27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

2027 ’ਚ ਕਾਂਗਰਸ ਬਣਾਏਗੀ ਸਰਕਾਰ, ਪੰਜਾਬ ਨੂੰ ਬਣਾਵਾਂਗੇ ਨਸ਼ਾ ਮੁਕਤ ਸੂਬਾ-ਵੇਣੂਗੋਪਾਲ

2027 ’ਚ ਕਾਂਗਰਸ ਬਣਾਏਗੀ ਸਰਕਾਰ, ਪੰਜਾਬ ਨੂੰ ਬਣਾਵਾਂਗੇ ਨਸ਼ਾ ਮੁਕਤ ਸੂਬਾ-ਵੇਣੂਗੋਪਾਲ

ਅਜੀਤ ਡੈਸਕ 27-10-2026

ਵਿਕਰਮਜੀਤ ਸਿੰਘ ਮਾਨ
ਚੰਡੀਗੜ੍ਹ, 26 ਅਕਤੂਬਰ-ਪੰਜਾਬ ਕਾਂਗਰਸ ਵਲੋਂ ਵਿਧਾਨ ਸਭਾ ਚੋਣਾਂ 2027 ਲਈ ਬਿਗਲ ਵਜਾ ਦਿੱਤਾ ਗਿਆ ਹੈ। ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ (ਸੰਗਠਨ) ਕੇ.ਸੀ. ਵੇਣੂਗੋਪਾਲ ਵਲੋਂ ਅੱਜ ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ, ਵਿਧਾਇਕ, ਸੰਸਦ ਮੈਂਬਰ, ਸਾਬਕਾ ਵਿਧਾਇਕ, ਜ਼ਿਲ੍ਹਾ ਪ੍ਰਧਾਨ ਤੇ ਹੋਰ ਆਗੂਆਂ ਨਾਲ ਅਹਿਮ ਮੀਟਿੰਗ ਕੀਤੀ ਗਈ। ਸਾਰਾ ਦਿਨ ਚੱਲੇ ਮੀਟਿੰਗਾਂ ਦੇ ਦੌਰ ਤੋਂ ਬਾਅਦ ਦੇਰ ਸ਼ਾਮ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੇ.ਸੀ. ਵੇਣੂਗੋਪਾਲ ਨੇ ਦਾਅਵਾ ਕੀਤਾ ਕਿ ਕਾਂਗਰਸ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ’ਚ ਜਿੱਤ ਹਾਸਲ ਕਰਕੇ ਸਰਕਾਰ ਬਣਾਏਗੀ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਸਾਰੇ ਆਗੂ ਤੇ ਵਰਕਰ ਇਕਜੁੱਟ ਹੋ ਕੇ ਚੋਣ ਲੜਨਗੇ ਤੇ ਜਿੱਤ ਹਾਸਲ ਕਰਨਗੇ। ਵੇਣੂਗੋਪਾਲ ਨੇ ਦੱਸਿਆ ਕਿ ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ 4 ਨਵੰਬਰ ਨੂੰ ਸੰਗਰੂਰ ਪਹੁੰਚਣਗੇ ਤੇ ਉੱਥੋਂ ਹੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੀ ਚੋਣ ਮੁਹਿੰਮ ਦਾ ਆਗਾਜ਼ ਕਰਨਗੇ। ਉਨ੍ਹਾਂ ਕਿਹਾ ਕਿ ਕਾਂਗਰਸ ਦਾ ਟੀਚਾ ਪੰਜਾਬ ਨੂੰ ਮੁੜ ਸ਼ਾਂਤੀਪੂਰਨ, ਸੁਰੱਖਿਅਤ ਤੇ ਨਸ਼ਾ ਮੁਕਤ ਸੂਬਾ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸ਼ਾਂਤੀ ਤੇ ਭਾਈਚਾਰਕ ਸਾਂਝ ਦੀ ਰਾਖੀ ਕਰਨਾ ਕਾਂਗਰਸ ਦੀ ਮੁੱਖ ਤਰਜੀਹ ਹੈ, ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿਛਲੇ ਕਰੀਬ ਪੰਜ ਸਾਲਾਂ ਦੌਰਾਨ ਸੂਬੇ ਨੂੰ ਤਬਾਹੀ ਦੇ ਕੰਢੇ ’ਤੇ ਪਹੁੰਚਾ ਦਿੱਤਾ ਹੈ। ਪੰਜਾਬ ’ਚ ਕਾਂਗਰਸ ਦੇ ਮੁੱਖ ਮੰਤਰੀ ਚਿਹਰੇ ਬਾਰੇ ਪੱਤਰਕਾਰਾਂ ਵਲੋਂ ਪੁੱਛੇ ਸਵਾਲ ਦੇ ਜਵਾਬ ’ਚ ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ, ਮਲਿਕ ਅਰਜਨ ਖੜਗੇ ਤੇ ਸਾਰੀ ਲੀਡਰਸ਼ਿਪ ਹੀ ਮੁੱਖ ਮੰਤਰੀ ਦਾ ਚਿਹਰਾ ਹੋਵੇਗੀ ਤੇ ਸਾਰੇ ਰਲ ਮਿਲ ਕੇ ਪੰਜਾਬ ’ਚ ਕਾਂਗਰਸ ਦੀ ਸਰਕਾਰ ਬਣਾਉਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਦਾ ਟੀਚਾ ਪੰਜਾਬ ਨੂੰ ਮੁੜ ਖੁਸ਼ਹਾਲ ਤੇ ਨਸ਼ਾ ਮੁਕਤ ਸੁੂਬਾ ਬਣਾਉਣਾ ਹੈ। ਉਨ੍ਹਾਂ ਅਨੁਸਾਰ ਸੂਬੇ ’ਚ ਕਾਨੂੰਨ ਵਿਵਸਥਾ ਦੀ ਸਥਿਤੀ ਲਗਾਤਾਰ ਵਿਗੜ ਰਹੀ ਹੈ, ਨਸ਼ਾ ਤਸਕਰੀ ਦਾ ਨੈੱਟਵਰਕ ਫੈਲ ਰਿਹਾ ਹੈ ਤੇ ਨੌਜਵਾਨਾਂ ਸਾਹਮਣੇ ਬੇਰੁਜ਼ਗਾਰੀ ਇਕ ਗੰਭੀਰ ਚੁਣੌਤੀ ਬਣੀ ਹੋਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਨਸ਼ਾ ਤਸਕਰਾਂ ਨੂੰ ਸਿਆਸੀ ਸਰਪ੍ਰਸਤੀ ਮਿਲਣ ਤੇ ਪੁਲਿਸ ਤੇ ਪ੍ਰਸ਼ਾਸਨ ਦੀ ਲਾਪਰਵਾਹੀ ਕਾਰਨ ਆਮ ਲੋਕਾਂ ਦਾ ਭਰੋਸਾ ਕਮਜ਼ੋਰ ਹੋਇਆ ਹੈ। ਵੇਣੂਗੋਪਾਲ ਨੇ ਕਿਹਾ ਕਿ ਪੰਜਾਬ ਨੂੰ ਇਸ ਸੰਕਟ ’ਚੋਂ ਬਾਹਰ ਕੱਢਣ ਤੇ ਮੁੜ ਤਰੱਕੀ ਦੇ ਰਾਹ ’ਤੇ ਲਿਜਾਣ ਲਈ ਕਾਂਗਰਸ ਪੂਰੀ ਮਜ਼ਬੂਤੀ ਨਾਲ ਸੰਘਰਸ਼ ਕਰੇਗੀ। ਸੰਗਠਨ ਨੂੰ ਮਜ਼ਬੂਤ ਕਰਨ ਤੇ ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਤੇਜ਼ ਕਰਨ ਲਈ ਪਾਰਟੀ ਵਲੋਂ ਅੱਜ ਚਾਰ ਅਹਿਮ ਮੀਟਿੰਗਾਂ ਕੀਤੀਆਂ ਗਈਆਂ। ਇਨ੍ਹਾਂ ਮੀਟਿੰਗਾਂ ’ਚ ਚੋਣ ਰਣਨੀਤੀ, ਸੰਗਠਨਾਤਮਕ ਮਜ਼ਬੂਤੀ ਅਤੇ ਆਉਣ ਵਾਲੇ ਮਹੀਨਿਆਂ ਦੀ ਯੋਜਨਾਬੰਦੀ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਪੰਜਾਬ ਆ ਕੇ ਸੂਬੇ ਨੂੰ ਦੋ ਸਾਲ ’ਚ ਨਸ਼ਾ ਮੁਕਤ ਕਰਨ ਬਾਰੇ ਉਨ੍ਹਾਂ ਕਿਹਾ ਕਿ 13 ਸਾਲ ਤੋਂ ਦੇਸ਼ ’ਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਹੈ ਤੇ ਪੰਜਾਬ ਨਾਲ ਲੱਗਦੇ ਬਾਰਡਰ ਉਨ੍ਹਾਂ ਦੇ ਅਧੀਨ ਆਉਂਦੇ ਹਨ ਤਾਂ ਹੁਣ ਤੱਕ ਪੰਜਾਬ ਨੂੰ ਤੇ ਦੇਸ਼ ਨੂੰ ਨਸ਼ਾ ਮੁਕਤ ਕਿਉਂ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅਮਿਤ ਸ਼ਾਹ ਵਲੋਂ ਇਹ ਸਭ ਤੋਂ ਵੱਡਾ ਮਜ਼ਾਕ ਕੀਤਾ ਗਿਆ ਹੈ। ਇਕ ਸਵਾਲ ਦੇ ਜਵਾਬ ’ਤੇ ਉਨ੍ਹਾਂ ਕਿਹਾ ਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਸਭ ਤੋਂ ਵਧੀਆ ਪ੍ਰਧਾਨ ਸਾਬਤ ਹੋਏ ਹਨ ਤੇ ਆਉਂਦੀਆਂ ਵਿਧਾਨ ਸਭਾ ਚੋਣਾਂ ’ਚ ਉਹ ਮਹੱਤਵਪੂਰਨ ਭੂਮਿਕਾ ਨਿਭਾਉਣਗੇ। ਇਸ ਮੌਕੇ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਨੇ ਕਿਹਾ ਕਿ ਕਾਂਗਰਸ ਆਗਾਮੀ ਵਿਧਾਨ ਸਭਾ ਚੋਣਾਂ ਪੂਰੀ ਤਿਆਰੀ ਤੇ ਮਜ਼ਬੂਤ ਰਣਨੀਤੀ ਨਾਲ ਲੜੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਇਕਜੁੱਟਤਾ ਨਾਲ ਚੋਣਾਂ ਲੜੇਗੀ ਤੇ ਜਿੱਤ ਹਾਸਿਲ ਕਰੇਗੀ। ਉਨ੍ਹਾਂ ਕਿਹਾ ਕਿ ਅੱਜ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਘਰ ਸਾਰੇ ਲੀਡਰ ਦੁਪਹਿਰ ਦੇ ਖਾਣੇ ’ਤੇ ਮੌਜੂਦ ਸਨ ਤੇ ਅੱਜ ਦੀਆਂ ਮੀਟਿੰਗਾਂ ਦੌਰਾਨ ਵੀ ਸਾਰੀ ਲੀਡਰਸ਼ਿਪ ਨੇ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਕਿਹਾ ਕਿ ਕਾਂਗਰਸ ਦੇ ਸਾਰੇ ਆਗੂ ਤੇ ਵਰਕਰ ਪੰਜਾਬ ਨੂੰ ਬਚਾਉਣ ਤੇ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਇਕਜੁੱਟ ਹੋ ਕੇ ਮੈਦਾਨ ’ਚ ਉਤਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅੱਜ ਦੀਆਂ ਮੀਟਿੰਗਾਂ ’ਚ ਸਮੂਹ  ਅਹੁਦੇਦਾਰਾਂ ਤੇ ਵਿਧਾਇਕਾਂ ਵਲੋਂ ਆਪਣੀ ਰਾਏ ਤੇ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਰਣਨੀਤੀ ’ਤੇ ਚਰਚਾ ਕੀਤੀ ਗਈ ਹੈ ਤੇ ਆਉਂਦੇ ਦਿਨਾਂ ’ਚ ਸਾਰੀ ਕਾਂਗਰਸ ਇਕਜੁੱਟ ਹੋ ਕੇ ਮੈਦਾਨ ’ਚ ਉਤਰੇਗੀ। ਇਸ ਮੌਕੇ ਪੱਤਰਕਾਰਾਂ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਜਦੋਂ ਸਵਾਲ ਕੀਤਾ ਗਿਆ ਕਿ ਕੇ.ਸੀ ਵੇਣੂਗੋਪਾਲ ਵਲੋਂ ਕਿਹਾ ਗਿਆ ਹੈ ਕਿ ਇਸ ਵਾਰ ਰਾਹੁਲ ਗਾਂਧੀ ਹੀ ਪਾਰਟੀ ਦਾ ਚਿਹਰਾ ਹੋਣਗੇ ਤਾਂ ਉਨ੍ਹਾਂ ਸਿਰਫ ਇੰਨਾ ਹੀ ਕਿਹਾ ਕਿ ਅਜੇ ਜੋ ਪਾਰਟੀ ਕਹਿ ਰਹੀ ਹੈ ਉਸ ਨੂੰ ਮੰਨ ਕੇ ਚੱਲੋ। ਇਸ ਮੌਕੇ ਪ੍ਰਤਾਪ ਸਿੰਘ ਬਾਜਵਾ, ਚਰਨਜੀਤ ਸਿੰਘ ਚੰਨੀ, ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ, ਡਾ. ਅਮਰ ਸਿੰਘ, ਤਿ੍ਪਤ ਰਾਜਿੰਦਰ ਸਿੰਘ ਬਾਜਵਾ, ਸ਼ਮਸ਼ੇਰ ਸਿੰਘ ਦੂਲੋ, ਵਿਜੇ ਇੰਦਰ ਸਿੰਗਲਾ, ਸੁਖਬਿੰਦਰ ਸਿੰਘ ਸੁੱਖ ਸਰਕਾਰੀਆ, ਭਗਵੰਤ ਪਾਲ ਸਿੰਘ ਸੱਚਰ ਸਮੇਤ ਪਾਰਟੀ ਦੇ ਹੋਰ ਸੀਨੀਅਰ ਆਗੂ ਮੌਜੂਦ ਸਨ।

 

ਪਿਛਲੀ ਖ਼ਬਰ ਫ਼ੌਜ ਲਈ 2.12 ਲੱਖ ਕਰੋੜ ਰੁਪਏ ਦੇ ਸਾਜ਼ੋ-ਸਾਮਾਨ ਦੀ ਖਰੀਦ ਨੂੰ ਪ੍ਰਵਾਨਗੀ ਅਗਲੀ ਖ਼ਬਰ ਐਸ.ਆਈ.ਆਰ. ਲਾਗੂ ਕਰਨ ਦੇ ਹੁਕਮ ਸਰਬਸੰਮਤੀ ਨਾਲ ਮਨਜ਼ੂਰ ਕੀਤੇ ਗਏ-ਚੋਣ ਕਮਿਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।