ ਦੀ ਮਾਰ ਝੱਲ ਰਹੇ ਹਨ ਅਤੇ ਪੰਜਾਬ ਦਾ ਮੁੱਖ ਮੰਤਰੀ ਦੌਰੇ ਕਰਨ ਵਿਚ ਰੁੱਝਿਆ ਹੋਇਆ ਹੈ | ਰਾਜਾ ਵੜਿੰਗ ਨੇ ਕਿਹਾ ਕਿ ਜਿੰਨਾ ਕਿਸਾਨਾਂ ਦੀਆਂ ਜ਼ਮੀਨਾਂ ਦਰਿਆਈ ਖੇਤਰ ਵਿਚ ਹਨ | ਉਹਨਾਂ ਨੂੰ ਬੈੰਕ ਲੋਨ ਵੀ ਨਹੀਂ ਦੇ ਰਹੀ | ਉਹਨਾਂ ਕਿਹਾ ਕਿ ਉਹ ਪਾਰਲੀਮੈਂਟ ਵਿਚ ਸਵਾਲ ਚੁੱਕਣਗੇ ਕਿ ਸਰਕਾਰ ਲੋਕਾਂ ਦੀਆਂ ਜ਼ਮੀਨਾਂ ਅਕਵਾਇਰ ਕਰਕੇ ਉਹਨਾਂ ਨੂੰ ਬਣਦਾ ਮੁਆਵਜ਼ਾ ਦੇਵੇ ਤਾਂ ਜੋ ਉਹ ਆਪਣੀਆਂ ਜ਼ਮੀਨਾਂ ਬਾਹਰ ਕਿਸੇ ਥਾਂ ਤੇ ਲੈ ਸਕਣ ਅਤੇ ਪੰਜਾਬ ਸਰਕਾਰ ਨੂੰ ਦਰਿਆਈ ਖੇਤਰ ਦਾ ਮੁਆਵਜ਼ਾ ਵੀ ਨਹੀਂ ਦੇਣਾ ਪਵੇਗਾ | ਇਸ ਮੌਕੇ ਬਲੀ ਸਿੰਘ ਉਸਮਾਨ ਵਾਲਾ ਨੇ ਦੱਸਿਆ ਕਿ ਹੜ੍ਹ ਪੀੜਤਾਂ ਲਈ ਰਾਸ਼ਨ ਅਤੇ ਪਸ਼ੂਆਂ ਦੇ ਆਚਾਰ ਦੀ ਸਹਾਇਤਾ ਦਿੱਤੀ ਗਈ ਹੈ |