ਫ਼ਿਰੋਜ਼ਪੁਰ, 20 ਸਤੰਬਰ (ਰਾਕੇਸ਼ ਚਾਵਲਾ)- ਐੱਸ.ਡੀ.ਐਮ. ਫ਼ਿਰੋਜ਼ਪੁਰ ਅਮਨਦੀਪ ਅਤੇ ਮੁੱਖ ਖੇਤੀਬਾੜੀ ਅਫ਼ਸਰ ਰਣਧੀਰ ਸਿੰਘ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਜਾਗਰੂਕਤਾ ਵੈਨ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਿਰੋਜ਼ਪੁਰ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ | ਐੱਸ.ਡੀ.ਐਮ. ਅਮਨਦੀਪ ਨੇ ਦੱਸਿਆ ਕਿ ਪੰਜਾਬ 'ਚ ਪਰਾਲੀ ਨੂੰ ਅੱਗ ਲਾਉਣ ਦੇ ਕੇਸਾਂ ਨੂੰ ਰੋਕਣ ਲਈ ਸਮੇਂ-ਸਮੇਂ 'ਤੇ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵਲੋਂ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਜਾਗਰੂਕ ਕੀਤਾ ਜਾਂਦਾ ਹੈ | ਇਸੇ ਲੜੀ 'ਚ ਫ਼ਿਰੋਜ਼ਪੁਰ ਵਿਖੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸੰਬੰਧੀ ਜਾਗਰੂਕ ਕਰਨ ਲਈ ਜਾਗਰੂਕਤਾ ਵੈਨ ਚਲਾਈ ਗਈ ਹੈ | ਉਨ੍ਹਾਂ ਦੱਸਿਆ ਕਿ ਇਹ ਜਾਗਰੂਕਤਾ ਵੈਨ ਫ਼ਿਰੋਜ਼ਪੁਰ ਤੇ ਘੱਲ ਖ਼ੁਰਦ ਬਲਾਕ ਦੇ ਵੱਖ-ਵੱਖ ਪਿੰਡਾਂ 'ਚ ਜਾ ਕੇ ਕਿਸਾਨਾਂ ਨੂੰ ਜਾਗਰੂਕ ਕਰੇਗੀ | ਇਸ ਵੈਨ ਰਾਹੀਂ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਹੋਣ ਵਾਲੇ ਜ਼ਮੀਨੀ ਨੁਕਸਾਨ ਤੇ ਵਾਤਾਵਰਨ ਦੇ ਪ੍ਰਦੂਸ਼ਣ ਬਾਰੇ ਜਾਗਰੂਕ ਕੀਤਾ ਜਾਵੇਗਾ | ਇਸ ਤੋਂ ਇਲਾਵਾ ਪਰਾਲੀ ਨੂੰ ਸਾੜਨ ਦੀ ਬਜਾਏ ਖੇਤੀਬਾੜੀ ਵਿਭਾਗ ਵਲੋਂ ਸਿਫ਼ਾਰਿਸ਼ ਕੀਤੇ ਸੰਦਾਂ ਦੀ ਵਰਤੋਂ ਕਰਕੇ ਪਰਾਲੀ ਦਾ ਕਿਸ ਤਰ੍ਹਾਂ ਸਹੀ ਢੰਗ ਨਾਲ ਨਿਪਟਾਰਾ ਕੀਤਾ ਜਾ ਸਕਦਾ, ਉਸ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ | ਪਰਾਲੀ ਨੂੰ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੂਰੇ ਜ਼ਿਲ੍ਹੇ 'ਚ ਨੋਡਲ ਅਫ਼ਸਰ ਵੀ ਤਾਇਨਾਤ ਕੀਤੇ ਗਏ ਹਨ, ਜੋ ਕਿ ਆਪਣੇ ਇਲਾਕਿਆਂ ਵਿਚ ਵਿਸ਼ੇਸ਼ ਨਿਗਰਾਨੀ ਕਰਨਗੇ | ਮੁੱਖ ਖੇਤੀਬਾੜੀ ਅਫ਼ਸਰ ਰਣਧੀਰ ਸਿੰਘ ਨੇ ਦੱਸਿਆ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਖੇਤੀਬਾੜੀ ਵਿਭਾਗ ਵਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਤਹਿਤ ਫ਼ਿਰੋਜ਼ਪੁਰ ਦੇ ਵੱਖ-ਵੱਖ ਬਲਾਕਾਂ ਵਿਚ ਜਾਗਰੂਕਤਾ ਵੈਨਾਂ ਚਲਾਈਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਨਾ ਸਿਰਫ਼ ਜ਼ਮੀਨੀ ਨੁਕਸਾਨ ਤੇ ਪ੍ਰਦੂਸ਼ਣ ਹੁੰਦਾ ਹੈ ਬਲਕਿ ਇਹ ਮਨੁੱਖੀ ਸਿਹਤ ਲਈ ਵੀ ਹਾਨੀਕਾਰਕ ਹੈ | ਪਰਾਲੀ ਦੇ ਧੂੰਏਾ ਨਾਲ ਲੋਕਾਂ ਨੂੰ ਸਾਹ ਸਬੰਧੀ ਬਿਮਾਰੀਆਂ ਹੋਣ ਦਾ ਖ਼ਤਰਾ ਬਣਿਆ ਰਹਿੰਦਾ ਹੈ | ਪਰਾਲੀ ਸਾੜਨ ਨਾਲ ਜਿੱਥੇ ਅਗਜ਼ਨੀ ਦੀਆਂ ਘਟਨਾਵਾਂ ਵਾਪਰਦੀਆਂ ਹਨ ਉੱਥੇ ਹੀ ਪਸ਼ੂ ਪੰਛੀਆਂ ਲਈ ਵੀ ਪਰਾਲੀ ਦਾ ਧੂੰਆਂ ਨੁਕਸਾਨਦਾਇਕ ਹੈ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਸਾੜਨ ਦੀ ਬਜਾਏ ਉਸ ਦਾ ਸਹੀ ਢੰਗ ਨਾਲ ਨਿਪਟਾਰਾ ਕਰਨ | ਇਸ ਮੌਕੇ ਖੇਤੀਬਾੜੀ ਅਫ਼ਸਰ ਨੀਰਜ ਕੁਮਾਰ, ਸਹਾਇਕ ਖੇਤੀਬਾੜੀ ਇੰਜੀਨੀਅਰ ਸਤਿੰਦਰਪਾਲ ਸਿੰਘ ਵੀ ਮੌਜੂਦ ਸਨ |