ਕੇਂਦਰ ਨੇ ਪਟੀਸ਼ਨ ਦਾ ਕੀਤਾ ਵਿਰੋਧ- ਕਿਹਾ, ਭਾਈ ਰਾਜੋਆਣਾ ਸੰਵਿਧਾਨ ਅਤੇ ਅਦਾਲਤਾਂ ’ਚ ਵਿਸ਼ਵਾਸ ਨਹੀਂ ਰੱਖਦਾ
ਨਵੀਂ ਦਿੱਲੀ, 25 ਨਵੰਬਰ (ਜਗਤਾਰ ਸਿੰਘ)-ਕੇਂਦਰ ਸਰਕਾਰ ਨੇ ਬੁੱਧਵਾਰ ਨੂੰ ਸੁਪਰੀਮ ਕੋਰਟ ’ਚ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਉਸ ਅਰਜ਼ੀ ਦਾ ਵਿਰੋਧ ਕੀਤਾ, ਜਿਸ ਵਿਚ ਉਸਨੇ 1995 ’ਚ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ’ਚ ਮਿਲੀ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਚ ਬਦਲਣ ਦੀ ਮੰਗ ਕੀਤੀ ਸੀ। ਕੇਂਦਰ ਨੇ ਦਲੀਲ ਦਿੱਤੀ ਕਿ ਭਾਈ ਰਾਜੋਆਣਾ ਦਾ ਸੰਵਿਧਾਨ ਜਾਂ ਅਦਾਲਤਾਂ ’ਚ ਕੋਈ ਵਿਸ਼ਵਾਸ ਨਹੀਂ ਹੈ। ਭਾਈ ਰਾਜੋਆਣਾ, (ਜੋ ਲਗਭਗ 30 ਸਾਲਾਂ ਤੋਂ ਕੈਦ ’ਚ ਹੈ, ਜਿਸ ’ਚ 15 ਸਾਲਾਂ ਤੋਂ ਵੱਧ ਦਾ ਸਮਾਂ ਫਾਂਸੀ ਦੀ ਸਜ਼ਾ ਦੀ ਉਡੀਕ ’ਚ ਬੀਤਿਆ ਹੈ) ਨੇ ਆਪਣੀ ਰਹਿਮ ਦੀ ਅਪੀਲ ’ਤੇ ਫ਼ੈਸਲਾ ਲੈਣ ’ਚ ਹੋਈ ਦੇਰੀ ਦੇ ਆਧਾਰ ’ਤੇ ਆਪਣੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ’ਚ ਬਦਲਣ ਦੀ ਮੰਗ ਕੀਤੀ ਹੈ। ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ ਦੇ ਦੋਸ਼ੀ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ’ਚ ਬਦਲਣ ਵਾਲੀ ਪਟੀਸ਼ਨ ’ਤੇ ਸੁਣਵਾਈ ਪੂਰੀ ਕਰਨ ਬਾਅਦ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਜਸਟਿਸ ਵਿਕਰਮ ਨਾਥ, ਜਸਟਿਸ ਸੰਦੀਪ ਮਹਿਤਾ ਅਤੇ ਜਸਟਿਸ ਅਪਰੇਸ਼ ਕੁਮਾਰ ਸਿੰਘ ਦੀ ਬੈਂਚ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਬਾਅਦ ਇਸ ਮਾਮਲੇ ’ਤੇ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਤੇ ਦੋਵਾਂ ਧਿਰਾਂ ਨੂੰ ਲਿਖਤੀ ਦਲੀਲਾਂ ਦਾਇਰ ਕਰਨ ਲਈ 2 ਹਫ਼ਤਿਆਂ ਦਾ ਸਮਾਂ ਦਿੱਤਾ ਹੈ। ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਦਲੀਲ ਦਿੱਤੀ ਕਿ ਭਾਈ ਰਾਜੋਆਣਾ ਲਗਭਗ 30 ਸਾਲਾਂ ਤੋਂ ਜੇਲ੍ਹ ’ਚ ਬੰਦ ਹਨ ਅਤੇ 2012 ਤੋਂ ਰਾਸ਼ਟਰਪਤੀ ਕੋਲ ਲੰਬਿਤ ਪਈ ਉਨ੍ਹਾਂ ਦੀ ਰਹਿਮ ਦੀ ਅਪੀਲ ’ਤੇ ਅਜੇ ਤੱਕ ਕੋਈ ਫ਼ੈਸਲਾ ਨਹੀਂ ਲਿਆ ਗਿਆ। ਉਨ੍ਹਾਂ ਕਿਹਾ ਕਿ ਮਈ 2023 ’ਚ ਸੁਪਰੀਮ ਕੋਰਟ ਵਲੋਂ ਅਧਿਕਾਰੀਆਂ ਨੂੰ ਇਸ ’ਤੇ ਵਿਚਾਰ ਕਰਨ ਲਈ ਕਹੇ ਜਾਣ ਦੇ ਬਾਵਜੂਦ ਸਾਢੇ ਤਿੰਨ ਸਾਲ ਬੀਤ ਚੁੱਕੇ ਹਨ, ਜੋ ਕਿ ਸੰਵਿਧਾਨ ਦੀ ਧਾਰਾ 21 (ਜੀਵਨ ਦੇ ਅਧਿਕਾਰ) ਦੀ ਉਲੰਘਣਾ ਹੈ। ਦੂਜੇ ਪਾਸੇ ਕੇਂਦਰ ਵਲੋਂ ਪੇਸ਼ ਹੋਏ ਵਧੀਕ ਸਾਲੀਸਿਟਰ ਜਨਰਲ ਕੇ.ਐਮ. ਨਟਰਾਜ ਨੇ ਪਟੀਸ਼ਨ ਦਾ ਵਿਰੋਧ ਕਰਦਿਆਂ ਕਿਹਾ ਕਿ ਇਹ ਰਹਿਮ ਦੀ ਅਪੀਲ ਭਾਈ ਰਾਜੋਆਣਾ ਨੇ ਖ਼ੁਦ ਦਾਇਰ ਨਹੀਂ ਕੀਤੀ ਸੀ, ਸਗੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦਾਇਰ ਕੀਤੀ ਗਈ ਸੀ। ਸਰਕਾਰ ਨੇ ਇਹ ਵੀ ਕਿਹਾ ਕਿ ਕਿਸੇ ਹੋਰ ਵਲੋਂ ਦਾਇਰ ਅਪੀਲ ’ਚ ਦੇਰੀ ਦੇ ਆਧਾਰ ’ਤੇ ਧਾਰਾ 21 ਦਾ ਹਵਾਲਾ ਨਹੀਂ ਦਿੱਤਾ ਜਾ ਸਕਦਾ। ਵਕੀਲ ਨਟਰਾਜ ਨੇ ਇਹ ਵੀ ਕਿਹਾ ਕਿ ਮੁਕੱਦਮੇ ਦੌਰਾਨ ਭਾਈ ਰਾਜੋਆਣਾ ਨੇ ਸੰਵਿਧਾਨ ਤੇ ਨਿਆਇਕ ਵਿਵਸਥਾ ’ਚ ਵਿਸ਼ਵਾਸ਼ ਨਹੀਂ ਹੋਣ ਦੀ ਗੱਲ ਆਖੀ ਸੀ, ਅਜਿਹੇ ’ਚ ਹੁਣ ਸੰਵਿਧਾਨਕ ਵਿਵਸਥਾਵਾਂ ਦਾ ਸਹਾਰਾ ਲੈ ਕੇ ਰਾਹਤ ਮੰਗਣ ਦੀ ਉਨ੍ਹਾਂ ਦੀ ਦਲੀਲ ਸਵੀਕਾਰ ਨਹੀਂ ਕੀਤੀ ਜਾਣੀ ਚਾਹੀਦੀ। ਕੇਂਦਰ ਵਲੋਂ ਇਹ ਵੀ ਕਿਹਾ ਗਿਆ ਕਿ ਪੰਜਾਬ ਦੇ ਹਾਲਾਤ ’ਚ ਅਜਿਹਾ ਕੋਈ ਮਹੱਤਵਪੂਰਨ ਬਦਲਾਅ ਨਹੀਂ ਆਇਆ ਹੈ, ਜਿਸ ਦੇ ਆਧਾਰ ’ਤੇ ਸੁਪਰੀਮ ਕੋਰਟ ਆਪਣੇ ਪਹਿਲਾਂ ਦੇ ਰੁਖ਼ ’ਚ ਬਦਲਾਅ ਕਰੇ।