ਨਵੀਂ ਦਿੱਲੀ, 21 ਸਤੰਬਰ (ਜਗਤਾਰ ਸਿੰਘ)-ਦਿੱਲੀ ਹਾਈ ਕੋਰਟ ਨੇ ਸਾਬਕਾ ਜੱਜ ਜਸਟਿਸ ਯਸ਼ਵੰਤ ਵਰਮਾ ਦੇ ਘਰੋਂ ਨਕਦੀ ਮਿਲਣ ਦੇ ਮਾਮਲੇ ਵਿਚ ਐਫ. ਆਈ. ਆਰ. ਦਰਜ ਕਰਨ ਅਤੇ ਸੀ. ਬੀ. ਆਈ. ਜਾਂ ਐਸ.ਆਈ.ਟੀ. ਜਾਂਚ ਦੀ ਮੰਗ ਵਾਲੀ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। ਸੋਮਵਾਰ ਨੂੰ ਸੁਣਵਾਈ ਦੌਰਾਨ ਅਦਾਲਤ ਨੇ ਇਸ ਪਟੀਸ਼ਨ ਨੂੰ ‘ਵਾਈਲਡ ਵਿਚ ਹੰਟ’ (ਜਾਣ ਬੁੱਝ ਕੇ ਨਿਸ਼ਾਨਾ ਬਣਾਉਣ ਦੀ ਕਾਰਵਾਈ) ਕਰਾਰ ਦਿੱਤਾ ਹੈ। ਜਸਟਿਸ ਅਮਿਤ ਬੰਸਲ ਦੀ ਅਗਵਾਈ ਵਾਲੀ ਬੈਂਚ ਨੇ ਪਟੀਸ਼ਨਕਰਤਾ ਐਡਵੋਕੇਟ ਘਣਸ਼ਿਆਮ ਉਪਾਧਿਆਇ ਨੂੰ ਫਿਟਕਾਰ ਲਗਾਉਂਦੇ ਹੋਏ ਕਿਹਾ ਕਿ ਇਸ ’ਤੇ ਸੁਣਵਾਈ ਨਹੀਂ ਕੀਤੀ ਜਾ ਸਕਦੀ ਕਿਉਂਕਿ ਇਹ ਸਿਰਫ਼ ਕਿਸੇ ਨੂੰ ਪ੍ਰੇਸ਼ਾਨ ਕਰਨ ਦੀ ਕੋਸ਼ਿਸ਼ ਹੈ। ਅਦਾਲਤ ਨੇ ਇਹ ਵੀ ਪੁੱਛਿਆ ਕਿ ਕੀ ਤੁਹਾਡੇ ਕਰਨ ਲਈ ਕੋਈ ਹੋਰ ਬਿਹਤਰ ਕੰਮ ਨਹੀਂ ਹੈ? ਦਿੱਲੀ ਹਾਈ ਕੋਰਟ ਨੇ ਕਿਹਾ ਕਿ ਪਟੀਸ਼ਨਕਰਤਾ ਕੋਲ ਕਾਨੂੰਨ ਦੇ ਤਹਿਤ ਹੋਰ ਵਿਕਲਪ ਮੌਜੂਦ ਹਨ। ਜੇਕਰ ਉਹ ਜਾਂਚ ਚਾਹੁੰਦੇ ਹਨ, ਤਾਂ ਉਹ ਪਹਿਲਾਂ ਦਿੱਲੀ ਪੁਲਿਸ ਕੋਲ ਪਹੁੰਚ ਕਰ ਸਕਦੇ ਹਨ ਜਾਂ ਸੰਬੰਧਿਤ ਮੈਜਿਸਟ੍ਰੇਟ ਦੀ ਅਦਾਲਤ ਵਿਚ ਜਾ ਸਕਦੇ ਹਨ। ਅਦਾਲਤ ਦੇ ਇਸ ਰੁਖ਼ ਤੋਂ ਬਾਅਦ ਪਟੀਸ਼ਨਕਰਤਾ ਨੇ ਆਪਣੀ ਪਟੀਸ਼ਨ ਵਾਪਸ ਲੈ ਲਈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਅਗਸਤ 2026 ਵਿਚ ਸੁਪਰੀਮ ਕੋਰਟ ਨੇ ਵੀ ਅਜਿਹੀ ਹੀ ਇੱਕ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਸੀ।
ਜਸਟਿਸ ਯਸ਼ਵੰਤ ਵਰਮਾ ਦੀ ਸੀ.ਬੀ.ਆਈ. ਜਾਂਚ ਦੀ ਮੰਗ ਵਾਲੀ ਪਟੀਸ਼ਨ ਖ਼ਾਰਜ
ਜਸਟਿਸ ਯਸ਼ਵੰਤ ਵਰਮਾ ਦੀ ਸੀ.ਬੀ.ਆਈ. ਜਾਂਚ ਦੀ ਮੰਗ ਵਾਲੀ ਪਟੀਸ਼ਨ ਖ਼ਾਰਜ
ਅਜੀਤ ਡੈਸਕ
22-09-2026