ਕਪੂਰਥਲਾ, 29 ਅਗਸਤ (ਵਿ.ਪ੍ਰ.)-ਸ਼ੋ੍ਰਮਣੀ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤਨਵੀਰ ਸਿੰਘ ਰੰਧਾਵਾ ਨੇ ਇਕ ਬਿਆਨ ਵਿਚ ਪੰਜਾਬੀ ਯੂਨੀਵਰਸਿਟੀ ਵਲੋਂ ਉੱਘੇ ਸਿੱਖ ਵਿਦਵਾਨ ਭਾਈ ਕਾਹਨ ਸਿੰਘ ਨਾਭਾ ਵਲੋਂ ਰਚਿਤ ਗੁਰੂ ਸ਼ਬਦ ਰਤਨਾਕਰ 'ਮਹਾਨਕੋਸ਼' ਦੀ ਬੇਅਦਬੀ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ | ਉਨ੍ਹਾਂ ਕਿਹਾ ਕਿ ਅਜਿਹਾ ਕਰਕੇ ਯੂਨੀਵਰਸਿਟੀ ਪ੍ਰਬੰਧਨ ਨੇ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਕੀਤਾ ਹੈ | ਉਨ੍ਹਾਂ ਕਿਹਾ ਕਿ ਇਸ ਮਹਾਨਕੋਸ਼ ਨੂੰ ਮਿੱਟੀ ਵਿਚ ਦੱਬਣ ਦੀ ਕੀਤੀ ਗਈ ਕੋਸ਼ਿਸ਼ ਦਾ ਸਿੱਖ ਵਿਦਵਾਨਾਂ ਤੇ ਸਿੱਖ ਸੰਸਥਾਵਾਂ ਨੇ ਸਖ਼ਤ ਵਿਰੋਧ ਕੀਤਾ ਹੈ | ਉਨ੍ਹਾਂ ਕਿਹਾ ਕਿ ਜੇਕਰ ਯੂਨੀਵਰਸਿਟੀ ਪ੍ਰਸ਼ਾਸਨ ਨੇ ਤਰੁੱਟੀਆਂ ਨਾਲ ਪ੍ਰਕਾਸ਼ਿਤ ਕੀਤੇ ਸਿੱਖ ਸਾਹਿਤ ਦੀ ਸਸਕਾਰ ਸੇਵਾ ਕਰਨੀ ਸੀ ਤਾਂ ਇਸ ਲਈ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸੰਪਰਕ ਕਰਕੇ ਲੋੜੀਂਦੇ ਪ੍ਰਬੰਧ ਕਰਨੇ ਚਾਹੀਦੇ ਸਨ ਤੇ ਸਿੱਖ ਰਿਵਾਇਤ ਤੇ ਮਰਿਆਦਾ ਦੇ ਉਲਟ ਕਿਸੇ ਵੀ ਕਾਰਵਾਈ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਸੀ | ਉਨ੍ਹਾਂ ਕਿਹਾ ਕਿ ਇਹ ਮਹਾਨ ਕੋਸ਼ ਸਿੱਖ ਸਾਹਿਤ ਦਾ ਮਹਾਨ ਖਜਾਨਾ ਹੈ, ਜੋ ਸਿੱਖ ਇਤਿਹਾਸ ਦੀ ਖੋਜ ਵਿਚ ਦਿਲਚਸਪੀ ਰੱਖਣ ਵਾਲੇ ਖੋਜਾਰਥੀਆਂ ਨੂੰ ਅੱਜ ਵੀ ਅਗਵਾਈ ਪ੍ਰਦਾਨ ਕਰਦਾ ਹੈ |