ਸੀ.ਬੀ.ਆਈ. ਜਾਂਚ ਰਹੇਗੀ ਜਾਰੀ, ਐਫ.ਆਈ.ਆਰ. ਰੱਦ ਜਾਂ ਸਟੇਅ ਲਾਉਣ ਤੋਂ ਇਨਕਾਰ
ਨਵੀਂ ਦਿੱਲੀ, 12 ਅਕਤੂਬਰ (ਜਗਤਾਰ ਸਿੰਘ)-ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐੱਸ.ਡੀ. ਰਾਜਬੀਰ ਸਿੰਘ ਘੁੰਮਣ ਨੂੰ ਵੱਡੀ ਅੰਤਰਿਮ ਰਾਹਤ ਦਿੱਤੀ ਹੈ। ਹਾਲਾਂਕਿ ਸੀ.ਬੀ.ਆਈ. ਦੀ ਐੱਫ਼.ਆਈ.ਆਰ. ਰੱਦ ਕਰਨ ਜਾਂ ਸਟੇਅ ਲਾਉਣ ਤੋਂ ਅਦਾਲਤ ਨੇ ਇਨਕਾਰ ਕਰ ਦਿੱਤਾ ਹੈ। ਸਰਬਉੱਚ ਅਦਾਲਤ ਨੇ ਇਸ ਮਾਮਲੇ ’ਚ ਕੇਂਦਰ ਸਰਕਾਰ, ਸੀ.ਬੀ.ਆਈ. ਅਤੇ ਇਨਫੋਰਸਮੈਂਟ ਡਾਇਰੈਕਟੋਰੇਟ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਸਰਬਉੱਚ ਅਦਾਲਤ ਨੇ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੂੰ ਨਿਰਦੇਸ਼ ਦਿੱਤੇ ਹਨ ਕਿ ਭ੍ਰਿਸ਼ਟਾਚਾਰ ਦੇ ਮਾਮਲੇ ਦੀ ਜਾਂਚ ਦੌਰਾਨ ਘੁੰਮਣ ਖ਼ਿਲਾਫ਼ ਕਿਸੇ ਵੀ ਤਰ੍ਹਾਂ ਦੀ ਜਬਰਨ ਕਾਰਵਾਈ ਜਾਂ ਗ੍ਰਿਫ਼ਤਾਰੀ ਨਾ ਕੀਤੀ ਜਾਵੇ। ਹਾਲਾਂਕਿ ਸੁਪਰੀਮ ਕੋਰਟ ਨੇ ਇਹ ਸਪੱਸ਼ਟ ਕੀਤਾ ਕਿ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ’ਤੇ ਕੋਈ ਰੋਕ ਨਹੀਂ ਲਗਾਈ ਗਈ ਹੈ ਅਤੇ ਸੀ.ਬੀ.ਆਈ. ਆਪਣੀ ਜਾਂਚ ਜਾਰੀ ਰੱਖ ਸਕਦੀ ਹੈ। ਪਰ ਉਹ ਇਸ ਦੌਰਾਨ ਰਾਜਬੀਰ ਸਿੰਘ ਘੁੰਮਣ ਵਿਰੁੱਧ ਕੋਈ ਸਖ਼ਤ ਕਦਮ ਨਹੀਂ ਚੁੱਕ ਸਕਦੀ। ਜਸਟਿਸ ਸੁੰਦਰੇਸ਼ ਅਤੇ ਜਸਟਿਸ ਵਰਾਲੇ ਦੀ ਬੈਂਚ ਨੇ ਪੰਜਾਬ ਸਰਕਾਰ ਦੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਇਹ ਅੰਤਰਿਮ ਰਾਹਤ ਦਿੱਤੀ ਹੈ। ਅਦਾਲਤ ਨੇ ਸੀ.ਬੀ.ਆਈ. ਦੀ ਐੱਫ.ਆਈ.ਆਰ. ਨੂੰ ਰੱਦ ਕਰਨ ਜਾਂ ਉਸ ’ਤੇ ਸਟੇਅ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ, ਜਿਸ ਦਾ ਮਤਲਬ ਹੈ ਕਿ ਮਾਮਲੇ ਦੀ ਜਾਂਚ ਨਿਰੰਤਰ ਜਾਰੀ ਰਹੇਗੀ। ਬੈਂਚ ਨੇ ਸਪੱਸ਼ਟ ਕੀਤਾ ਕਿ ਉਹ ਹਾਲੇ ਸੀ.ਬੀ.ਆਈ. ਦੀ ਐੱਫ.ਆਈ.ਆਰ. ’ਤੇ ਰੋਕ ਨਹੀਂ ਲਗਾ ਰਹੇ ਹਨ, ਪਰ ਮਾਮਲੇ ਨਾਲ ਸੰਬੰਧਿਤ ਵਿਅਕਤੀਆਂ ਜਾਂ ਅਧਿਕਾਰੀਆਂ ਖ਼ਿਲਾਫ਼ ਕੋਈ ਸਖ਼ਤ ਕਾਰਵਾਈ ਜਾਂ ਗ੍ਰਿਫ਼ਤਾਰੀ ਨਹੀਂ ਕੀਤੀ ਜਾ ਸਕੇਗੀ। ਮੁਲਜ਼ਮ ਜਾਂਚ ’ਚ ਸ਼ਾਮਿਲ ਹੋ ਸਕਣਗੇ। ਦੱਸਣਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 5 ਅਕਤੂਬਰ ਨੂੰ ਇਸ ਭ੍ਰਿਸ਼ਟਾਚਾਰ ਮਾਮਲੇ ਦੀ ਜਾਂਚ ਸੀ.ਬੀ.ਆਈ. ਨੂੰ ਸੌਂਪਣ ਦੇ ਹੁਕਮ ਦਿੱਤੇ ਸਨ। ਪੰਜਾਬ ਸਰਕਾਰ ਨੇ ਇਸ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ, ਜਿਥੋਂ ਹੁਣ ਇਹ ਅੰਤਰਿਮ ਰਾਹਤ ਮਿਲੀ ਹੈ।