ਪਵਨ ਖਰਬੰਦਾ
ਜਲੰਧਰ, 27 ਅਗਸਤ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੀ.ਏ.ਪੀ. ਵਿਖੇ ਰੱਖੇ ਗਏ ਇਕ ਸਮਾਗਮ ਦੌਰਾਨ ਪੰਜਾਬ ਪੁਲਿਸ ਵਿਚ ਭਰਤੀ ਹੋਏ 1,746 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ । ਇਸ ਦੌਰਾਨ ਵੱਡੀ ਗਿਣਤੀ ’ਚ ਹਾਜ਼ਰ ਨਵੇਂ ਭਰਤੀ ਹੋਏ ਨੌਜਵਾਨਾਂ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਤੇ ਹੋਰ ਪੁਲਿਸ ਅਧਿਕਾਰੀਆਂ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਵਿਚ ਪੁਲਿਸ ਫੋਰਸ ਵਿਚ 13,092 ਜਵਾਨ ਸ਼ਾਮਿਲ ਕੀਤੇ ਗਏ ਹਨ, ਜਦੋਂ ਕਿ 3,298 ਹੋਰ ਕਾਂਸਟੇਬਲਾਂ ਦੀ ਭਰਤੀ ਪ੍ਰਕਿਰਿਆ ਚੱਲ ਰਹੀ ਹੈ । ਇਸ ਦੇ ਨਾਲ ਹੀ ‘ਬਿਨਾਂ ਰਿਸ਼ਵਤ, ਬਿਨਾਂ ਸਿਫ਼ਾਰਸ਼’ ਦੇ ਆਧਾਰ ਉੱਤੇ ਹੁਣ ਤੱਕ 70,840 ਨੌਜਵਾਨਾਂ ਨੂੰ ਮੈਰਿਟ ਦੇ ਆਧਾਰ ’ਤੇ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ । ਪੁਲਿਸ ਫੋਰਸ ਦੇ ਵਿਸਥਾਰ ਦੇ ਨਾਲ-ਨਾਲ ਪੰਜਾਬ ਸਰਕਾਰ ਨੇ ਇੰਸਪੈਕਟਰਾਂ, ਐਸ.ਆਈ. ਅਤੇ ਏ.ਐਸ.ਆਈ. ਦੀਆਂ 1,600 ਨਵੀਂਆਂ ਜ਼ਿਲ੍ਹਾ-ਕਾਡਰ ਦੀਆਂ ਪੋਸਟਾਂ ਨੂੰ ਵਿਭਾਗੀ ਤਰੱਕੀ ਰਾਹੀਂ ਭਰਨ ਦੀ ਮਨਜ਼ੂਰੀ ਵੀ ਦਿੱਤੀ ਹੈ ।
ਅੱਜ ਦੇ ਸਮਾਗਮ ਦੀਆਂ ਝਲਕੀਆਂ ਮੁੱਖ ਮੰਤਰੀ ਭਗਵੰਤ ਮਾਨ ਵਲੋਂ ‘ਐਕਸ’ ’ਤੇ ਵੀ ਸਾਂਝੀਆਂ ਕੀਤੀਆਂ। ਮੁੱਖ ਮੰਤਰੀ ਭਗਵੰਤ ਮਾਨ ਨੇ ਨਵੇਂ ਰੰਗਰੂਟਾਂ ਨੂੰ ਪੰਜਾਬ ਪੁਲਿਸ ਦੇ ਪਰਿਵਾਰ ਦਾ ਅਨਿੱਖੜਵਾਂ ਅੰਗ ਬਣਨ ’ਤੇ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਸਮਰਪਣ, ਪੇਸ਼ੇਵਰਤਾ ਅਤੇ ਮਿਸ਼ਨਰੀ ਭਾਵਨਾ ਨਾਲ ਲੋਕਾਂ ਦੀ ਸੇਵਾ ਕਰਨ ਦਾ ਸੱਦਾ ਦਿੱਤਾ । ਉਨ੍ਹਾਂ ਕਿਹਾ ਕਿ ਪੰਜਾਬ ਨੂੰ ਆਪਣੇ ਮੁਲਾਜ਼ਮਾਂ ਨੂੰ ਸਭ ਤੋਂ ਵੱਧ ਤਨਖਾਹਾਂ ਦੇਣ ’ਤੇ ਮਾਣ ਹੈ, ਜੋ ਸੂਬੇ ਪ੍ਰਸ਼ਾਸਨ ਦੀ ਰੀੜ੍ਹ ਦੀ ਹੱਡੀ ਹਨ। ਉਨ੍ਹਾਂ ਕਿਹਾ ਜੇਕਰ ਕੇਂਦਰ ਸਰਕਾਰ ਜਾਂ ਕੋਈ ਹੋਰ ਸੂਬਾ ਸਰਕਾਰ ਆਪਣੇ ਕਿਸੇ ਵੀ ਮੁਲਾਜ਼ਮ ਨੂੰ 36,000 ਰੁਪਏ ਤਨਖਾਹ ਦਿੰਦੀ ਹੈ ਤਾਂ ਪੰਜਾਬ ਸਰਕਾਰ ਆਪਣੇ ਮੁਲਾਜ਼ਮ ਨੂੰ 50,000 ਰੁਪਏ ਤਨਖਾਹ ਦਿੰਦੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਨਵੇਂ ਭਰਤੀ ਹੋਏ ਨੌਜਵਾਨ ਅਜਿਹੇ ਸਮੇਂ ਵਿਚ ਸਰਕਾਰ ਦੇ ਪਰਿਵਾਰ ਵਿਚ ਸ਼ਾਮਿਲ ਹੋ ਰਹੇ ਹਨ ਜਦੋਂ ਸੂਬਾ ਸਰਕਾਰ ਪੂਰੇ ਪੰਜਾਬ ਵਿਚ ਰੋਜ਼ਗਾਰ ਦੇ ਮੌਕੇ ਪੈਦਾ ਕਰ ਰਹੀ ਹੈ । ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਮਿਲ ਕੇ ਰੰਗਲੇ ਤੇ ਖੁਸ਼ਹਾਲ ਪੰਜਾਬ ਦੀ ਸ਼ਾਨ ਨੂੰ ਬਹਾਲ ਕਰਨ ਦੇ ਆਪਣੇ ਸਾਂਝੇ ਮਿਸ਼ਨ ਵਿਚ ਕੋਈ ਕਸਰ ਨਹੀਂ ਛੱਡਾਂਗੇ। ਇਹ ਨਾ ਤਾਂ ਅਜਿਹੀ ਪਹਿਲੀ ਪ੍ਰਾਪਤੀ ਹੈ ਅਤੇ ਨਾ ਹੀ ਆਖਰੀ ਹੋਵੇਗੀ। ਮੁੱਖ ਮੰਤਰੀ ਨੇ ਜ਼ਿਕਰ ਕੀਤਾ ਕਿ ਸਾਧਾਰਨ ਪਰਿਵਾਰਾਂ ਦੇ ਬੱਚੇ ਇਹ ਸਾਬਤ ਕਰ ਰਹੇ ਹਨ ਕਿ ਸਮਰਪਣ, ਦ੍ਰਿੜ੍ਹਤਾ ਅਤੇ ਯੋਗ ਮਾਰਗਦਰਸ਼ਨ ਨਾਲ ਉਹ ਸਭ ਤੋਂ ਚੁਣੌਤੀਪੂਰਨ ਟੀਚਿਆਂ ਨੂੰ ਵੀ ਹਾਸਲ ਕਰ ਸਕਦੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪੁਲਿਸ ਦੀ ਵੱਖਰੀ ਜ਼ਿੰਮੇਵਾਰੀ ਹੈ । ਉਨ੍ਹਾਂ ਕਿਹਾ ਹਰ ਕੋਈ ਜਾਣਦਾ ਹੈ ਕਿ ਪੰਜਾਬ ਪੁਲਿਸ ਸਿਰਫ਼ ਇੱਕ ਸੂਬੇ ਦੀ ਪੁਲਿਸ ਨਹੀਂ ਹੈ, ਸਗੋਂ ਇਹ ਦੇਸ਼ ਦੀ ਪੁਲਿਸ ਹੈ, ਜੋ ਦੁਸ਼ਮਣ ਗੁਆਂਢੀ ਨਾਲ ਲਗਦੀ 532 ਕਿਲੋਮੀਟਰ ਲੰਬੀ ਸਰਹੱਦ ਦੀ ਰਾਖੀ ਕਰਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਨਸ਼ਿਆਂ ਦੇ ਰੂਪ ਵਿੱਚ ਸੰਤਾਪ ਹੰਢਾਇਆ ਹੈ, ਪਰ ਸੂਬਾ ਸਰਕਾਰ ਨੇ ਇਸ ਅਲਾਮਤ ਨਾਲ ਫੈਸਲਾਕੁੰਨ ਢੰਗ ਨਾਲ ਨਜਿੱਠਣ ਲਈ ‘ਯੁੱਧ ਨਸ਼ਿਆਂ ਵਿਰੁੱਧ’ ਸ਼ੁਰੂ ਕੀਤਾ ਹੈ, ਤਕਰੀਬਨ 500 ਦਿਨਾਂ ਵਿਚ 70,000 ਤੋਂ ਵੱਧ ਨਸ਼ਾ ਤਸਕਰਾਂ ਨੂੰ ਜੇਲ੍ਹ ਦੀਆਂ ਸੀਖਾਂ ਪਿੱਛੇ ਭੇਜਿਆ ਗਿਆ ਹੈ। ਮਾਨਵਤਾ ਵਿਰੁੱਧ ਇਸ ਜੁਰਮ ਵਿਚ ਸ਼ਾਮਿਲ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਤੇ ਢਾਹੀਆਂ ਜਾ ਰਹੀਆਂ ਹਨ । ਮੁੱ
ਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਨਸ਼ਿਆਂ ਦਾ ਲੱਕ ਤੋੜ ਦਿੱਤਾ ਹੈ ਅਤੇ ਪੰਜਾਬ ਨੂੰ ਇਸ ਕੋਹੜ ਤੋਂ ਮੁਕਤ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ । ਨਵੇਂ ਭਰਤੀ ਹੋਏ ਪੁਲਿਸ ਮੁਲਾਜ਼ਮਾਂ ਨੂੰ ਨਸ਼ਿਆਂ ਦੇ ਖਾਤਮੇ ਵਿੱਚ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਪੰਜਾਬ ਨਸ਼ਿਆਂ ਵਿਰੁੱਧ ਦੇਸ਼ ਦੀ ਲੜਾਈ ਲੜ ਰਿਹਾ ਹੈ ਅਤੇ ਪੰਜਾਬ ਪੁਲਿਸ ਨੇ ਹਮੇਸ਼ਾ ਨਸ਼ਿਆਂ ਦੀ ਸਪਲਾਈ ਨੂੰ ਰੋਕਣ ਲਈ ਢਾਲ ਵਜੋਂ ਕੰਮ ਕੀਤਾ ਹੈ। ਹੁਣ ਉਹ ਸਮਾਂ ਆ ਗਿਆ ਹੈ, ਜਦੋਂ ਤੁਹਾਨੂੰ ਪੰਜਾਬ ਪੁਲਿਸ ਦੀ ਸ਼ਾਨਦਾਰ ਰਵਾਇਤ ਨੂੰ ਕਾਇਮ ਰੱਖਣਾ ਚਾਹੀਦਾ ਹੈ ਅਤੇ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰਨਾ ਚਾਹੀਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਕ ਸਰਹੱਦੀ ਸੂਬਾ ਹੋਣ ਦੇ ਨਾਤੇ ਪੰਜਾਬ ਨੂੰ ਸਖ਼ਤ ਘਾਲਣਾ ਘਾਲ ਕੇ ਹਾਸਲ ਕੀਤੀ ਸ਼ਾਂਤੀ ਨੂੰ ਭੰਗ ਕਰਨ ਦੇ ਦੁਸ਼ਮਣ ਤਾਕਤਾਂ ਦੇ ਮਨਸੂਬਿਆਂ ਦਾ ਲਗਾਤਾਰ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਸੂਬੇ ਦੇ ਕਈ ਮਾੜੇ ਅਨਸਰ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਲਈ ਨਾਪਾਕ ਮਨਸੂਬੇ ਘੜਦੇ ਰਹੇ ਹਨ, ਪਰ ਪੰਜਾਬ ਪੁਲਿਸ ਨੇ ਹਮੇਸ਼ਾਂ ਅਜਿਹੀਆਂ ਕੋਸ਼ਿਸ਼ਾਂ ਨੂੰ ਨਾਕਾਮ ਕੀਤਾ ਹੈ । ਮੁੱਖ ਮੰਤਰੀ ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਪੰਜਾਬ ਪੁਲਿਸ ਪੂਰੀ ਪੇਸ਼ੇਵਰ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਦੀ ਆਪਣੀ ਸ਼ਾਨਦਾਰ ਵਿਰਾਸਤ ਨੂੰ ਬਰਕਰਾਰ ਰੱਖੇਗੀ ਅਤੇ ਨਵੇਂ ਭਰਤੀ ਹੋਏ ਜਵਾਨ ਆਪਣੇ ਪੂਰਵਜਾਂ ਦੁਆਰਾ ਕਾਇਮ ਕੀਤੇ ਉੱਚ ਆਦਰਸ਼ਾਂ ’ਤੇ ਚੱਲਣਗੇ ।
ਨਵੇਂ ਭਰਤੀ ਹੋਏ ਪੁਲਿਸ ਮੁਲਾਜ਼ਮਾਂ ਨੂੰ ਮੁਬਾਰਕਬਾਦ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪੁਲਿਸ ਵਿਚ ਸ਼ਾਮਿਲ ਹੋਣ ਦਾ ਇੱਕ ਅਹਿਮ ਮੌਕਾ ਹੈ ਅਤੇ ਉਨ੍ਹਾਂ ਨੂੰ ਆਪਣੀ ਡਿਊਟੀ ਪੂਰੀ ਲਗਨ, ਮਿਹਨਤ ਅਤੇ ਵਚਨਬੱਧਤਾ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ । ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਅਪਰਾਧੀਆਂ ਦਾ ਮੁਕਾਬਲਾ ਕਰਨ ਲਈ ਪੁਲਿਸ ਫੋਰਸ ਨੂੰ ਵਿਗਿਆਨਕ ਲੀਹਾਂ ’ਤੇ ਅਪਗ੍ਰੇਡ ਕਰਨ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਸਾਲ 2022 ਤੋਂ ਹੁਣ ਤੱਕ ਪੁਲਿਸ ਫੋਰਸ ਨੂੰ ਮਜ਼ਬੂਤ ਅਤੇ ਆਧੁਨਿਕ ਬਣਾਉਣ ਲਈ 15,000 ਤੋਂ ਵੱਧ ਨਿਯੁਕਤੀ ਪੱਤਰ ਜਾਰੀ ਕੀਤੇ ਜਾ ਚੁੱਕੇ ਹਨ, ਜਦਕਿ ਜਵਾਨਾਂ ਨੂੰ ਆਪਣੀ ਡਿਊਟੀ ਸੁਚੱਜੇ ਢੰਗ ਨਾਲ ਨਿਭਾਉਣ ਲਈ ਨਵੇਂ ਅਤੇ ਆਧੁਨਿਕ ਵਾਹਨ ਵੀ ਮੁਹੱਈਆ ਕਰਵਾਏ ਗਏ ਹਨ ।
ਸਰਕਾਰ ਦੇ ਸੜਕ-ਸੁਰੱਖਿਆ ਉਪਰਾਲੇ ’ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਸੂਬਾਈ ਅਤੇ ਰਾਸ਼ਟਰੀ ਰਾਜਮਾਰਗਾਂ ‘ਤੇ ਸੁਰੱਖਿਆ ਵਧਾਉਣ ਅਤੇ ਕੀਮਤੀ ਜਾਨਾਂ ਬਚਾਉਣ ਲਈ ਦੇਸ਼ ਦੀ ਪਹਿਲੀ ਸਮਰਪਿਤ ‘ਸੜਕ ਸੁਰੱਖਿਆ ਫੋਰਸ’ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਸ ਫੋਰਸ ਲਈ ਲੜਕੀਆਂ ਸਮੇਤ ਵਿਸ਼ੇਸ਼ ਤੌਰ ’ਤੇ ਸਿਖਲਾਈ ਪ੍ਰਾਪਤ ਜਵਾਨਾਂ ਨੂੰ ਭਰਤੀ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਆਧੁਨਿਕ ਵਾਹਨਾਂ ਨਾਲ ਲੈਸ ਕੀਤਾ ਗਿਆ ਹੈ। ਇਹ ਫੋਰਸ ਲਗਭਗ 4,200 ਕਿਲੋਮੀਟਰ ਦੇ ਹਾਦਸਿਆਂ ਦੇ ਸੰਭਾਵੀ ਰਾਜਮਾਰਗਾਂ ’ਤੇ ਤਾਇਨਾਤ ਕੀਤੀ ਗਈ ਹੈ।
ਸਰਕਾਰੀ ਰਿਪੋਰਟ ਅਨੁਸਾਰ ਇਸ ਫੋਰਸ ਦੇ ਗਠਨ ਨਾਲ ਸੜਕ ਹਾਦਸਿਆਂ ਵਿਚ ਹੋਣ ਵਾਲੀਆਂ ਮੌਤਾਂ ਵਿਚ 52.87 ਫੀਸਦੀ ਦੀ ਕਮੀ ਆਈ ਹੈ । ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਫੋਰਸ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਲਈ ਵੀ ਠੱਲ੍ਹ ਪਾਉਣ ਦਾ ਕੰਮ ਕਰ ਰਹੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਵੀ ਸੰਸਦ ਵਿਚ ਸੂਬਾ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਸੀ। ਇਸ ਮੌਕੇ ਕੈਬਨਿਟ ਮੰਤਰੀ ਮੋਹਿੰਦਰ ਭਗਤ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਡੀ.ਜੀ.ਪੀ. ਗੌਰਵ ਯਾਦਵ ਤੇ ਹੋਰ ਸ਼ਖ਼ਸੀਅਤਾਂ ਵੀ ਹਾਜ਼ਰ ਸਨ ।