ਫ਼ਰੀਦਕੋਟ, 20 ਸਤੰਬਰ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਪੀੜਤ ਵਿਆਹੁਤਾ ਦੀ ਸ਼ਿਕਾਇਤ ਦੇ ਆਧਾਰ 'ਤੇ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਅਤੇ ਘਰੋਂ ਕੱਢਣ ਦੇ ਦੋਸ਼ਾਂ ਤਹਿਤ ਉਸ ਦੇ ਪਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਹਾਲ ਦੀ ਘੜੀ ਪੁਲਿਸ ਵਲੋਂ ਕਥਿਤ ਦੋਸ਼ੀ ਦੀ ਗਿ੍ਫ਼ਤਾਰੀ ਨਹੀਂ ਕੀਤੀ ਗਈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ | ਪ੍ਰਾਪਤ ਸੂਚਨਾ ਅਨੁਸਾਰ ਕੋਮਲ ਪਤਨੀ ਮੋਹਿਤ ਕੁਮਾਰ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ ਸੀ ਕਿ ਉਸ ਦਾ ਪਤੀ ਉਸ ਨੂੰ ਦਾਜ ਲਈ ਤੰਗ ਪ੍ਰੇਸ਼ਾਨ ਕਰਦਾ ਰਹਿੰਦਾ ਸੀ, ਜਿਸ ਨੇ ਉਸ ਨੂੰ ਅਪ੍ਰੈਲ ਮਹੀਨੇ ਕੁੱਟਮਾਰ ਕਰਕੇ ਘਰੋਂ ਕੱਢ ਦਿੱਤਾ ਸੀ ਅਤੇ ਉਸ ਦਾ ਇਸਤਰੀ ਧੰਨ ਵੀ ਨਹੀਂ ਦਿੱਤਾ | ਸਹਾਇਕ ਥਾਣੇਦਾਰ ਠਾਣਾ ਸਿੰਘ ਪੀੜਤ ਵਿਆਹੁਤਾ ਦੀ ਦਰਖਾਸਤ 'ਤੇ ਕੀਤੀ ਗਈ ਮੁੱਢਲੀ ਪੜਤਾਲ ਤੋਂ ਬਾਅਦ ਉਸ ਦੇ ਪਤੀ ਮੋਹਿਤ ਵਰਮਾ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ |