ਯਮੁਨਾਨਗਰ, 20 ਸਤੰਬਰ (ਗੁਰਦਿਆਲ ਸਿੰਘ ਨਿਮਰ)- ਯਮੁਨਾਨਗਰ ਦੇ ਵਿਧਾਇਕ ਘਣਸ਼ਿਆਮ ਦਾਸ ਅਰੋੜਾ ਵਲੋਂ ਸਥਾਨਕ ਮੁਕੰਦ ਲਾਲ ਸਿਵਲ ਹਸਪਤਾਲ ਦਾ ਅਚਨਚੇਤ ਨਿਰੀਖਣ ਕੀਤਾ ਗਿਆ | ਵਿਧਾਇਕ ਅਰੋੜਾ ਦੇ ਇਸ ਦੌਰੇ ਕਾਰਨ ਹਸਪਤਾਲ ਪ੍ਰਸ਼ਾਸਨ ਤੇ ਸਟਾਫ਼ 'ਚ ਹਫੜਾ-ਦਫੜੀ ਮਚ ਗਈ | ਇਸ ਮੌਕੇ ਵਿਧਾਇਕ ਅਰੜਾ ਨੇ ਸਭ ਤੋਂ ਪਹਿਲਾਂ ਸਟਾਫ ਦੇ ਹਾਜ਼ਰੀ ਰਜਿਸਟਰਾਂ ਦੀ ਜਾਂਚ ਕੀਤੀ, ਜਿਸ ਦੌਰਾਨ ਕਈ ਕਰਮਚਾਰੀ ਗੈਰ-ਹਾਜ਼ਰ ਪਾਏ ਗਏ | ਇਸ 'ਤੇ ਉਨ੍ਹਾਂ ਆਪਣੀ ਨਾਰਾਜ਼ਗੀ ਪ੍ਰਗਟ ਕਰਦਿਆਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਅਜਿਹੇ ਕਰਮਚਾਰੀਆਂ ਨੂੰ ਨੋਟਿਸ ਜਾਰੀ ਕਰਨ ਦੇ ਨਿਰਦੇਸ਼ ਦਿੱਤੇ | ਇਸ ਤੋਂ ਬਾਅਦ ਵਿਧਾਇਕ ਅਰੋੜਾ ਨੇ ਹਸਪਤਾਲ 'ਚ ਦਾਖਲ ਮਰੀਜ਼ਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਜਾਣੀਆਂ | ਉਨ੍ਹਾਂ ਮਰੀਜ਼ਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਤੋਂ ਹਸਪਤਾਲ 'ਚ ਉਪਲੱਬਧ ਸਹੂਲਤਾਂ ਤੇ ਇਲਾਜ ਦੀ ਗੁਣਵੱਤਾ ਬਾਰੇ ਵੀ ਵਿਸਥਾਰ 'ਚ ਜਾਣਕਾਰੀ ਹਾਸਲ ਕੀਤੀ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮਰੀਜ਼ਾਂ ਨੂੰ ਸਰਕਾਰੀ ਯੋਜਨਾਵਾਂ ਤੇ ਸਹੂਲਤਾਂ ਦਾ ਲਾਭ ਸਮੇਂ ਸਿਰ ਮਿਲਣਾ ਚਾਹੀਦਾ ਹੈ ਤੇ ਇਸ ਦੌਰਾਨ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਇਸ ਮੌਕੇ ਵਿਧਾਇਕ ਅਰੋੜਾ ਨੇ ਹਸਪਤਾਲ ਦੀ ਸਫ਼ਾਈ ਵਿਵਸਥਾ ਦਾ ਵੀ ਨਿਰੀਖਣ ਕੀਤਾ | ਉਨ੍ਹਾਂ ਹਸਪਤਾਲ ਦੇ ਅਹਾਤੇ ਤੇ ਵਾਰਡਾਂ 'ਚ ਗੰਦਗੀ ਪਾਏ ਜਾਣ 'ਤੇ ਆਪਣੀ ਨਾਰਾਜ਼ਗੀ ਪ੍ਰਗਟ ਕਰਦਿਆਂ ਅਧਿਕਾਰੀਆਂ ਨੂੰ ਸਫਾਈ ਵਿਵਸਥਾ ਨੂੰ ਤੁਰੰਤ ਸੁਧਾਰਨ ਦੇ ਸਪੱਸ਼ਟ ਨਿਰਦੇਸ਼ ਦਿੱਤੇ ਤਾਂ ਜੋ ਮਰੀਜ਼ਾਂ ਤੇ ਉਨ੍ਹਾਂ ਦੇ ਨਾਲ ਆਉਣ ਵਾਲੇ ਪਰਿਵਾਰਕ ਮੈਂਬਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਹਸਪਤਾਲ ਇਕ ਅਜਿਹੀ ਥਾਂ ਹੈ ਜਿਥੇ ਮਰੀਜ਼ ਇਲਾਜ ਤੇ ਦੇਖਭਾਲ ਲਈ ਆਉਂਦੇ ਹਨ, ਲਿਹਾਜ਼ਾ ਸਫ਼ਾਈ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ | ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਹਦਾਇਤ ਵੀ ਕੀਤੀ ਕਿ ਮਰੀਜ਼ਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ ਤੇ ਦਵਾਈਆਂ ਅਤੇ ਟੈਸਟਿੰਗ ਸਹੂਲਤਾਂ ਸਮੇਂ ਸਿਰ ਉਪਲੱਬਧ ਕਰਵਾਈਆਂ ਜਾਣ | ਵਿਧਾਇਕ ਅਰੋੜਾ ਨੇ ਸਪੱਸ਼ਟ ਕੀਤਾ ਕਿ ਸਰਕਾਰ ਸਿਹਤ ਸੇਵਾਵਾਂ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ ਤੇ ਇਨ੍ਹਾਂ ਯਤਨਾਂ ਨੂੰ ਜ਼ਮੀਨੀ ਪੱਧਰ 'ਤੇ ਸਫਲ ਬਣਾਉਣਾ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਜ਼ਿੰਮੇਵਾਰੀ ਹੈ | ਨਿਰੀਖਣ ਮੌਕੇ ਮੌਜੂਦ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਭਰੋਸਾ ਦਿੱਤਾ ਕਿ ਸਫ਼ਾਈ ਪ੍ਰਣਾਲੀ ਨੂੰ ਬਿਹਤਰ ਬਣਾ ਕੇ ਤੇ ਹੋਰ ਕਮੀਆਂ ਨੂੰ ਦੂਰ ਕਰਕੇ ਹਸਪਤਾਲ ਦੇ ਪ੍ਰਬੰਧਾਂ 'ਚ ਸੁਧਾਰ ਕੀਤਾ ਜਾਵੇਗਾ |