ਜਲੰਧਰ, 29 ਅਗਸਤ (ਜਸਪਾਲ ਸਿੰਘ)-ਸੀਨੀਅਰ ਅਕਾਲੀ ਆਗੂ ਤੇ ਸਾਬਕਾ ਪ੍ਰਧਾਨ ਜ਼ਿਲ੍ਹਾ ਯੂਥ ਅਕਾਲੀ ਦਲ ਜਲੰਧਰ ਹਰਿੰਦਰ ਸਿੰਘ ਢੀਂਡਸਾ ਨੇ ਪੰਜਾਬ 'ਚ ਹੜ੍ਹਾਂ ਦੀ ਲਗਾਤਾਰ ਗੰਭੀਰ ਹੁੰਦੀ ਜਾ ਰਹੀ ਸਥਿਤੀ 'ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਸਮੂਹ ਪੰਜਾਬੀਆਂ ਨੂੰ ਇਸ ਨਾਜ਼ੁਕ ਘੜੀ 'ਚ ਇਕਜੁੱਟ ਹੋਣ ਅਤੇ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਉਣ ਦਾ ਸੱਦਾ ਦਿੱਤਾ ਹੈ | ਉਨ੍ਹਾਂ ਕਿਹਾ ਕਿ ਅੱਜ ਅੱਧੇ ਤੋਂ ਵੱਧ ਪੰਜਾਬ ਹੜ੍ਹਾਂ ਦੇ ਪਾਣੀ ਨਾਲ ਡੁੱਬਿਆ ਹੋਇਆ ਹੈ ਤੇ ਲੋਕਾਂ ਨੂੰ ਆਪਣੇ ਘਰ-ਬਾਰ ਛੱਡ ਕੇ ਸੁਰੱਖਿਅਤ ਥਾਵਾਂ 'ਤੇ ਜਾਣ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ | ਇਸ ਦੇ ਨਾਲ ਹੀ ਮਾਲ ਡੰਗਰ ਦਾ ਵੀ ਬਹੁਤ ਬੁਰਾ ਹਾਲ ਹੈ ਪਰ ਸਰਕਾਰ ਵਲੋਂ ਕੀਤੇ ਜਾ ਰਹੇ ਰਾਹਤ ਕਾਰਜ ਤੇ ਪ੍ਰਬੰਧ ਨਾਕਾਫੀ ਹਨ | ਉਨ੍ਹਾਂ ਕਿਹਾ ਕਿ ਅੱਜ ਵੀ ਵੱਡੀ ਗਿਣਤੀ 'ਚ ਲੋਕ ਸਰਕਾਰ ਦੀ ਮਦਦ ਦੀ ਉਡੀਕ 'ਚ ਹਨ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਕੇ ਉਨ੍ਹਾਂ ਦੀ ਹਰ ਤਰ੍ਹਾਂ ਨਾਲ ਮਦਦ ਕੀਤੀ ਜਾ ਰਹੀ ਹੈ |