ਫ਼ਿਰੋਜ਼ਪੁਰ, 30 ਅਗਸਤ (ਕੁਲਬੀਰ ਸਿੰਘ ਸੋਢੀ)-ਆਸ਼ਾ ਵਰਕਰਜ਼ ਫੈਸੀਲਿਟੇਟਰਜ਼ ਸਾਂਝਾ ਮੋਰਚਾ ਪੰਜਾਬ ਦਾ ਸੂਬਾ ਸਰਕਾਰ ਵਿਰੁੱਧ ਮੰਗਾਂ ਦੀ ਪੂਰਤੀ ਨੂੰ ਲੈ ਕੇ ਸੂਬਾ ਪੱਧਰ ਤੇ ਹਸਪਤਾਲਾਂ ਦੇ ਕੰਮ ਕਾਜ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਇਸੇ ਲੜੀ ਦੇ ਚੱਲਦੇ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਆਸ਼ਾ ਵਰਕਰਜ਼ ਫੈਸੀਲਿਟੇਟਰਜ਼ ਸਾਂਝਾ ਮੋਰਚਾ ਪੰਜਾਬ ਵਲੋਂ ਧਰਨਾ ਦਿੱਤਾ ਗਿਆ | ਕਨਵੀਨਰ ਅਮਰਜੀਤ ਕੌਰ ਰਣ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਸਰਕਾਰ ਦਾ ਵਰਕਰਜ਼ ਦੀਆਂ ਮੰਗਾਂ ਤੇ ਮੁਸ਼ਕਲਾਂ ਪ੍ਰਤੀ ਬਿਲਕੁਲ ਵੀ ਕੋਈ ਧਿਆਨ ਨਹੀਂ ਹੈ | ਪੈਨਸ਼ਨਰਾਂ ਅਤੇ ਨਰੇਗਾ ਆਗੂਆਂ ਦਰਸ਼ਨ ਸਿੰਘ ਲੁਬਾਣਾ, ਸਤੀਸ਼ ਰਾਣਾ, ਰਣਜੀਤ ਸਿੰਘ ਰਾਣਵਾ ਵੱਲੋਂ ਵੀ ਪੰਜਾਬ ਸਰਕਾਰ ਦੇ ਧਿਆਨ ਵਿਚ ਲਿਆਂਦਾ ਗਿਆ ਹੈ ਕਿ ਜੇਕਰ ਆਸ਼ਾ ਵਰਕਰਜ਼ ਫੈਸੀਲਿਟੇਟਰਜ਼ ਤੇ ਕਿਸੇ ਕਿਸਮ ਦੀ ਕੋਈ ਵੀ ਪ੍ਰਦਰਸ਼ਨ ਦੌਰਾਨ ਅਣਸੁਖਾਵੀਂ ਘਟਨਾ ਵਾਪਰਦੀ ਹੈ ਤਾਂ ਜਥੇਬੰਦੀ ਬਰਦਾਸ਼ਤ ਨਹੀਂ ਕਰੇਗੀ | ਜ਼ਿਲ੍ਹਾ ਪ੍ਰਧਾਨ ਰਾਜਵੰਤ ਕੌਰ ਨੇ ਕਿਹਾ ਕਿ 31 ਅਗਸਤ ਤੋਂ ਪਹਿਲਾਂ ਮੀਟਿੰਗ ਬੁਲਾ ਕੇ ਹੱਲ ਨਾ ਕੀਤਾ ਤਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹਲਕੇ ਸੰਗਰੂਰ ਵਿਖੇ 31 ਅਗਸਤ ਨੂੰ ਰੋਸ ਰੈਲੀ ਕੀਤੀ ਜਾਵੇਗੀ, ਜੇਕਰ ਫਿਰ ਵੀ ਹੱਲ ਨਾ ਹੋਇਆ ਤਾਂ ਪੱਕੇ ਮੋਰਚੇ ਦਾ ਐਲਾਨ ਮੌਕੇ 'ਤੇ ਕੀਤਾ ਜਾਵੇਗਾ | ਇਸ ਮੌਕੇ ਵੱਡੀ ਗਿਣਤੀ ਵਿਚ ਆਸ਼ਾ ਵਰਕਰ ਹਾਜ਼ਰ ਸਨ |