ਮੁੱਖ ਮੰਤਰੀ ਨੂੰ ਬਦਨਾਮ ਕਰਨ ਤੇ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ ਭਾਜਪਾ-ਪੰਨੂ
ਚੰਡੀਗੜ੍ਹ, 5 ਅਕਤੂਬਰ (ਅਜੀਤ ਬਿਊਰੋ)-ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ’ਚ ਚੁਣੌਤੀ ਦੇਵੇਗੀ। ਪੰਜਾਬ ਤੇ ਹਰਿਆਣਾ ਹਾਈ ਕੋਰਟ ਵਲੋਂ ਪੰਜਾਬ ’ਚ ਕਥਿਤ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਸੀ.ਬੀ.ਆਈ. ਨੂੰ ਸੌਂਪੇ ਜਾਣ ਤੋਂ ਬਾਅਦ ਕੈਬਨਿਟ ਮੰਤਰੀ ਤੇ ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਸਰਕਾਰ ਅਦਾਲਤ ਦੇ ਹੁਕਮਾਂ ਦਾ ਸਤਿਕਾਰ ਕਰੇਗੀ। ‘ਆਪ’ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਹੈ ਕਿ ਭਾਜਪਾ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਬਦਨਾਮ ਕਰਨ ਦੀ ਸਾਜਿਸ਼ ਰਚ ਰਹੀ ਹੈ। ਭਾਜਪਾ ਪੰਜਾਬ ਦੇ ਮੁੱਖ ਮੰਤਰੀ ਦਾ ਸਿਆਸੀ ਮੁਕਾਬਲਾ ਨਹੀਂ ਕਰ ਸਕਦੀ, ਇਸ ਲਈ ਉਹ ਪਿਛਲੇ ਦਰਵਾਜ਼ੇ ਰਾਹੀਂ ਉਨ੍ਹਾਂ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਪੰਜਾਬ ਸਰਕਾਰ ਦੀ ਟੀਮ ਵਿਰੁੱਧ ਸੀ.ਬੀ.ਆਈ.-ਈ.ਡੀ. ਦੀ ਕਾਰਵਾਈ ਚੋਣਾਂ ਤੋਂ ਪਹਿਲਾਂ ਚੁਣੀਆਂ ਹੋਈਆਂ ਸਰਕਾਰਾਂ ਨੂੰ ਨਿਸ਼ਾਨਾ ਬਣਾਉਣ ਦੇ ਉਸੇ ਪੈਟਰਨ ਦਾ ਹਿੱਸਾ ਹੈ, ਜਿਵੇਂ ਦਿੱਲੀ ’ਚ ਹੋਇਆ ਸੀ। ਭਾਜਪਾ ਪੰਜਾਬ ਦੇ ਸਭ ਤੋਂ ਇਮਾਨਦਾਰ ਮੁੱਖ ਮੰਤਰੀ ਖ਼ਿਲਾਫ਼ ਕੁਝ ਵੀ ਲੱਭਣ ’ਚ ਅਸਫ਼ਲ ਰਹੀ ਹੈ ਤੇ ਇਸ ਦੇ ਨਤੀਜੇ ਵਜੋਂ ਭਗਵੰਤ ਮਾਨ ਨੂੰ ਨਿਸ਼ਾਨਾ ਬਣਾਉਣ ਲਈ ਅਜਿਹੇ ਹਥਕੰਡੇ ਅਪਣਾ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਨਹੀਂ ਚਾਹੁੰਦਾ ਕਿ ਪੰਜਾਬ ਦੇ ਲੋਕਾਂ ਨੂੰ ਭਗਵੰਤ ਮਾਨ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਮਿਲਦੀਆਂ ਰਹਿਣ। ਉਨ੍ਹਾਂ ਕਿਹਾ, “ਚਾਹੇ 600 ਯੂਨਿਟ ਮੁਫ਼ਤ ਬਿਜਲੀ ਹੋਵੇ, ਕਿਸਾਨਾਂ ਲਈ ਦਿਨ ਵੇਲੇ ਬਿਜਲੀ ਦੀ ਸਪਲਾਈ ਹੋਵੇ, ਲਗਭਗ 83% ਖੇਤੀਬਾੜੀ ਜ਼ਮੀਨ ਤੱਕ ਨਹਿਰੀ ਪਾਣੀ ਪਹੁੰਚਾਉਣਾ ਹੋਵੇ, 10 ਲੱਖ ਰੁਪਏ ਦਾ ਕੈਸ਼ਲੈਸ ਸਿਹਤ ਸੰਭਾਲ ਇਲਾਜ ਹੋਵੇ ਜਾਂ ਔਰਤਾਂ ਦੇ ਬੈਂਕ ਖਾਤਿਆਂ ’ਚ ਵਿੱਤੀ ਸਹਾਇਤਾ ਪਹੁੰਚਾਉਣੀ ਹੋਵੇ, ਭਗਵੰਤ ਮਾਨ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਨਾ ਸਿਰਫ਼ ਆਪਣੇ ਸਰੋਤਾਂ ਰਾਹੀਂ ਇਹ ਯੋਜਨਾਵਾਂ ਜਾਰੀ ਰੱਖੀਆਂ ਹਨ, ਸਗੋਂ ਇਨ੍ਹਾਂ ਨੂੰ ਬਿਹਤਰ ਢੰਗ ਨਾਲ ਚਲਾਇਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਚਿੰਤਾ ਇਹ ਹੈ ਕਿ ਜਦੋਂ ਤੱਕ ਪੰਜਾਬ ਦੇ ਲੋਕਾਂ ਨੂੰ ਇਹ ਲਾਭ ਮਿਲਦੇ ਰਹਿਣਗੇ, ਭਗਵੰਤ ਮਾਨ ਸਰਕਾਰ ਵਿਰੁੱਧ ਰਚਿਆ ਜਾ ਰਿਹਾ ਸਿਆਸੀ ਬਿਰਤਾਂਤ ਸਫ਼ਲ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਇਹੀ ਕਾਰਨ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੰਮ ਕਰ ਰਹੀ ਟੀਮ ਨੂੰ ਕਿਸੇ ਨਾ ਕਿਸੇ ਤਰੀਕੇ ਨਾਲ ਨਿਸ਼ਾਨਾ ਬਣਾਇਆ ਜਾ ਰਿਹਾ ਹੈ।