24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਵੰਗਲ ਤੇ ਲੁਬਾਣਿਆਂਵਾਲੀ ਦਾ ਕਰੀਬ 500 ਏਕੜ ਰਕਬਾ ਪਾਣੀ ਦੀ ਮਾਰ ਹੇਠ ਆਇਆ

ਅਜੀਤ ਡੈਸਕ 30-08-2025
ਸ੍ਰੀ ਮੁਕਤਸਰ ਸਾਹਿਬ, 29 ਅਗਸਤ (ਰਣਜੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਲੁਬਾਣਿਆਂਵਾਲੀ ਤੇ ਵੰਗਲ ਵਿਖੇ ਕਰੀਬ 500 ਏਕੜ ਫ਼ਸਲ ਹੜ੍ਹਾਂ ਦੀ ਮਾਰ ਹੇਠ ਆਉਣ ਕਰਕੇ ਤਬਾਹ ਹੋ ਗਈ ਹੈ | ਪਹਿਲਾਂ ਹੀ ਆਰਥਿਕ ਸੰਕਟ ਦੇ ਝੰਬੇ ਕਿਸਾਨਾਂ ਦੇ ਚਿਹਰੇ ਮੁਰਝਾਏ ਹੋਏ ਹਨ, ਪਰ ਸਿੱਤਮ ਜਰੀਫ਼ੀ ਇਹ ਹੈ ਕਿ ਕਿਸੇ ਵੀ ਪਾਰਟੀ ਦੇ ਨੇਤਾ ਜਾਂ ਸਿਵਲ ਪ੍ਰਸ਼ਾਸਨ ਅਧਿਕਾਰੀਆਂ ਦੇ ਕੰਨ 'ਤੇ ਜੂੰਅ ਤੱਕ ਨਹੀਂ ਸਰਕੀ ਤੇ ਅਧਿਕਾਰੀ ਕੁੰਭਕਰਨ ਦੀ ਨੀਂਦ ਸੁੱਤੇ ਪਏ ਹਨ | ਇਹ ਵਿਚਾਰ ਇਥੇ 'ਅਜੀਤ' ਨਾਲ ਗੱਲਬਾਤ ਕਰਦਿਆਂ ਨਵੇਂ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਡੈਲੀਗੇਟ ਤੇ ਸਾਬਕਾ ਜ਼ਿਲ੍ਹਾ ਜਨਰਲ ਸਕੱਤਰ ਸ਼ਮਿੰਦਰ ਸਿੰਘ ਸੰਧੂ ਨੇ ਪ੍ਰਗਟ ਕੀਤੇ | ਵੱਖ-ਵੱਖ ਪਿੰਡਾਂ ਦਾ ਦੌਰਾ ਕਰਨ ਉਪਰੰਤ ਸ. ਸੰਧੂ ਨੇ ਦੱਸਿਆ ਕਿ ਪਿੰਡ ਵੰਗਲ ਤੇ ਲੁਬਾਣਿਆਂਵਾਲੀ ਦੇ ਕਿਸਾਨਾਂ ਵਲੋਂ ਆਪਣੇ ਪੱਧਰ 'ਤੇ ਪੈਸੇ ਇਕੱਠੇ ਕਰਕੇ ਮਸ਼ੀਨਾਂ ਦਾ ਇੰਤਜਾਮ ਕੀਤਾ ਹੈ ਅਤੇ ਦਿਨ-ਰਾਤ ਕੰਮ ਕਰ ਰਹੇ ਹਨ | ਉਨ੍ਹਾਂ ਨਾਰਾਜ਼ਗੀ ਪ੍ਰਗਟ ਕਰਦਿਆਂ ਕਿਹਾ ਕਿ ਵੰਗਲ ਤੇ ਲੁਬਾਣਿਆਂਵਾਲੀ ਤੋਂ ਇਲਾਵਾ ਨਾਲ ਦੇ ਪਿੰਡ ਵੀ ਪਾਣੀ ਦੀ ਮਾਰ ਹੇਠ ਆ ਚੁੱਕੇ ਹਨ, ਪਰ ਸਰਕਾਰ ਤੇ ਪ੍ਰਸ਼ਾਸਨ ਦਾ ਕੋਈ ਵੀ ਅਧਿਕਾਰੀ ਨਹੀਂ ਆਇਆ | ਉਨ੍ਹਾਂ ਮੰਗ ਕੀਤੀ ਕਿ ਪ੍ਰਸ਼ਾਸਨ ਆਪਣੀ ਬਣਦੀ ਜ਼ਿੰਮੇਵਾਰੀ ਨਿਭਾਏ, ਤਾਂ ਜੋ ਲੋਕਾਂ ਨੂੰ ਕੁਝ ਰਾਹਤ ਮਿਲ ਸਕੇ | ਇਸ ਮੌਕੇ ਗੁਰਨਾਮ ਸਿੰਘ, ਹਰਜੀਤ ਸਿੰਘ ਮੈਂਬਰ ਪੰਚਾਇਤ ਲੁਬਾਣਿਆਂਵਾਲੀ, ਕਿਰਤੀ ਕਿਸਾਨ ਯੂਨੀਅਨ ਦੇ ਆਗੂ ਦਵਿੰਦਰ ਸਿੰਘ, ਰਣਜੀਤ ਸਿੰਘ ਤੇ ਸੁਖਦੇਵ ਸਿੰਘ ਵੰਗਲ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਸਿਵਲ ਹਸਪਤਾਲ ਵਲੋਂ ਡੇਂਗੂ ਤੋਂ ਬਚਾਅ ਲਈ ਗਤੀਵਿਧੀਆਂ ਅਗਲੀ ਖ਼ਬਰ ਸਰਕਾਰੀ ਕਾਲਜ ਵਿਖੇ ਕੌਮੀ ਖੇਡ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।