ਚੰਡੀਗੜ੍ਹ, 31 ਮਾਰਚ (ਵਿਕਰਮਜੀਤ ਸਿੰਘ ਮਾਨ)-ਜ਼ਿਲ੍ਹਾ ਖ਼ੁਰਾਕ ਸਪਲਾਈ ਕੰਟਰੋਲਰਾਂ (ਡੀ. ਐਫ. ਐਸ. ਸੀ) ਨੂੰ ਸੂਬੇ ਦੀਆਂ ਮੰਡੀਆਂ 'ਚ ਬਾਹਰਲੇ ਰਾਜਾਂ ਤੋਂ ਕਣਕ ਦੀ ਵਿਕਰੀ 'ਤੇ ਬਾਜ਼ ਅੱਖ ਰੱਖਣ ਦੇ ਨਿਰਦੇਸ਼ ਦਿੰਦਿਆਂ ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਇਸ ਸੰਬੰਧੀ ਖ਼ਾਸ ਕਰਕੇ ਸਰਹੱਦੀ ਜ਼ਿਲਿ੍ਹਆਂ 'ਚ ਸਖ਼ਤ ਨਿਗਰਾਨੀ ਰੱਖਣ ਲਈ ਕਿਹਾ ਹੈ | ਪੰਜਾਬ ਭਵਨ ਵਿਖੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਪਹਿਲੀ ਅਪ੍ਰੈਲ ਤੋਂ ਸ਼ੁਰੂ ਹੋ ਰਹੇ ਕਣਕ ਦੇ ਖ਼ਰੀਦ ਸੀਜ਼ਨ ਨੂੰ ਬਿਨਾਂ ਕਿਸੇ ਮੁਸ਼ਕਿਲ ਦੇ ਨੇਪਰੇ ਚਾੜ੍ਹਨ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਕੈਬਨਿਟ ਮੰਤਰੀ ਨੇ ਡੀ.ਐਫ.ਐਸ.ਸੀਜ਼ ਨੂੰ ਨਿੱਜੀ ਤੌਰ 'ਤੇ ਮੰਡੀਆਂ ਦਾ ਦੌਰਾ ਕਰਕੇ ਇਹ ਯਕੀਨੀ ਬਣਾਉਣ ਲਈ ਕਿਹਾ | ਇਸ ਤੋਂ ਪਹਿਲਾਂ ਉਨ੍ਹਾਂ ਡੀ.ਐਫ.ਐਸ.ਸੀਜ਼ ਅਤੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ 'ਚ ਖ਼ਰੀਦ ਸੀਜ਼ਨ ਦੀਆਂ ਤਿਆਰੀਆਂ ਦੀ ਸਮੀਖਿਆ ਕਰਦਿਆਂ ਹਰੇਕ ਮੰਡੀ 'ਚ ਸਾਫ਼-ਸਫ਼ਾਈ, ਬਿਜਲੀ ਅਤੇ ਪੀਣ ਵਾਲੇ ਸਾਫ਼ ਪਾਣੀ ਦੇ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਹੁਕਮ ਦਿੱਤੇ | ਉਨ੍ਹਾਂ ਦੱਸਿਆ ਕਿ ਸੂਬੇ ਨੇ 122 ਲੱਖ ਮੀਟਿ੍ਕ ਟਨ ਕਣਕ ਦੀ ਖ਼ਰੀਦ ਦਾ ਟੀਚਾ ਰੱਖਿਆ ਹੈ | ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ 2585 ਰੁਪਏ ਪ੍ਰਤੀ ਕੁਇੰਟਲ ਨਿਰਧਾਰਿਤ ਕੀਤਾ ਗਿਆ ਹੈ | ਕੈਬਨਿਟ ਮੰਤਰੀ ਨੇ ਡੀ.