ਬਰੇਟਾ, 30 ਅਗਸਤ (ਜੀਵਨ ਸ਼ਰਮਾ)- ਪਿੰਡ ਕਿਸ਼ਨਗੜ੍ਹ ਵਿਖੇ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਵਲੋਂ ਜਥੇਬੰਦੀ ਦੇ ਸੂਬਾ ਸਕੱਤਰ ਕੁਲਵੰਤ ਸਿੰਘ ਕਿਸ਼ਨਗੜ੍ਹ 'ਤੇ ਹੋਏ ਹਮਲੇ ਦੇ ਰੋਸ ਵਜੋਂ ਵੱਡਾ ਇਕੱਠ ਕੀਤਾ ਗਿਆ | ਬੁਲਾਰਿਆਂ ਨੇ ਮੰਗ ਕੀਤੀ ਗਈ ਕਿ ਹਮਲੇ ਦੇ ਦੋਸ਼ੀਆਂ ਨੂੰ ਜਲਦ ਗਿ੍ਫ਼ਤਾਰ ਕੀਤਾ ਜਾਵੇ | ਜਥੇਬੰਦੀ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਕਿਹਾ ਕਿ ਕਿਸਾਨ ਆਗੂਆਂ 'ਤੇ ਹਮਲੇ ਬਰਦਾਸ਼ਤ ਨਹੀਂ ਕੀਤੇ ਜਾਣਗੇ ਅਤੇ ਲੋਕ ਸ਼ਕਤੀ ਦੇ ਜ਼ੋਰ 'ਤੇ ਗੁੰਡਾਗਰਦੀ ਦੀਆਂ ਘਟਨਾਵਾਂ ਦਾ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਪ੍ਰਸ਼ਾਸਨ ਵਲੋਂ ਕੋਈ ਕਾਰਵਾਈ ਨਾ ਕੀਤੀ ਗਈ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ | ਇਕੱਠ ਨੂੰ ਡਕੌਂਦਾ (ਬੁਰਜ ਗਿੱਲ) ਦੇ ਲਛਮਣ ਸਿੰਘ ਚੱਕ ਅਲੀਸ਼ੇਰ, ਭਾਕਿਯੂ (ਲੱਖੋਵਾਲ) ਦੇ ਪ੍ਰਸ਼ੋਤਮ ਸਿੰਘ ਗਿੱਲ, ਜਮਹੂਰੀ ਕਿਸਾਨ ਸਭਾ ਦੇ ਅਮਰੀਕ ਸਿੰਘ ਫਫੜੇ, ਭਾਕਿਯੂ (ਆਜ਼ਾਦ) ਦੇ ਜਰਨੈਲ ਸਿੰਘ, ਟੀ.ਐਸ.ਯੂ. ਦੇ ਜਸਪਾਲ ਸਿੰਘ ਬਿੱਟੂ, ਕੁੱਲ ਹਿੰਦ ਕਿਸਾਨ ਸਭਾ ਦੇ ਸੀਤਾ ਰਾਮ, ਭਾਕਿਯੂ (ਡਕੌਂਦਾ) ਦੇ ਸੂਬਾਈ ਆਗੂ ਅਮਨਦੀਪ ਸਿੰਘ, ਜਗਰਾਜ ਸਿੰਘ ਹਰਦਾਸਪੁਰਾ, ਲਖਵੀਰ ਸਿੰਘ ਅਕਲੀਆ, ਤਾਰਾ ਚੰਦ ਬਰੇਟਾ, ਮੱਖਣ ਸਿੰਘ ਭੈਣੀਬਾਘਾ ਆਦਿ ਨੇ ਸੰਬੋਧਨ ਕੀਤਾ |