22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਸੰਤ ਸੀਚੇਵਾਲ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਹੜ੍ਹਾਂ ਨੂੰ ਕੌਮੀ ਆਫ਼ਤ ਐਲਾਨਣ ਦੀ ਕੀਤੀ ਮੰਗ ਕੇਂਦਰ ਸਰਕਾਰ ਕੋਲ ਪੰਜਾਬ ਦਾ ਮਜ਼ਬੂਤੀ ਨਾਲ ਪੱਖ ਰੱਖਣ ਲਈ ਮੁੱਖ ਮੰਤਰੀ ਨੂੰ ਵੀ ਲਿਖਿਆ ਪੱਤਰ

ਅਜੀਤ ਡੈਸਕ 30-08-2025
ਸੁਲਤਾਨਪੁਰ ਲੋਧੀ, 29 ਅਗਸਤ (ਨਰੇਸ਼ ਹੈਪੀ, ਥਿੰਦ)-ਹੜ੍ਹ ਨਾਲ ਪੰਜਾਬ ਦੀ ਵੱਡੇ ਪੱਧਰ ਤੇ ਹੋਈ ਤਬਾਹੀ ਨੂੰ ਦੇਖਦਿਆਂ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਇਸ ਨੂੰ ਕੌਮੀ ਆਫ਼ਤ ਐਲਾਨਿਆ ਜਾਵੇ | ਉਨ੍ਹਾਂ ਆਪਣੇ ਪੱਤਰ ਵਿਚ ਲਿਖਿਆ ਹੈ ਕਿ ਹਿਮਾਚਲ ਪ੍ਰਦੇਸ਼ ਅਤੇ ਜੰਮੂ ਕਸ਼ਮੀਰ ਵਿਚ ਬੱਦਲ ਫਟਣ ਨਾਲ ਭਾਰੀ ਜਾਨੀ ਤੇ ਮਾਲੀ ਨੁਕਸਾਨ ਹੋਇਆ ਹੈ | ਉਨ੍ਹਾਂ ਆਪਣੇ ਪੱਤਰ ਵਿਚ ਇਹ ਵੀ ਲਿਖਿਆ ਹੈ ਕਿ ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਵਿਚ ਪਏ ਮੀਂਹ ਨੇ ਵੀ ਸਥਿਤੀ ਨੂੰ ਗੰਭੀਰ ਕੀਤਾ ਹੈ | ਉਨ੍ਹਾਂ ਆਪਣੇ ਪੱਤਰ ਰਾਹੀ ਮੀਡੀਆ ਰਿਪੋਰਟਾਂ ਦਾ ਹਵਾਲਾ ਦਿੰਦਿਆਂ ਦੱਸਿਆ ਕਿ ਪੰਜਾਬ ਦੇ 500 ਦੇ ਕਰੀਬ ਪਿੰਡ, 300 ਸਰਕਾਰੀ ਸਕੂਲ ਅਤੇ 3 ਲੱਖ ਕਿਸਾਨਾਂ ਦੀ ਫ਼ਸਲ ਹੜ੍ਹਾਂ ਦੀ ਮਾਰ ਹੇਠ ਆਈ ਹੋਈ ਹੈ | 26 ਅਗਸਤ ਦੀ ਰਾਤ ਨੂੰ ਰਾਵੀ ਦਰਿਆ ਵਿਚ 14.11 ਲੱਖ ਕਿਊਸਿਕ ਦਾ ਵਹਾਅ ਸੀ, ਜਦਕਿ 1988 ਵਿਚ ਰਾਵੀ ਵਿਚ ਇਹ 11.20 ਲੱਖ ਕਿਊਸਿਕ ਪਾਣੀ ਸੀ | ਸੰਤ ਸੀਚੇਵਾਲ ਨੇ ਕਿਹਾ ਕਿ ਬਿਆਸ ਦਰਿਆ ਵਿਚ ਵੀ ਇਸ ਵਾਰ 2.5 ਤੋਂ 3 ਲੱਖ ਕਿਊਸਿਕ ਤੱਕ ਪਾਣੀ ਵੱਗ ਚੁੱਕਾ ਹੈ | ਉਨ੍ਹਾਂ ਪੱਤਰ ਰਾਹੀ ਦੱਸਿਆ ਕਿ ਮੌਜੂਦਾ ਪਾਣੀ ਦੇ ਵਹਾਅ ਨੇ ਪੰਜਾਬ ਵਿਚ ਪਿਛਲੇ ਸਾਰੇ ਰਿਕਾਰਡ ਤੋੜ ਦਿੱਤੇ ਹਨ | ਸੰਤ ਸੀਚੇਵਾਲ ਨੇ ਪੱਤਰ ਰਾਹੀ ਦੱਸਿਆ ਕਿ ਬਿਆਸ ਦਰਿਆ ਦੇ ਪਾਣੀ ਨੇ ਕਿਸਾਨਾਂ ਦੀ ਹਜ਼ਾਰਾਂ ਏਕੜ ਫ਼ਸਲ ਤਬਾਹ ਕਰਕੇ ਰੱਖ ਦਿੱਤੀ ਹੈ | ਇਸ ਸਮੇਂ ਪੰਜਾਬ ਦੇ ਮਾਝਾ, ਮਾਲਵਾ ਤੇ ਦੁਆਬਾ ਤਿੰਨੇ ਖੇਤਰ ਬੁਰੀ ਤਰ੍ਹਾਂ ਨਾਲ ਹੜ੍ਹ ਨਾਲ ਪ੍ਰਭਾਵਿਤ ਹੋਏ ਹਨ | ਗੁਰਦਾਸਪੁਰ, ਪਠਾਨਕੋਟ, ਅੰਮਿ੍ਤਸਰ, ਤਰਨ-ਤਾਰਨ, ਕਪੂਰਥਲਾ, ਫਿਰੋਜ਼ਪੁਰ ਅਤੇ ਫਾਜ਼ਿਲਕਾ ਜ਼ਿਲ੍ਹੇ ਹੜ੍ਹ ਦੀ ਭਿਆਨਕ ਸਥਿਤੀ ਨਾਲ ਜੂਝ ਰਹੇ ਹਨ | ਉਨ੍ਹਾਂ ਪੱਤਰ ਰਾਹੀ ਕਿਹਾ ਕਿ ਦੇਸ਼ ਤੇ ਖਾਸ ਕਰ ਪੰਜਾਬ ਦੇ ਕਿਸਾਨਾਂ ਨੇ ਹਮੇਸ਼ਾ ਹੀ ਅਨਾਜ ਦੇ ਪੱਖ ਤੋਂ ਦੇਸ਼ ਦੇ ਅੰਨ੍ਹ ਭੰਡਾਰ ਭਰਨ ਵਿਚ ਮੋਹਰੀ ਭੂਮਿਕਾ ਨਿਭਾਈ ਹੈ | ਪੰਜਾਬ ਦੇ ਕਿਸਾਨ ਅਤੇ ਜਵਾਨ ਹਮੇਸ਼ਾ ਹੀ ਦੇਸ਼ ਹਿੱਤ ਲਈ ਲੜਦੇ ਅਤੇ ਖੜਦੇ ਆ ਰਹੇ ਹਨ | ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੇ ਇਸ ਪੱਤਰ ਦਾ ਇੱਕ ਉਤਾਰਾ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੂੰ ਲਿਖਦਿਆਂ ਮੰਗ ਕੀਤੀ ਹੈ ਕਿ ਉਹ ਮਜ਼ਬੂਤੀ ਨਾਲ ਕੇਂਦਰ ਕੋਲ ਪੰਜਾਬ ਦਾ ਪੱਖ ਰੱਖਣ ਹੈ | ਉਨ੍ਹਾਂ ਪੱਤਰ ਰਾਹੀ ਮੁੱਖ ਮੰਤਰੀ ਨੂੰ ਵੀ ਅਪੀਲ ਕੀਤੀ ਹੈ ਕਿ ਹੜ੍ਹਾਂ ਦੀ ਸਥਿਤੀ ਬਾਰੇ ਪੰਜਾਬ ਸਰਕਾਰ ਵੱਲੋਂ ਵੀ ਪੱਤਰ ਲਿਖ ਕੇ ਭਾਰਤ ਸਰਕਾਰ ਨੂੰ ਤੱਥਾਂ ਸਮੇਤ ਆਪਣਾ ਪੱਖ ਰੱਖਿਆ ਜਾਵੇ, ਕਿ ਕਿਵੇਂ ਹਿਮਾਚਲ ਪ੍ਰਦੇਸ਼ ਸਮੇਤ ਹੋਰ ਪਹਾੜੀ ਇਲਾਕਿਆਂ ਵਿਚ ਪੈ ਰਹੇ ਮੋਹਲੇਧਾਰ ਮੀਹਾਂ ਦਾ ਪਾਣੀ ਪੰਜਾਬ ਦੇ ਦਰਿਆਵਾਂ ਵਿਚ ਆ ਕੇ ਭਾਰੀ ਤਬਾਹੀ ਮਚਾ ਰਿਹਾ ਹੈ | ਜਿਸ ਨਾਲ ਇਸ ਗੰਭੀਰ ਸਥਿਤੀ ਨਾਲ ਜੂਝ ਰਹੇ ਸੂਬੇ ਦੇ ਕਿਸਾਨਾਂ, ਮਜ਼ਦੂਰਾਂ ਅਤੇ ਹੋਰ ਪੀੜਤ ਲੋਕਾਂ ਨੂੰ ਸਹੀ ਤੇ ਉਚਿੱਤ ਮੁਆਵਜ਼ਾ ਮਿਲ ਸਕੇ ਤੇ ਇਸ ਮੁਆਵਜ਼ੇ ਨੂੰ ਵਧੀ ਹੋਈ ਮਹਿੰਗਾਈ ਦੇ ਸੂਚਕ ਅੰਕ ਨਾਲ ਜੋੜ ਕੇ ਇਸ ਵਿਚ ਵਾਧਾ ਕੀਤਾ ਜਾਵੇ | ਗੱਲਬਾਤ ਦੌਰਾਨ ਸੰਤ ਸੀਚੇਵਾਲ ਨੇ ਆਪਣੀ ਇਸ ਮੰਗ ਨੂੰ ਦੁਹਰਾਇਆ ਕਿ ਮੁਆਵਜ਼ਾ ਕਾਸ਼ਤਕਾਰਾਂ ਨੂੰ ਮਿਲਣਾ ਚਾਹੀਦਾ ਹੈ |
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਦੀ ਹੜ੍ਹ ਦੀ ਸਥਿਤੀ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਮੀਟਿੰਗ 1 ਸਤੰਬਰ ਨੂੰ -ਰਸ਼ਪਾਲ ਸਿੰਘ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਅਹੁਦੇਦਾਰਾਂ ਤੇ ਅਧਿਕਾਰੀਆਂ ਨੇ ਰਾਹਤ ਕਾਰਜਾਂ ਦਾ ਲਿਆ ਜਾਇਜ਼ਾ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਮਿਲ ਕੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।