ਸੁਲਤਾਨਪੁਰ ਲੋਧੀ, 29 ਅਗਸਤ (ਥਿੰਦ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਮਹਾਨ ਕੋਸ਼ ਨੂੰ ਜ਼ਮੀਨ ਹੇਠਾਂ ਦੱਬ ਕੇ ਕੀਤੀ ਗਈ ਬੇਅਦਬੀ ਦੀ ਨਿੰਦਾ ਕਰਦਿਆਂ ਹਲਕਾ ਸੁਲਤਾਨਪੁਰ ਲੋਧੀ ਤੋਂ ਸੀਨੀਅਰ ਅਕਾਲੀ ਆਗੂ ਇੰਜੀਨੀਅਰ ਸਵਰਨ ਸਿੰਘ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਰੂਹੀ ਨੇ ਕਿਹਾ ਕਿ ਇਹ ਪਾਵਨ ਗੁਰਬਾਣੀ ਅਤੇ ਸਿੱਖ ਸਾਹਿਤ ਪ੍ਰਤੀ ਆਦਰ ਸਨਮਾਨ ਰੱਖਣਾ ਹਰ ਸੰਸਥਾ ਦੀ ਜ਼ਿੰਮੇਵਾਰੀ ਹੈ | ਉਨ੍ਹਾਂ ਨੇ ਕਿਹਾ ਕਿ ਮਹਾਨ ਕੋਸ਼ ਕੋਈ ਸਿਰਫ਼ ਕਿਤਾਬ ਨਹੀਂ ਸਗੋਂ ਇਹ ਸਿੱਖ ਕੌਮ ਦੀ ਵਿਰਾਸਤ ਹੈ | ਜਿਨ੍ਹਾਂ ਦਾ ਸਹੀ ਮਰਿਆਦਾ ਨਾਲ ਸਨਮਾਨ ਕੀਤਾ ਜਾਣਾ ਚਾਹੀਦਾ ਹੈ | ਉਨ੍ਹਾਂ ਨੇ ਕਿਹਾ ਕਿ ਇਸ ਵਿਚ ਗੁਰਬਾਣੀ ਦੀਆਂ ਪਾਵਨ ਪੰਗਤੀਆਂ ਤੇ ਸਿੱਖ ਇਤਿਹਾਸ ਦੇ ਸਿਧਾਂਤਾਂ ਬਾਰੇ ਜਾਣਕਾਰੀ ਦਰਜ ਹੈ | ਇਸ ਲਈ ਹਰੇਕ ਦਾ ਫਰਜ਼ ਬਣਦਾ ਹੈ ਕਿ ਸਿੱਖ ਭਾਵਨਾਵਾਂ ਦਾ ਖ਼ਿਆਲ ਰੱਖੇ | ਉਨ੍ਹਾਂ ਨੇ ਕਿਹਾ ਕਿ ਜੇਕਰ ਯੂਨੀਵਰਸਿਟੀ ਨੂੰ ਗਲਤੀਆਂ ਵਾਲੇ ਮਹਾਨ ਕੋਸ਼ ਦੇ ਕੁਝ ਅੰਕ ਖ਼ਤਮ ਕਰਨ ਦੀ ਲੋੜ ਸੀ ਤਾਂ ਇਸ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸੰਪਰਕ ਕੀਤਾ ਜਾਣਾ ਚਾਹੀਦਾ ਸੀ | ਉਨ੍ਹਾਂ ਨੇ ਕਿਹਾ ਕਿ ਯੂਨੀਵਰਸਿਟੀ ਵੱਲੋਂ ਕੀਤੀ ਗਈ ਕਾਰਵਾਈ ਧਾਰਮਿਕ ਮਰਿਆਦਾ ਅਤੇ ਸਿੱਖ ਰੀਤੀ ਦੀ ਅਣਦੇਖੀ ਹੈ ਜਿਸ ਨਾਲ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਗਹਿਰਾ ਝਟਕਾ ਲੱਗਾ ਹੈ |