ਗੁਰੂਹਰਸਹਾਏ, 30 ਅਗਸਤ (ਕਪਿਲ ਕੰਧਾਰੀ)-ਆਸ਼ਾ ਵਰਕਰਾਂ ਤੇ ਆਸ਼ਾ ਫੈਸੀਲੀਟੇਟਰ ਸਾਂਝਾ ਮੋਰਚਾ ਪੰਜਾਬ ਏਟਕ ਗਰੁੱਪ ਵਲੋਂ ਪਿਛਲੇ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਮੋਰਚਾ ਖੋਲਿਆ ਹੋਇਆ ਹੈ ਤੇ ਪਿਛਲੇ ਪੰਜ ਦਿਨਾਂ ਤੋਂ ਧਰਨਾ ਲਗਾ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਜਾਣਕਾਰੀ ਦਿੰਦੇ ਹੋਏ ਪ੍ਰਧਾਨ ਪਰਮਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੀਆਂ ਪਿਛਲੇ ਲੰਬੇ ਸਮੇਂ ਤੋਂ ਕਈ ਮੰਗਾਂ ਸਰਕਾਰ ਵੱਲ ਲਟਕਦੀਆਂ ਆ ਰਹੀਆਂ ਹਨ ਤੇ ਇਨ੍ਹਾਂ ਮੰਗਾਂ ਦੇ ਸਬੰਧ 'ਚ ਉਨ੍ਹਾਂ ਦੀ ਯੂਨੀਅਨ ਦੇ ਆਗੂ ਕਈ ਵਾਰ ਸਰਕਾਰ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਕਰ ਚੁੱਕੇ ਹਨ ਪਰ ਸਰਕਾਰ ਲਗਾਤਾਰ ਲਾਅਰੇ 'ਤੇ ਲਾਗੇ ਲਗਾ ਰਹੀ ਹੈ ਤੇ ਉਨ੍ਹਾਂ ਦੀ ਮੰਗਾਂ ਦਾ ਹੱਲ ਨਹੀਂ ਕੀਤਾ ਜਾ ਰਿਹਾ | ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਵਲੋਂ ਸਿਹਤ ਵਿਭਾਗ ਦੇ ਕੰਮਾਂ ਦਾ ਮੁਕੰਮਲ ਬਾਈਕਾਟ ਕਰਕੇ 25 ਅਗਸਤ ਤੋਂ 31 ਅਗਸਤ ਤੱਕ ਕਮਿਊਨਿਟੀ ਦੀ ਹੈਲਥ ਸੈਂਟਰ ਵਿਖੇ ਧਰਨਾ ਪ੍ਰਦਰਸ਼ਨ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ | ਅੱਜ ਪੰਜਵੇਂ ਦਿਨ ਵੀ ਕਮਿਊਨਿਟੀ ਹੈਲਥ ਵਿਖੇ ਸਮੂਹ ਆਸ਼ਾ ਵਰਕਰਾਂ ਵਲੋਂ ਕੰਮਕਾਜ ਠੱਪ ਕਰਕੇ ਆਪਣੀਆਂ ਜਾਇਜ਼ ਮੰਗਾਂ ਨੂੰ ਮਨਵਾਉਣ ਲਈ ਧਰਨਾ ਪ੍ਰਦਰਸ਼ਨ ਕੀਤਾ ਗਿਆ ਤੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਪ੍ਰਧਾਨ ਪਰਮਜੀਤ ਕੌਰ ਨੇ ਕਿਹਾ ਕਿ ਜੇਕਰ 31 ਅਗਸਤ ਤੋਂ ਪਹਿਲਾਂ ਸਰਕਾਰ ਵਲੋਂ ਉਨ੍ਹਾਂ ਦੀ ਯੂਨੀਅਨ ਦੇ ਨਾਲ ਮੀਟਿੰਗ ਨਹੀਂ ਕੀਤੀ ਗਈ ਤਾਂ 31 ਅਗਸਤ ਨੂੰ ਮੁੱਖ ਮੰਤਰੀ ਦੇ ਹਲਕੇ ਸੰਗਰੂਰ 'ਚ 31 ਅਗਸਤ ਨੂੰ ਰੋਸ ਰੈਲੀ ਕੀਤੀ ਜਾਵੇਗੀ | ਜੇਕਰ ਫਿਰ ਵੀ ਹੱਲ ਨਾ ਹੋਇਆ ਤਾਂ ਪੱਕੇ ਮੋਰਚੇ ਦਾ ਐਲਾਨ ਕੀਤਾ ਜਾਵੇਗਾ |