ਕਪੂਰਥਲਾ, 29 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਲੈ ਕੇ ਤਲਵੰਡੀ ਚੌਧਰੀਆਂ ਪੁਲ ਤੱਕ ਸੜਕ ਦੀ ਤਰਸਯੋਗ ਹਾਲਤ ਲਈ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਜ਼ਿੰਮੇਵਾਰ ਠਹਿਰਾਇਆ | ਉਨ੍ਹਾਂ ਕਿਹਾ ਕਿ ਅੱਜ ਜਦੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਸਬੰਧੀ ਸ਼ੋ੍ਰਮਣੀ ਕਮੇਟੀ ਵਲੋਂ ਨਗਰ ਕੀਰਤਨ ਸਜਾਇਆ ਗਿਆ ਤਾਂ ਉਸ ਸਮੇਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੋਂ ਤਲਵੰਡੀ ਚੌਧਰੀਆਂ ਪੁਲ ਤੱਕ ਸੜਕ ਦੀ ਮਾੜੀ ਹਾਲਤ ਕਾਰਨ ਮੈਟ ਵਿਛਾਉਣਾ ਪਿਆ | ਸ਼ੋ੍ਰਮਣੀ ਕਮੇਟੀ ਦੇ ਸਕੱਤਰ ਨੇ ਕਿਹਾ ਕਿ ਨਗਰ ਕੀਰਤਨ ਕੱਢੇ ਜਾਣ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਅਵਤਾਰ ਸਿੰਘ ਨੇ ਡਿਪਟੀ ਕਮਿਸ਼ਨਰ ਕਪੂਰਥਲਾ ਤੇ ਹੋਰ ਅਧਿਕਾਰੀਆਂ ਨਾਲ ਵਿਸ਼ੇਸ਼ ਤੌਰ 'ਤੇ ਮੀਟਿੰਗ ਕਰਕੇ ਮੰਗ ਕੀਤੀ ਕਿ ਨਗਰ ਕੀਰਤਨ ਤੋਂ ਪਹਿਲਾਂ-ਪਹਿਲਾਂ ਸੜਕ ਦੀ ਮੁਰੰਮਤ ਯਕੀਨੀ ਬਣਾਈ ਜਾਵੇ ਤੇ ਅਧਿਕਾਰੀਆਂ ਵਲੋਂ ਦਿੱਤੇ ਗਏ ਭਰੋਸੇ ਦੇ ਬਾਵਜੂਦ ਵੀ ਸੜਕ ਦੀ ਸਥਿਤੀ ਵਿਚ ਕੋਈ ਸੁਧਾਰ ਨਹੀਂ ਹੋਇਆ ਤੇ ਇਸ ਸੜਕ ਵਿਚ ਅਜੇ ਵੀ ਟੋਏ ਪਏ ਹਨ, ਜਿਸ ਕਾਰਨ ਦੂਰ ਦਰਾਜ ਤੋਂ ਸ਼ਹਿਰ ਵਿਚਲੇ ਇਤਿਹਾਸਕ ਗੁਰਦੁਆਰਿਆਂ ਵਿਚ ਨਤਮਸਤਕ ਹੋਣ ਵਾਲੀਆਂ ਸੰਗਤਾਂ ਪ੍ਰਸ਼ਾਸਨ ਤੇ ਸਰਕਾਰ ਨੂੰ ਕੋਸ ਰਹੀਆਂ ਹਨ | ਉਨ੍ਹਾਂ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਜ਼ੋਰ ਦੇ ਕੇ ਕਿਹਾ ਕਿ ਸੁਲਤਾਨਪੁਰ ਲੋਧੀ ਸ਼ਹਿਰ ਵਿਚਲੇ ਇਤਿਹਾਸਕ ਸਥਾਨਾਂ ਦੀ ਮਹੱਤਤਾ ਨੂੰ ਮੁੱਖ ਰੱਖਦਿਆਂ ਬਿਨ੍ਹਾਂ ਦੇਰੀ ਸੜਕ ਦੀ ਮੁਰੰਮਤ ਕਰਵਾਈ ਜਾਵੇ |