ਦਸੂਹਾ, 21 ਅਕਤੂਬਰ (ਭੁੱਲਰ)- ਕੇ.ਐਮ.ਐਸ. ਕਾਲਜ ਵਿਖੇ ਦੋ ਰੋਜ਼ਾ ਵਰਕਸ਼ਾਪ ਦੀ ਸਫਲਤਾਪੂਰਵਕ ਸਮਾਪਤੀ ਹੋ ਗਈ। ਇਸ ਵਰਕਸ਼ਾਪ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੀ ਰਚਨਾਤਮਿਕਤਾ ਨੂੰ ਉਤਸ਼ਾਹਿਤ ਕਰਨਾ ਅਤੇ ਉਨ੍ਹਾਂ ਨੂੰ ਫ਼ੈਸ਼ਨ ਤੇ ਟੈਕਸਟਾਈਲ ਡਿਜ਼ਾਈਨਿੰਗ ਦੇ ਖੇਤਰ ਵਿਚ ਵਿਹਾਰਕ ਗਿਆਨ ਪ੍ਰਦਾਨ ਕਰਨਾ ਸੀ। ਡਾ. ਰਾਜੇਸ਼ ਕੁਮਾਰ ਨੇ ਦੱਸਿਆ ਕਿ ਵਰਕਸ਼ਾਪ ਦੌਰਾਨ ਹੈਂਡ ਪੇਂਟਿੰਗ ਵਿਸ਼ੇ ’ਤੇ ਸਿਖਲਾਈ ਦਿੱਤੀ ਗਈ। ਇਸ ਸੈਸ਼ਨ ਦੇ ