16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਕਲਗ਼ੀਧਰ ਟਰੱਸਟ ਵਲੋਂ ਹੜ੍ਹ ਪ੍ਰਭਾਵਿਤ ਖੇਤਰਾਂ 'ਚ ਰਾਹਤ ਕਾਰਜ ਨਿਰੰਤਰ ਜਾਰੀ

ਅਜੀਤ ਡੈਸਕ 31-08-2025
ਫ਼ਾਜ਼ਿਲਕਾ, 30 ਅਗਸਤ (ਦਵਿੰਦਰ ਪਾਲ ਸਿੰਘ)-ਕਲਗ਼ੀਧਰ ਟਰੱਸਟ ਬੜੂ ਸਾਹਿਬ ਵਲੋਂ ਪਿਛਲੇ ਕਈ ਦਿਨਾਂ ਤੋਂ ਰਾਵੀ ਦਰਿਆ ਦੇ ਬੰਨ੍ਹ ਟੁੱਟਣ ਕਰਕੇ ਪੰਜਾਬ ਦੇ ਸਰਹੱਦੀ ਇਲਾਕਿਆਂ ਵਿਚ ਹੜ੍ਹ ਵਾਲੇ ਇਲਾਕਿਆਂ ਵਿਚ ਰਾਹਤ ਕਾਰਜ ਨਿਰੰਤਰ ਜਾਰੀ ਹਨ | ਪੰਜਾਬ ਦੇ ਸਰਹੱਦੀ ਇਲਾਕੇ ਗੁਰਦਾਸਪੁਰ, ਪਠਾਨਕੋਟ, ਸ੍ਰੀ ਅੰਮਿ੍ਤਸਰ ਸਾਹਿਬ ਅਤੇ ਫ਼ਾਜ਼ਿਲਕਾ ਜ਼ਿਲ੍ਹੇ ਦੇ ਕਈ ਪਿੰਡਾਂ 'ਚ ਵੀ ਹੜ੍ਹਾਂ ਦੀ ਸਥਿਤੀ ਬੜਾ ਭਿਆਨਕ ਰੂਪ ਧਾਰ ਗਈ | ਹੜ੍ਹ ਦੀ ਚਪੇਟ ਵਿਚ ਆਏ ਇਹਨਾਂ ਜ਼ਿਲਿਆਂ ਦੇ ਪਿੰਡਾਂ ਵਿਚ ਕਲਗ਼ੀਧਰ ਟਰੱਸਟ ਬੜੂ ਸਾਹਿਬ ਵੱਲੋਂ ਹੜ੍ਹ ਪੀੜਤਾਂ ਨੂੰ ਘਰੋ-ਘਰੀ ਲੰਗਰ, ਦੁੱਧ, ਪਾਣੀ, ਰਾਹਤ ਕਿੱਟਾਂ, ਪਸ਼ੂਆਂ ਲਈ ਚਾਰਾ ਆਦਿ ਲੈ ਕੇ ਬੇੜੀਆਂ ਰਾਹੀਂ ਵੰਡਿਆ ਜਾ ਰਿਹਾ ਹੈ | ਇਨ੍ਹਾਂ ਪਿੰਡਾਂ ਵਿਚੋਂ ਹੁਣ ਤੱਕ 900 ਤੋਂ ਵੱਧ ਵਿਅਕਤੀਆਂ ਛੋਟੇ ਮਾਲ ਪਸ਼ੂਆਂ ਨੂੰ ਰੈਸਕਿਊ ਕਰਕੇ ਸੁਰੱਖਿਅਤ ਜਗਾ 'ਤੇ ਪਹੁੰਚਾਇਆ ਗਿਆ | ਇਹ ਟੀਮ ਸਥਾਨਕ ਲੋਕਾਂ ਦੀਆ ਜ਼ਰੂਰਤਾਂ ਪੂਰੀਆਂ ਕਰਨ ਨੂੰ ਪੁੱਜੀ ਪਹਿਲੀ ਟੀਮ ਹੈ, ਜੋ ਲੰਗਰ ਦੇ ਨਾਲ-ਨਾਲ ਹੋਰ ਵੀ ਜ਼ਰੂਰਤਾਂ ਨੂੰ ਪੂਰੀਆਂ ਕਰਨ ਦੀ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ | ਜਾਣਕਾਰੀ ਦਿੰਦਿਆਂ ਕਲਗ਼ੀਧਰ ਟਰੱਸਟ ਬੜੂ ਸਾਹਿਬ ਦੇ ਪ੍ਰਧਾਨ ਡਾ: ਦਵਿੰਦਰ ਸਿੰਘ ਅਤੇ ਉੱਪ-ਪ੍ਰਧਾਨ ਭਾਈ ਜਗਜੀਤ ਸਿੰਘ ਵੱਲੋਂ ਭਰੋਸਾ ਦਿੱਤਾ ਗਿਆ ਕਿ ਜਿਹੜੇ ਖੇਤਰਾਂ ਵਿਚ ਪਾਣੀ ਭਰ ਜਾਣ ਨਾਲ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ | ਉਨ੍ਹਾਂ ਲੋਕਾਂ ਨੂੰ ਬਾਹਰ ਕੱਢਣ ਲਈ ਟਰੱਸਟ ਵਲੋ ਰਾਹਤ ਕਿੱਟਾਂ ਪੀੜਤ ਲੋਕਾਂ ਤੱਕ ਪਹੁੰਚਾਈਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਹੜ੍ਹ-ਪੀੜਤਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ ਅਤੇ ਲੋੜੀਂਦਾ ਸਮਾਨ ਮੁਹੱਈਆ ਕਰਵਾਇਆ ਜਾਵੇਗਾ | ਇੱਥੇ ਜ਼ਿਕਰਯੋਗ ਹੈ ਕਿ ਕਲਗ਼ੀਧਰ ਟਰੱਸਟ ਬੜੂ ਸਾਹਿਬ ਵਿੱਦਿਅਕ ਖੇਤਰ ਦੇ ਨਾਲ-ਨਾਲ ਜਦੋਂ ਵੀ ਦੇਸ਼ ਵਿਚ ਕਿਸੇ ਤਰ੍ਹਾਂ ਦੀ ਕੁਦਰਤੀ ਆਫ਼ਤ ਆਈ ਹੈ ਤਾਂ ਟਰੱਸਟ ਦੇ ਸੇਵਾਦਾਰਾਂ ਨੇ ਮਦਦ ਲਈ ਅੱਗੇ ਹੋ ਕੇ ਆਪਣੀ ਜ਼ਿੰਮੇਵਾਰੀ ਨਿਭਾਈ ਹੈ | ਕਲਗ਼ੀਧਰ ਟਰੱਸਟ ਵੱਲੋਂ ਸਭ ਦੀ ਚੜ੍ਹਦੀਕਲਾ ਦੀ ਅਰਦਾਸ ਕਰਦੇ ਹਾਂ |
ਪਿਛਲੀ ਖ਼ਬਰ ਸਿਵਲ ਸਰਜਨ ਨੇ ਰਿਲੀਫ ਕੈਂਪ ਵਿਖੇ ਮੈਡੀਕਲ ਸੇਵਾਵਾਂ ਦਾ ਜਾਇਜ਼ਾ ਲਿਆ ਅਗਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਵਲੋਂ ਪੰਜਾਬ ਭਰ 'ਚ ਹੜ੍ਹ ਪੀੜਤਾਂ ਲਈ ਫ਼ੌਰੀ ਮੁਆਵਜ਼ਾ ਜਾਰੀ ਕਰਨ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।