ਕਪੂਰਥਲਾ, 29 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਕਿਰਤੀ ਕਿਸਾਨ ਯੂਨੀਅਨ ਦੀ ਜ਼ਿਲ੍ਹਾ ਕਪੂਰਥਲਾ ਇਕਾਈ ਨੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਬਲਵਿੰਦਰ ਸਿੰਘ ਭੁੱਲਰ ਦੀ ਅਗਵਾਈ ਵਿਚ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਡਿਪਟੀ ਕਮਿਸ਼ਨਰ ਕਪੂਰਥਲਾ ਨੂੰ ਇਕ ਮੰਗ-ਪੱਤਰ ਦਿੱਤਾ, ਜਿਸ ਵਿਚ ਮੰਗ ਕੀਤੀ ਗਈ ਕਿ ਹੜ੍ਹਾਂ ਦੀ ਮਾਰ ਹੇਠ ਆਏ ਇਲਾਕਿਆਂ ਦੇ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਵਿਸ਼ੇਸ਼ ਗਿਰਦਾਵਰੀ ਬਿਨ੍ਹਾਂ ਕਿਸੇ ਪੱਖਪਾਤ ਦੇ ਕਰਵਾਈ ਜਾਵੇ ਤੇ ਗਿਰਦਾਵਰੀ ਦੀ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਹੜ੍ਹਾਂ ਦੌਰਾਨ ਹੋਈ ਕਿਸੇ ਵੀ ਵਿਅਕਤੀ ਦੀ ਮੌਤ ਲਈ ਉਸ ਦੇ ਪਰਿਵਾਰਕ ਮੈਂਬਰਾਂ ਨੂੰ 20 ਲੱਖ ਰੁਪਏ, ਫ਼ਸਲਾਂ ਦੇ ਖ਼ਰਾਬੇ ਲਈ 50 ਹਜ਼ਾਰ ਰੁਪਏ ਪ੍ਰਤੀ ਏਕੜ ਤੇ ਪ੍ਰਭਾਵਿਤ ਮਜ਼ਦੂਰਾਂ ਤੇ ਹੋਰ ਵਰਗਾਂ ਦੇ ਲੋਕਾਂ ਨੂੰ 25 ਹਜ਼ਾਰ ਰੁਪਏ, ਹੜ੍ਹ ਵਿਚ ਰੁੜੇ੍ਹ ਦੁਧਾਰੂ ਪਸ਼ੂਆਂ ਦੇ ਮਾਲਕਾਂ ਨੂੰ 1 ਲੱਖ ਰੁਪਏ ਤੇ ਹੋਰ ਛੋਟੇ ਡੰਗਰਾਂ ਲਈ 20 ਤੋਂ ਲੈ ਕੇ 50 ਹਜ਼ਾਰ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ | ਮੰਗ ਪੱਤਰ ਦੇਣ ਤੋਂ ਬਾਅਦ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਹੜ੍ਹ ਕਾਰਨ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਦੇ ਲੋਕ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ, ਇਸ ਲਈ ਸਰਕਾਰ ਨੂੰ ਲੋਕਾਂ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਮੁਆਵਜ਼ਾ ਨੀਤੀ ਬਣਾਉਣ, ਮੁਆਵਜ਼ਾ ਦੀ ਪ੍ਰਕਿਰਿਆ ਸਮਾਂਬੱਧ ਕਰਨ ਤੇ ਜਿਨ੍ਹਾਂ ਥਾਵਾਂ 'ਤੇ ਦਰਿਆਵਾਂ ਦੇ ਅਕਸਰ ਬੰਨ੍ਹ ਟੁੱਟਦੇ ਹਨ, ਉਨ੍ਹਾਂ ਥਾਵਾਂ ਦੀ ਨਿਸ਼ਾਨਦੇਹੀ ਕਰਕੇ ਤਕਨੀਕੀ ਮਾਹਿਰਾਂ ਦੀ ਸਹਾਇਤਾ ਨਾਲ ਆਉਣ ਵਾਲੇ ਸਮੇਂ ਵਿਚ ਬੰਨ੍ਹ ਮਜ਼ਬੂਤ ਕੀਤੇ ਜਾਣ | ਹੜ੍ਹਾਂ ਦੇ ਸਥਾਈ ਹੱਲ ਲਈ ਹਰੇਕ ਖੇਤ ਤੇ ਹਰ ਘਰ ਨੂੰ ਪੀਣ ਵਾਲਾ ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ ਨਹਿਰੀ ਢਾਂਚੇ ਦਾ ਵਿਸਥਾਰ ਤੇ ਮਜ਼ਬੂਤੀ ਕਰਨ ਤੇ ਪੰਜਾਬ ਦੇ ਪਾਣੀਆਂ ਦਾ ਮਾਮਲਾ ਰਿਪੇਰੀਅਨ ਸਿਧਾਂਤ ਅਨੁਸਾਰ ਹੱਲ ਕਰਕੇ ਹੈੱਡ ਵਰਕਸ ਕੰਟਰੋਲ ਪੰਜਾਬ ਹਵਾਲੇ ਕਰਨ, ਦਰਿਆਵਾਂ ਵਿਚ ਸਾਰਾ ਸਾਲ ਘੱਟੋ ਘੱਟ ਇਕ ਸਾਰ ਮਾਤਰਾ ਵਿਚ ਪਾਣੀ ਦਾ ਵਹਿਣ ਲਾਜ਼ਮੀ ਰੱਖਣ, ਭਾਰਤ ਮਾਲਾ ਪ੍ਰੋਜੈਕਟ ਤਹਿਤ ਸੜਕਾਂ ਸਮੇਤ ਹੋਰ ਸ਼ਾਹਰਾਹਾਂ ਤੇ ਿਲੰਕ ਸੜਕਾਂ ਵਿਚ ਕੁਦਰਤੀ ਸਥਾਨਾਂ ਦੀ ਨਿਸ਼ਾਨਦੇਹੀ ਕਰਕੇ ਪਾਣੀ ਦੇ ਢੁਕਵੇਂ ਨਿਕਾਸ ਦਾ ਪ੍ਰਬੰਧ ਕਰਨ ਸਮੇਤ ਹੋਰ ਮੰਗਾਂ ਮੰਨਣ 'ਤੇ ਜ਼ੋਰ ਦਿੱਤਾ ਗਿਆ | ਮੰਗ ਪੱਤਰ ਦੇਣ ਮੌਕੇ ਯੂਨੀਅਨ ਦੇ ਜ਼ਿਲ੍ਹਾ ਪ੍ਰੈੱਸ ਸਕੱਤਰ ਕੁਲਵਿੰਦਰ ਸਿੰਘ ਭੰਡਾਲ, ਜ਼ਿਲ੍ਹੇ ਦੇ ਮੀਤ ਪ੍ਰਧਾਨ ਗੁਰਦਿਆਲ ਸਿੰਘ, ਨਡਾਲਾ ਬਲਾਕ ਪ੍ਰਧਾਨ ਜਗਜੀਤ ਸਿੰਘ ਮੁੱਦੋਵਾਲ, ਸ਼ੀਤਲ ਸਿੰਘ ਸੰਗੋਜਲਾ, ਦਿਲਬਾਗ ਸਿੰਘ ਨੂਰਪੁਰ ਰਾਜਪੂਤਾਂ, ਕੱਕਾ ਸਿੰਘ ਸੰਗੋਜਲਾ, ਤੀਰਥ ਸਿੰਘ ਮੰਡ ਸੰਗੋਜਲਾ, ਮਲਕੀਤ ਸਿੰਘ ਧਾਲੀਵਾਲ ਬੇਟ, ਮਹਿੰਦਰ ਸਿੰਘ ਬੂਹ, ਸਤਨਾਮ ਸਿੰਘ ਜੈਪੀ ਆਦਿ ਹਾਜ਼ਰ ਸਨ |