ਐਫ.ਐਸ.ਸੀਜ਼ ਨੂੰ ਮੰਡੀਆਂ 'ਚ ਬਾਰਦਾਨੇ ਦੀ ਢੁਕਵੀਂ ਉਪਲਬਧਤਾ ਨੂੰ ਯਕੀਨੀ ਬਣਾਉਣ ਵਾਸਤੇ ਅੱਗੇ ਇਸਦੀ ਜ਼ਿੰਮੇਵਾਰੀ ਇੰਸਪੈਕਟਰਾਂ ਨੂੰ ਸੌਂਪਣ ਲਈ ਕਿਹਾ | ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਵਲੋਂ ਪਿਛਲੇ ਸੀਜ਼ਨਾਂ ਦੀ ਉਪਜ ਨੂੰ ਚੁੱਕਣ ਦੀ ਪ੍ਰਕਿਰਿਆ 'ਚ ਤੇਜ਼ੀ ਲਿਆਉਣ ਲਈ ਕੇਂਦਰ ਸਰਕਾਰ ਕੋਲ ਇਹ ਮਾਮਲਾ ਉਠਾਇਆ ਗਿਆ ਹੈ | ਮੰਤਰੀ ਨੇ ਕਿਹਾ ਕਿ ਅਧਿਕਾਰੀਆਂ ਨੂੰ ਮੰਡੀਆਂ 'ਚ ਤਰਪਾਲਾਂ, ਲੱਕੜ ਦੇ ਕਰੇਟ ਆਦਿ ਸੰਬੰਧੀ ਪੁਖ਼ਤਾ ਪ੍ਰਬੰਧਾਂ ਨੂੰ ਵੀ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ |
ਘਰੇਲੂ ਗੈਸ ਦੀ ਸਪਲਾਈ 'ਚ ਕੋਈ ਵਿਘਨ ਨਹੀਂ ਆਉਣ ਦਿੱਤਾ ਜਾਵੇਗਾ-ਕਟਾਰੂਚੱਕ
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪੈਟਰੋਲ, ਡੀਜ਼ਲ ਅਤੇ ਐਲ.ਪੀ.ਜੀ ਸਪਲਾਈ ਦੇ ਮੁੱਦੇ 'ਤੇ ਭਰੋਸਾ ਦਿੰਦਿਆਂ ਕਿਹਾ ਕਿ ਸਰਕਾਰ ਵਲੋਂ ਇਨ੍ਹਾਂ ਵਸਤਾਂ ਦੀ ਸਪਲਾਈ ਨੂੰ ਕਾਇਮ ਰੱਖਣ ਲਈ ਤੇਲ ਮਾਰਕੀਟਿੰਗ ਕੰਪਨੀਆਂ ਨਾਲ ਤਾਲਮੇਲ ਰੱਖਿਆ ਜਾ ਰਿਹਾ ਹੈ ਤੇ ਜਨਤਾ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਰਾਜ ਪੱਧਰੀ ਕੰਟਰੋਲ ਰੂਮ ਨੰਬਰ 0172-2233001 ਸ਼ੁਰੂ ਕੀਤਾ ਗਿਆ ਹੈ | ਇਸ ਤੋਂ ਇਲਾਵਾ ਪੈਟਰੋਲੀਅਮ ਉਤਪਾਦਾਂ ਦੀ ਸਪਲਾਈ ਨੂੰ ਨਿਯਮਿਤ ਤੇ ਸੁਚਾਰੂ ਬਣਾਉਣ ਲਈ ਡਿਪਟੀ ਕਮਿਸ਼ਨਰਾਂ ਅਧੀਨ ਜ਼ਿਲ੍ਹਾ ਪੱਧਰੀ ਕਮੇਟੀਆਂ ਬਣਾਈਆਂ ਗਈਆਂ ਹਨ |
122 ਲੱਖ ਮੀਟਿ੍ਕ ਟਨ ਕਣਕ ਦੀ ਖ਼ਰੀਦ ਦਾ ਟੀਚਾ-ਕਟਾਰੂਚੱਕ
ਅਜੀਤ ਡੈਸਕ
01-04-2026