16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਡੀ.ਸੀ ਤੇ ਐੱਸ.ਐੱਸ.ਪੀ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਲਿਆ ਜਾਇਜ਼ਾ

ਅਜੀਤ ਡੈਸਕ 31-08-2025
ਫ਼ਿਰੋਜ਼ਪੁਰ,30 ਅਗਸਤ (ਗੁਰਿੰਦਰ ਸਿੰਘ)-ਸਤਲੁਜ ਦਰਿਆ ਵਿਚ ਪਾਣੀ ਦਾ ਪੱਧਰ ਵਧਣ 'ਤੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਕਰੀਬ 100 ਪਿੰਡਾਂ ਨੂੰ ਹੜ੍ਹਾਂ ਦੀ ਮਾਰ ਝੱਲਣੀ ਪੈ ਰਹੀ ਹੈ | ਇਸ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ 24 ਘੰਟੇ ਰਾਹਤ ਕਾਰਜ ਕੀਤੇ ਜਾ ਰਹੇ ਹਨ | ਅੱਜ ਜ਼ਿਲ੍ਹੇ ਦੇ ਹੜ੍ਹ ਇਲਾਕਿਆਂ ਵਿਚ ਬਣੇ ਤਾਜ਼ਾ ਹਾਲਤਾਂ ਦਾ ਜਾਇਜ਼ਾ ਲੈਣ ਪਹੁੰਚੇ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਦੱਸਿਆ ਕਿ ਪ੍ਰਸ਼ਾਸਨ ਵਲੋਂ ਆਰਮੀ, ਐਨ.ਡੀ.ਆਰ.ਐੱਫ, ਬੀ.ਐੱਸ.ਐੱਫ ਅਤੇ ਪੰਜਾਬ ਪੁਲਿਸ ਦੇ ਸਹਿਯੋਗ ਦੇ ਨਾਲ 3000 ਦੇ ਕਰੀਬ ਹੜ੍ਹ ਪੀੜਤਾਂ ਨੂੰ ਰੈਸਕਿਊ ਕੀਤਾ ਗਿਆ ਹੈ | ਜ਼ਿਲੇ੍ਹ ਵਿਚ ਬਣਾਏ ਗਏ ਰਾਹਤ ਕੈਂਪਾਂ ਦੇ ਵਿਚ 350 ਦੇ ਕਰੀਬ ਹੜ੍ਹ ਪੀੜਤਾਂ ਨੂੰ ਲੰਗਰ ਅਤੇ ਹੋਰ ਜ਼ਰੂਰੀ ਸਮਾਨ ਮੁਹੱਈਆ ਕਰਵਾਇਆ ਗਿਆ ਹੈ | ਇਸ ਤੋਂ ਇਲਾਵਾ 3000 ਦੇ ਕਰੀਬ ਹੜ੍ਹ ਪ੍ਰਭਾਵਿਤਾਂ ਨੂੰ ਸੁੱਕਾ ਰਾਸ਼ਨ ਵੀ ਮੁਹੱਈਆ ਕਰਵਾਇਆ ਗਿਆ ਹੈ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਹੜ੍ਹ ਪੀੜਤਾਂ ਦੀ ਹਰ ਤਰ੍ਹਾਂ ਦੇ ਨਾਲ ਸਹਾਇਤਾ ਕਰਨ ਦੇ ਦਿੱਤੇ ਦਿਸ਼ਾ ਨਿਰਦੇਸ਼ਾਂ ਤਹਿਤ ਹੁਣ ਤੱਕ 10-10 ਲੱਖ ਰੁਪਏ ਐਸ.ਡੀ.ਐਮਜ਼ ਨੂੰ ਪਹਿਲਾਂ ਜਾਰੀ ਕੀਤੇ ਗਏ ਸੀ ਅਤੇ 20-20 ਲੱਖ ਰੁਪਏ ਦਾ ਫ਼ੰਡ ਹੋਰ ਜਾਰੀ ਕੀਤਾ ਜਾ ਰਿਹਾ ਹੈ | ਉਹਨਾਂ ਨੇ ਦੱਸਿਆ ਕਿ ਐਨ.ਡੀ.ਆਰ.ਐੱਫ, ਆਰਮੀ ਅਤੇ ਬੀ.