15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਨਿਗਮ ਮੁਲਾਜ਼ਮਾਂ ਦੀ ਹੜਤਾਲ ਕਾਰਨ ਦਫ਼ਤਰੀ ਕੰਮ ਤੇ ਸ਼ਹਿਰ ਵਿਚੋਂ ਕੂੜਾ ਚੁੱਕਣ ਦਾ ਕੰਮ ਠੱਪ

ਅਜੀਤ ਡੈਸਕ 21-09-2025
ਕਪੂਰਥਲਾ, 20 ਸਤੰਬਰ (ਅਮਰਜੀਤ ਕੋਮਲ)-ਨਗਰ ਪਾਲਿਕਾ ਕਰਮਚਾਰੀ ਸੰਗਠਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਹੜਤਾਲ ਦੇ ਚੌਥੇ ਦਿਨ ਵੀ ਮੁਲਾਜ਼ਮਾਂ ਨੇ ਨਿਗਮ ਦਫ਼ਤਰ ਮੂਹਰੇ ਧਰਨਾ ਦੇ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ | ਮੁਲਾਜ਼ਮਾਂ ਦੀ ਹੜਤਾਲ ਕਾਰਨ ਨਿਗਮ ਦੀਆਂ ਵੱਖ-ਵੱਖ ਬਰਾਂਚਾਂ ਦੇ ਕੰਮਾਂ ਤੋਂ ਇਲਾਵਾ ਸ਼ਹਿਰ ਵਿਚ ਕੂੜਾ ਚੁੱਕਣ ਦਾ ਕੰਮ ਠੱਪ ਹੋ ਕਿ ਰਹਿ ਗਿਆ ਹੈ ਜਿਸ ਕਾਰਨ ਸ਼ਹਿਰ ਦੇ ਵੱਖ-ਵੱਖ ਥਾਵਾਂ 'ਤੇ ਵੱਧ ਰਹੇ ਕੂੜੇ ਦੇ ਢੇਰਾਂ ਕਾਰਨ ਲੋਕ ਪੰਜਾਬ ਸਰਕਾਰ ਤੇ ਨਗਰ ਨਿਗਮ ਨੂੰ ਕੋਸ ਰਹੇ ਹਨ | ਧਰਨੇ ਨੂੰ ਸੰਬੋਧਨ ਕਰਦਿਆਂ ਸੰਗਠਨ ਦੇ ਪ੍ਰਧਾਨ ਗੋਪਾਲ ਥਾਪਰ ਨੇ ਪੰਜਾਬ ਸਰਕਾਰ 'ਤੇ ਦੋਸ਼ ਲਗਾਇਆ ਕਿ ਸਰਕਾਰ ਸਫ਼ਾਈ ਕਰਮਚਾਰੀਆਂ ਦੇ ਭਵਿੱਖ ਨੂੰ ਦਾਅ 'ਤੇ ਲਗਾਕੇ ਦਿੱਲੀ ਦੀ ਇਕ ਕੰਪਨੀ ਦੇ ਹਵਾਲੇ ਸਭ ਕੁੱਝ ਕਰਨ ਜਾ ਰਹੀ ਹੈ | ਜਿਸਨੂੰ ਸੰਗਠਨ ਬਰਦਾਸ਼ਤ ਨਹੀਂ ਕਰੇਗਾ ਤੇ ਜਿੰਨੀ ਦੇਰ ਤੱਕ ਸਰਕਾਰ ਇਸ ਕੰਪਨੀ ਨੂੰ ਦਿੱਤਾ ਗਿਆ ਟੈਂਡਰ ਰੱਦ ਨਹੀਂ ਕਰਦੀ, ਨਿਗਮ ਦੇ ਮੁਲਾਜ਼ਮ ਆਪਣਾ ਸੰਘਰਸ਼ ਜਾਰੀ ਰੱਖਣਗੇ | ਜਿਸਤੋਂ ਹੋਣ ਵਾਲੇ ਨੁਕਸਾਨ ਦੀ ਜ਼ਿੰਮੇਵਾਰੀ ਸਰਕਾਰ ਤੇ ਨਿਗਮ ਦੀ ਹੋਵੇਗੀ | ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਕੂੜੇ ਦੇ ਢੇਰ ਲੱਗਣ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਆ ਰਹੀ ਹੈ | ਜਿਸ ਲਈ ਨਿਗਮ ਦੇ ਸਫ਼ਾਈ ਕਰਮਚਾਰੀ ਨਹੀਂ ਸਗੋਂ ਸਰਕਾਰ ਤੇ ਨਗਰ ਨਿਗਮ ਪ੍ਰਸ਼ਾਸਨ ਜ਼ਿੰਮੇਵਾਰ ਹੈ | ਉਨ੍ਹਾਂ ਕਿਹਾ ਕਿ ਨਿਗਮ ਦੇ ਮੁਲਾਜ਼ਮ ਜੋ ਅਣਮਿੱਥੇ ਸਮੇਂ ਦੀ ਹੜਤਾਲ 'ਤੇ ਹਨ ਤੇ ਸੋਮਵਾਰ ਨੂੰ ਮੁੜ ਆਪਣਾ ਧਰਨਾ ਨਿਰੰਤਰ ਜਾਰੀ ਰੱਖਣਗੇ | ਉਨ੍ਹਾਂ ਭਰਾਤਰੀ ਜਥੇਬੰਦੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਨਿਗਮ ਵਲੋਂ 33 ਕਰੋੜ ਰੁਪਏ ਦਾ ਦਿੱਲੀ ਦੀ ਕੰਪਨੀ ਨੂੰ ਦਿੱਤਾ ਗਿਆ ਟੈਂਡਰ ਰੱਦ ਕਰਵਾਉਣ ਵਿਚ ਉਨ੍ਹਾਂ ਦੀ ਮਦਦ ਕਰਨ | ਇਸੇ ਦੌਰਾਨ ਹੀ ਕਪੂਰਥਲਾ ਹਲਕੇ ਦੇ ਸ਼ੋ੍ਰਮਣੀ ਅਕਾਲੀ ਦਲ ਦੇ ਇੰਚਾਰਜ ਐਚ.ਐਸ. ਵਾਲੀਆ ਨੇ ਨਗਰ ਪਾਲਿਕਾ ਕਰਮਚਾਰੀ ਸੰਗਠਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਗਈ ਹੜਤਾਲ ਦਾ ਸਮਰਥਨ ਕੀਤਾ | ਉਨ੍ਹਾਂ ਕਿਹਾ ਕਿ ਮੁਲਾਜ਼ਮ ਪਹਿਲਾਂ ਵੀ ਕਈ ਵਾਰ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਹੜਤਾਲ ਕਰ ਚੁੱਕੇ ਹਨ ਪਰੰਤੂ ਨਗਰ ਨਿਗਮ ਤੇ ਪ੍ਰਸ਼ਾਸਨ ਦੇ ਕੰਨਾ 'ਤੇ ਜੂੰ ਨਹੀਂ ਸਰਕੀ | ਇੱਥੇ ਵਰਨਣਯੋਗ ਹੈ ਸ਼ਹਿਰ ਦੀ ਆਬਾਦੀ ਅਨੁਸਾਰ ਰੋਜ਼ਾਨਾ 16 ਟਨ ਦੇ ਕਰੀਬ ਕੂੜਾ ਇਕੱਤਰ ਹੁੰਦਾ ਹੈ, ਜੇ ਨਿਗਮ ਦੇ ਮੁਲਾਜ਼ਮਾਂ ਦੀ ਹੜਤਾਲ ਅਣਮਿੱਥੇ ਸਮੇਂ ਲਈ ਜਾਰੀ ਰਹੀ ਤਾਂ ਪੈਰਿਸ ਵਜੋਂ ਜਾਣਿਆਂ ਜਾਂਦਾ ਰਿਆਸਤੀ ਸ਼ਹਿਰ ਨਰਕ ਦਾ ਰੂਪ ਧਾਰਨ ਕਰ ਜਾਵੇਗਾ ਤੇ ਇਸ ਹਾਲਤ ਵਿਚ ਸ਼ਹਿਰ ਵਿਚ ਬਿਮਾਰੀ ਫੈਲਣ ਦਾ ਵੀ ਖ਼ਦਸ਼ਾ ਹੈ | ਸ਼ਹਿਰ ਵਾਸੀਆਂ ਦੀ ਮੰਗ ਹੈ ਕਿ ਆ ਰਹੇ ਤਿਉਹਾਰਾਂ ਨੂੰ ਮੁੱਖ ਰੱਖਦਿਆਂ ਪ੍ਰਸ਼ਾਸਨ ਤੇ ਨਗਰ ਨਿਗਮ ਸ਼ਹਿਰ ਦੀ ਸਫ਼ਾਈ ਵੱਲ ਵਿਸ਼ੇਸ਼ ਧਿਆਨ ਦੇਵੇ | ਅਜਿਹਾ ਨਾ ਕੀਤੇ ਜਾਣ 'ਤੇ ਸਰਕਾਰ ਨੂੰ ਲੋਕਾਂ ਦੇ ਰੋਹ ਦਾ ਸਾਹਮਣਾ ਕਰਨਾ ਪਵੇਗਾ |

ਪਿਛਲੀ ਖ਼ਬਰ ਕਰੰਟ ਲੱਗਣ ਕਾਰਨ ਇਕ ਵਿਅਕਤੀ ਝੁਲਸਿਆ <br/> ਅਗਲੀ ਖ਼ਬਰ ਨਗਰ ਪੰਚਾਇਤ ਦੇ ਸਫ਼ਾਈ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਦੂਜੇ ਦਿਨ ਵੀ ਕੀਤਾ ਰੋਸ ਵਿਖਾਵਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।