19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਹਰਿਆਣਾ ਵਿਚ ਹੜ੍ਹ ਵਰਗੇ ਹਾਲਾਤ ਪਰ ਭਾਜਪਾ ਸਰਕਾਰ ਨੂੰ ਨਹੀਂ ਕੋਈ ਪ੍ਰਵਾਹ-ਕੁਮਾਰੀ ਸ਼ੈਲਜਾ

ਅਜੀਤ ਡੈਸਕ 31-08-2025
ਸਿਰਸਾ, 30 ਅਗਸਤ (ਭੁਪਿੰਦਰ ਪੰਨੀਵਾਲੀਆ)-ਸਿਰਸਾ ਤੋਂ ਸੰਸਦ ਮੈਂਬਰ ਕੁਮਾਰੀ ਸ਼ੈਲਜਾ ਨੇ ਕਿਹਾ ਕਿ ਸੂਬੇ ਵਿਚ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ ਪਰ ਭਾਜਪਾ ਸਰਕਾਰ ਨੂੰ ਇਸ ਦੀ ਕੋਈ ਪ੍ਰਵਾਹ ਨਹੀਂ ਹੈ | ਰਾਜ ਦੇ 20 ਜ਼ਿਲਿ੍ਹਆਂ ਵਿਚ ਆਫ਼ਤ ਪ੍ਰਬੰਧਨ ਵਿਭਾਗ ਦਾ ਕੋਈ ਜ਼ਿਲ੍ਹਾ ਪ੍ਰੋਜੈਕਟ ਅਫਸਰ ਹੀ ਨਹੀਂ ਹੈ | ਅਸਾਮੀਆਂ ਖਾਲੀ ਹੋਣ ਕਾਰਨ ਆਫ਼ਤ ਪ੍ਰਬੰਧਨ ਦਾ ਬਜਟ ਖਰਚ ਨਹੀਂ ਹੋ ਰਿਹਾ, ਜਿਸ ਕਾਰਨ ਲੋਕਾਂ ਦੀ ਜਾਨ ਨੂੰ ਖ਼ਤਰਾ ਹੈ | ਉਨ੍ਹਾਂ ਕਿਹਾ ਕਿ ਸਾਲ 2022 ਵਿੱਚ ਰਾਜ ਸਰਕਾਰ ਦੇ ਆਫ਼ਤ ਪ੍ਰਬੰਧਨ ਵਿਭਾਗ ਵਿਚ ਜ਼ਿਲ੍ਹਾ ਪ੍ਰਾਜੈਕਟ ਅਫਸਰ ਦੀ ਭਰਤੀ ਲਈ ਇਸ਼ਤਿਹਾਰ ਜਾਰੀ ਕੀਤਾ ਗਿਆ ਸੀ, ਪਰ ਉਸ ਤੋਂ ਬਾਅਦ ਹੁਣ ਤੱਕ ਇਸ ਭਰਤੀ ਸੰਬੰਧੀ ਕੋਈ ਪ੍ਰਕਿਰਿਆ ਨਹੀਂ ਕੀਤੀ ਗਈ | ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਰਾਜ ਸਰਕਾਰ ਕੁਦਰਤੀ ਆਫ਼ਤਾਂ ਦੇ ਜੋਖਮ ਤੋਂ ਲੋਕਾਂ ਨੂੰ ਬਚਾਉਣ ਪ੍ਰਤੀ ਬਿਲਕੁਲ ਵੀ ਗੰਭੀਰ ਨਹੀਂ ਹੈ | ਕੁਮਾਰੀ ਸ਼ੈਲਜਾ ਸਥਾਨਕ ਰੈਸਟ ਹਾਊਸ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣ ਰਹੇ ਸਨ | ਉਨ੍ਹਾਂ ਕਿਹਾ ਕਿ ਇਸ ਵਾਰ ਬਾਰਿਸ਼ ਜ਼ਿਆਦਾ ਹੋਈ ਹੈ, ਇਸ ਲਈ ਸਰਕਾਰ ਨੂੰ ਪਹਿਲਾਂ ਤੋਂ ਪ੍ਰਬੰਧ ਕਰਨੇ ਚਾਹੀਦੇ ਸਨ | ਲੋਕਾਂ ਨੂੰ ਹਰ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਕਈ ਇਲਾਕਿਆਂ ਵਿਚ ਪੀਣ ਵਾਲੇ ਪਾਣੀ ਦੀ ਸਮੱਸਿਆ ਹੈ | ਉਨ੍ਹਾਂ ਨੇ ਕਿਹਾ ਕਿ ਭਾਜਪਾ ਸਰਕਾਰ ਵਿਦਿਆਰਥੀਆਂ, ਖਿਡਾਰੀਆਂ, ਕਿਸਾਨਾਂ ਤੇ ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਕੋਈ ਹੱਲ ਨਹੀਂ ਕਰ ਰਹੀ ਹੈ | ਸਰਕਾਰ ਲੋਕਾਂ ਨੂੰ ਸਹੂਲਤਾਂ ਪ੍ਰਦਾਨ ਕਰਨ ਵਿਚ ਅਸਫਲ ਸਾਬਤ ਹੋ ਰਹੀ ਹੈ | ਇਸ ਦੇ ਉਲਟ, ਕਈ ਤਰ੍ਹਾਂ ਦੀਆਂ ਅਜਿਹੀਆਂ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ ਜੋ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੋਰ ਵੀ ਵਧਾ ਰਹੀਆਂ ਹਨ | ਇਸ ਤੋਂ ਪਹਿਲਾਂ ਉਨ੍ਹਾਂ ਨੇ ਘੱਗਰ ਨਦੀ ਦੇ ਪਾਣੀ ਦਾ ਜਾਇਜ਼ਾ ਲਿਆ ਤੇ ਪਿੰਡਾਂ ਦੇ ਲੋਕਾਂ ਨਾਲ ਗੱਲਬਾਤ ਕੀਤੀ | ਉਨ੍ਹਾਂ ਨੇ ਲੋਕਾਂ ਭਰੋਸਾ ਦਿੱਤਾ ਕਿ ਸਾਰਿਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਰਕਾਰ ਨੂੰ ਪੱਤਰ ਲਿਖਿਆ ਜਾਵੇਗਾ |
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਸਕੂਲ ਖੇਡ ਮੁਕਾਬਲੇ 'ਚ ਸਾਹੂਵਾਲਾ ਸੈਕਿੰਡ ਦੀ ਟੀਮ ਰਹੀ ਅੱਵਲ ਅਗਲੀ ਖ਼ਬਰ ਪਾਣੀ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਸਰਕਾਰ ਨੇ ਮੁਆਵਜ਼ਾ ਪੋਰਟਲ ਖੋਲਿ੍ਹਆ-ਡੀ. ਸੀ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।