ਐੱਸ.ਐੱਫ ਦੀਆਂ ਟੀਮਾਂ ਵਲੋਂ ਕਿਸ਼ਤੀਆਂ ਅਤੇ ਹੋਰ ਸਾਧਨਾਂ ਰਾਹੀਂ ਪਾਣੀ ਵਿਚ ਫਸੇ ਹੋਏ ਪਿੰਡ ਵਾਸੀਆਂ ਨੂੰ ਸੁਰੱਖਿਅਤ ਬਾਹਰ ਕੱਢਿਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਪਿੰਡ ਰੁਕਨੇ ਵਾਲਾ, ਗਜਨੀ ਵਾਲਾ, ਕਾਲੂ ਵਾਲਾ, ਟੈਂਡੀ ਵਾਲਾ ਵਿਖੇ ਵੀ ਰਾਹਤ ਕਾਰਜ ਜਾਰੀ ਹਨ | ਪਿੰਡ ਰੁਕਨੇ ਵਾਲਾ, ਨਿਹਾਲਾ ਲਵੇਰਾ, ਬੱਗੇ ਵਾਲਾ ਸਮੇਤ ਵੱਖ-ਵੱਖ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਵਿੱਚ ਮੈਡੀਕਲ ਕੈਂਪ ਵੀ ਲਗਾਏ ਗਏ ਹਨ | ਪਿੰਡ ਰੁਕਨੇ ਵਾਲਾ ਵਿਖੇ 5 ਕਿਸ਼ਤੀਆਂ ਦੀ ਸਹਾਇਤਾ ਦੇ ਨਾਲ 100 ਦੇ ਕਰੀਬ ਪਾਣੀ ਵਿਚ ਘਿਰੇ ਲੋਕਾਂ ਨੂੰ ਬਾਹਰ ਕੱਢਿਆ ਗਿਆ | ਪਿੰਡ ਦੁਲਚੀ ਕੇ ਅਤੇ ਮੁਹੰਮਦ ਵਾਲਾ ਵਿਚ ਪਸ਼ੂ ਪਾਲਣ ਵਿਭਾਗ ਵਲੋਂ ਪਸ਼ੂਆਂ ਦਾ ਇਲਾਜ ਕੀਤਾ ਗਿਆ ਅਤੇ ਫੀਡ ਅਤੇ ਹੋਰ ਮੁੱਢਲੀ ਸਹਾਇਤਾ ਮੁਹੱਈਆ ਕਰਵਾਈ ਗਈ | ਪਿੰਡ ਗੱਟੀ ਰਾਜੋ ਕੇ ਵਿਖੇ ਵੀ ਵੈਟਰਨਰੀ ਟੀਮਾਂ ਵਲੋਂ ਪਸ਼ੂਆਂ ਦੀ ਦੇਖਭਾਲ ਕੀਤੀ ਜਾ ਰਹੀ ਹੈ |
ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਤੇ ਐਸ.ਐਸ.ਪੀ ਭੁਪਿੰਦਰ ਸਿੰਘ ਸਿੱਧੂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਰਾਹਤ ਕਾਰਜਾਂ ਵਿਚ ਲੱਗੀਆਂ ਟੀਮਾਂ ਦਾ ਸਹਿਯੋਗ ਕਰਨ ਅਤੇ ਆਪਣੇ ਮਾਲ ਡੰਗਰ ਸਮੇਤ ਸੁਰੱਖਿਅਤ ਥਾਵਾਂ 'ਤੇ ਆਉਣ |
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ ਨੇ ਭਾਜਪਾ ਖ਼ਿਲਾਫ਼ ਆਰੰਭੀ ਜਾਗਰੂਕਤਾ ਮੁਹਿੰਮ ਅਗਲੀ ਖ਼ਬਰ ਮਮਦੋਟ ਸਮੇਤ ਦਰਜਨ ਭਰ ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਸਤਾਉਣ ਲੱਗਾ ਡੋਬੇ ਦਾ ਡਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।