ਜਲੰਧਰ, 29 ਅਗਸਤ (ਜਸਪਾਲ ਸਿੰਘ)-ਰਾਜਪੂਤ ਕਲਿਆਣ ਬੋਰਡ ਦੇ ਵਾਈਸ ਚੇਅਰਮੈਨ ਅਤੇ ਉੱਘੇ ਕਾਰੋਬਾਰੀ ਬਲਬੀਰ ਸਿੰਘ ਚੌਹਾਨ ਨੇ ਸੂਬੇ 'ਚ ਹੜ੍ਹਾਂ ਦੀ ਬਣੀ ਗੰਭੀਰ ਸਥਿਤੀ 'ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਸਮੂਹ ਰਾਜਸੀ ਪਾਰਟੀਆਂ ਨੂੰ ਇਸ ਸੰਕਟ ਦੀ ਘੜੀ 'ਚ ਸਿਆਸਤ ਕਰਨ ਦੀ ਬਜਾਏ ਲੋਕਾਂ ਦੀ ਮਦਦ ਕਰਨ ਦੀ ਅਪੀਲ ਕੀਤੀ ਹੈ | ਉਨ੍ਹਾਂ ਕਿਹਾ ਕਿ ਇਹ ਸਮਾਂ ਸਿਆਸਤ ਦਾ ਨਹੀਂ ਬਲਕਿ ਹੜ੍ਹ ਪੀੜਤਾਂ ਦੀ ਬਾਂਹ ਫੜਨ ਦੀ ਲੋੜ ਹੈ | ਸ. ਚੌਹਾਨ ਨੇ ਕਿਹਾ ਕਿ ਅੱਜ ਹਾਲਾਤ ਇਹ ਹਨ ਕਿ ਰਾਜਸੀ ਪਾਰਟੀਆਂ ਵਲੋਂ ਹੜ੍ਹ ਪੀੜਤਾਂ ਦੀ ਮਦਦ ਕਰਨ ਦੀ ਬਜਾਏ ਇਕ ਦੂਸਰੇ 'ਤੇ ਦੋਸ਼ ਲਗਾਉਣ ਦੀ ਰਾਜਨੀਤੀ ਕੀਤੀ ਜਾ ਰਹੀ ਹੈ ਪਰ ਲੋੜ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਦੀ ਹੈ | ਉਨ੍ਹਾਂ ਕਿਹਾ ਕਿ ਇਸ ਸੰਕਟ ਦੀ ਘੜੀ 'ਚ ਸਮੂਹ ਪੰਜਾਬੀਆਂ ਨੂੰ ਵੀ ਆਪਸੀ ਮਤਭੇਦ ਭੁਲਾ ਕੇ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ |