ਸੁਲਤਾਨਪੁਰ ਲੋਧੀ, (ਨਰੇਸ਼ ਹੈਪੀ, ਥਿੰਦ)- ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿਚੋਂ ਅਜੇ ਵੀ ਬਾਹਰ ਨਹੀਂ ਆਏ ਲੋਕਾਂ ਨੂੰ ਘਰੋਂ-ਘਰੀ ਰਾਸ਼ਨ ਤੇ ਹੋਰ ਜ਼ਰੂਰੀ ਸਾਮਾਨ ਮੁਹੱਈਆ ਕਰਵਾਇਆ ਜਾ ਰਿਹਾ ਹੈ | ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਇਕੱਲੇ ਸੁਲਤਾਨਪੁਰ ਲੋਧੀ ਦੇ ਪ੍ਰਭਾਵਿਤ ਪਿੰਡਾਂ ਵਿਚੋਂ 240 ਪਰਿਵਾਰਾਂ ਦੇ ਲਗਭਗ 1200 ਦੇ ਕਰੀਬ ਪਰਿਵਾਰਕ ਮੈਂਬਰਾਂ ਨੂੰ ਸੁਰੱਖਿਅਤ ਬਾਹਰ ਲਿਆਂਦਾ ਗਿਆ ਹੈ | ਉਨ੍ਹਾਂ ਕਿਹਾ ਕਿ ਕੁਝ ਲੋਕ ਅਜੇ ਵੀ ਆਪਣੇ ਘਰਾਂ ਵਿਚ ਮੌਜੂਦ ਹਨ, ਜਿਸ ਦੇ ਮੱਦੇਨਜ਼ਰ ਪ੍ਰਸ਼ਾਸਨ ਵਲੋਂ ਐਸ.ਡੀ.ਆਰ.ਐਫ. ਦੀਆਂ ਕਿਸ਼ਤੀਆਂ ਰਾਹੀਂ ਉਨ੍ਹਾਂ ਤੱਕ ਪਹੁੰਚ ਕੀਤੀ ਜਾ ਰਹੀ ਹੈ | ਐਸ.ਡੀ.ਐਮ. ਅਲਕਾ ਕਾਲੀਆ ਦੀ ਅਗਵਾਈ ਵਿਚ 3 ਵੱਖ-ਵੱਖ ਟੀਮਾਂ ਵੱਲੋਂ 97 ਰਾਸ਼ਨ ਕਿੱਟਾਂ ਦੀ ਵੰਡ ਕੀਤੀ ਗਈ | ਉਨ੍ਹਾਂ ਆਪ ਵੱਖ-ਵੱਖ ਘਰਾਂ ਵਿਚ ਜਾ ਕੇ ਲੋਕਾਂ ਨਾਲ ਦਰਦ ਵੰਡਾਇਆ ਤੇ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ | ਇਸ ਤੋਂ ਇਲਾਵਾ ਅੱਜ ਸਿਹਤ ਵਿਭਾਗ ਦੀਆਂ ਵੱਖ-ਵੱਖ ਟੀਮਾਂ ਵਲੋਂ ਵੀ ਸੁਲਤਾਨਪੁਰ ਲੋਧੀ ਦੇ ਪ੍ਰਭਾਵਿਤ ਪਿੰਡਾਂ ਵਿਚ ਜਾ ਕੇ ਲੋਕਾਂ ਦੀ ਸਿਹਤ ਦੀ ਜਾਂਚ ਕੀਤੀ ਗਈ ਤੇ ਦਵਾਈਆਂ ਦਿੱਤੀਆਂ ਗਈਆਂ | ਪਿੰਡ ਬਾਊਪੁਰ ਦੇ ਪ੍ਰਤਾਪ ਸਿੰਘ ਨੇ ਦੱਸਿਆ ਕਿ ਪ੍ਰਸ਼ਾਸਨ ਵਲੋਂ ਉਨ੍ਹਾਂ ਨੂੰ ਬੀਤੇ ਕੱਲ੍ਹ ਤੇ ਅੱਜ ਵੀ ਲੋੜੀਂਦਾ ਰਾਸ਼ਨ ਤੇ ਦਵਾਈਆਂ ਦਿੱਤੀਆਂ ਗਈਆਂ ਹਨ | ਇਸ ਤੋਂ ਇਲਾਵਾ ਪਸ਼ੂ ਧਨ ਲਈ ਵੀ ਜ਼ਰੂਰੀ ਟੀਕਾਕਰਨ ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ ਵਲੋਂ ਘਰ-ਘਰ ਜਾ ਕੇ ਕੀਤਾ ਜਾ ਰਿਹਾ ਹੈ | ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਵਲੋਂ ਅਜੇ ਵੀ ਹੜ੍ਹਾਂ ਪ੍ਰਭਾਵਿਤ ਖੇਤਰਾਂ 'ਚ ਰਹਿ ਰਹੇ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਆਉਣ ਦੀ ਅਪੀਲ ਕੀਤੀ ਗਈ ਹੈ |