15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਵੱਖ-ਵੱਖ ਜਥੇਬੰਦੀਆਂ ਵਲੋਂ ਪਰਵਿੰਦਰ ਸਿੰਘ ਝੋਟੇ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦੇਣ ਦੀ ਮੰਗ

ਮਾਨਸਾ, 14 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ/ਗੁਰਚੇਤ ਸਿੰਘ ਫੱਤੇਵਾਲੀਆ)-ਕੁੱਲ ਹਿੰਦ ਕਿਸਾਨ ਮਹਾਂ ਸਭਾ ਦੇ ਕੇਂਦਰੀ ਆਗੂ ਰੁਲਦੂ ਸਿੰਘ ਮਾਨਸਾ ਨੇ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਐਂਟੀ ਡਰੱਗ ਫੋਰਸ ਦੇ ....

ਅਜੀਤ ਡੈਸਕ 15-10-2026

ਮਾਨਸਾ, 14 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ/ਗੁਰਚੇਤ ਸਿੰਘ ਫੱਤੇਵਾਲੀਆ)-ਕੁੱਲ ਹਿੰਦ ਕਿਸਾਨ ਮਹਾਂ ਸਭਾ ਦੇ ਕੇਂਦਰੀ ਆਗੂ ਰੁਲਦੂ ਸਿੰਘ ਮਾਨਸਾ ਨੇ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਐਂਟੀ ਡਰੱਗ ਫੋਰਸ ਦੇ ਨੌਜਵਾਨ ਆਗੂ ਪਰਵਿੰਦਰ ਸਿੰਘ ਝੋਟਾ ਦੀ ਦਿਨ-ਦਿਹਾੜੇ ਕੀਤੀ ਗਈ ਹੱਤਿਆ ਦੀ ਘਟਨਾ ’ਤੇ ਪੀੜਤ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਆਖਿਆ ਕਿ ਪੰਜਾਬ ’ਚ ਸਰਕਾਰੀ ਛਤਰ-ਛਾਇਆ ਅਤੇ ਪ੍ਰਸ਼ਾਸਨਿਕ ਮਿਲੀਭੁਗਤ ਕਾਰਨ ਨਸ਼ਾ ਤਸਕਰਾਂ ਦੇ ਹੌਂਸਲੇ ਇਸ ਕਦਰ ਬੁਲੰਦ ਹੋ ਚੁੱਕੇ ਹਨ ਕਿ ਨਸ਼ਿਆਂ ਵਿਰੁੱਧ ਬੋਲਣ ਵਾਲੇ ਨੌਜਵਾਨਾਂ ਨੂੰ ਸ਼ਰੇਆਮ ਮੌਤ ਦੇ ਘਾਟ ਉਤਾਰਿਆ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਨਸ਼ਾ ਵੇਚਣ ਵਾਲੇ ਸਮਗਲਰਾਂ ਦੇ ਨਾਲ-ਨਾਲ ਨਸ਼ਾ ਵਿਕਾਉਣ ’ਚ ਮਦਦ ਕਰਨ ਵਾਲੀ ਭ੍ਰਿਸ਼ਟ ਅਫ਼ਸਰਸ਼ਾਹੀ ਅਤੇ ਪੁਲਿਸ ਅਧਿਕਾਰੀਆਂ ਦੀਆਂ ਚੱਲ-ਅਚੱਲ ਜਾਇਦਾਦਾਂ ਤੁਰੰਤ ਜ਼ਬਤ ਕਰਨ ਦੇ ਨਾਲ ਹੀ ਇਸ ਘਟਨਾ ਲਈ ਜ਼ਿੰਮੇਵਾਰ ਤੇ ਨਸ਼ਾ ਤਸਕਰਾਂ ਨਾਲ ਗੰਢ-ਤੁਪ ਰੱਖਣ ਵਾਲੇ ਸੰਬੰਧਿਤ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਤੁਰੰਤ ਮੁਅੱਤਲ ਕਰ ਕੇ ਪਰਚਾ ਦਰਜ ਕੀਤਾ ਜਾਵੇ।
ਸੀ.ਬੀ.ਆਈ. ਤੋਂ ਜਾਂਚ ਕਰਵਾਈ ਜਾਵੇ-ਸਮਾਓਂ
ਮਜ਼ਦੂਰ ਮੁਕਤੀ ਮੋਰਚਾ (ਆਜ਼ਾਦ) ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਓਂ ਨੇ ਕਿਹਾ ਕਿ 100 ਦਿਨਾਂ ’ਚ ਨਸ਼ਾ ਖ਼ਤਮ ਕਰਨ ਦਾ ਦਾਅਵਾ ਕਰਨ ਵਾਲੀ ‘ਆਪ’ ਸਰਕਾਰ ਦੇ ਰਾਜ ’ਚ ਨਸ਼ੇ ਖ਼ਤਮ ਹੋਣ ਦੀ ਥਾਂ ਨਸ਼ਿਆਂ ਵਿਰੁੱਧ ਲੜਨ ਵਾਲਿਆਂ ਦੀ ਜ਼ੁਬਾਨ ਬੰਦ ਕੀਤੀ ਜਾ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਹੱਤਿਆਕਾਂਡ ਦੀ ਸੀ. ਬੀ. ਆਈ. ਤੋਂ ਜਾਂਚ ਕਰਵਾਈ ਜਾਵੇ ਤਾਂ ਜੋ ਕਾਤਲਾਂ ਦੀ ਪੁਸ਼ਤ ਪਨਾਹੀ ਕਰਨ ਵਾਲੇ ਪੁਲਿਸ ਅਫ਼ਸਰਾਂ ਤੇ ਸਿਆਸੀ ਲੀਡਰਾਂ ਦਾ ਚਿਹਰਾ ਨੰਗਾ ਹੋ ਸਕੇ।
ਬਹੁਜਨ ਮੁਕਤੀ ਪਾਰਟੀ ਤੇ ਸੀਟੂ ਵਲੋਂ ਇਨਸਾਫ਼ ਦੀ ਮੰਗ
ਬਹੁਜਨ ਮੁਕਤੀ ਪਾਰਟੀ ਪੰਜਾਬ ਦੇ ਮੀਤ ਪ੍ਰਧਾਨ ਜਸਵੰਤ ਸਿੰਘ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਦੀ ਪੜਤਾਲ ਹੋਣੀ ਚਾਹੀਦੀ ਹੈ। ਸੀਟੂ ਦੇ ਸੂਬਾਈ ਮੀਤ ਪ੍ਰਧਾਨ ਐਡਵੋਕੇਟ ਕੁਲਵਿੰਦਰ ਸਿੰਘ ਉੱਡਤ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੀ ਨਿਖੇਧੀ ਕਰਦਿਆਂ ਸਰਕਾਰ ਨੂੰ ਹਰ ਮੋਰਚੇ ’ਤੇ ਅਸਫਲ ਦੱਸਿਆ।

ਪਿਛਲੀ ਖ਼ਬਰ ਮੁੱਕੇਬਾਜ਼ੀ ਦਾ ਕੌਮੀ ਪੱਧਰੀ ਖਿਡਾਰੀ ਸੀ ਝੋਟਾ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਪੁਨਰ - ਸੁਰਜੀਤ) ਵਲੋਂ ਬੰਦ ਦੀ ਪੂਰਨ ਹਮਾਇਤ-ਗਿਆਨੀ ਹਰਪ੍ਰੀਤ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।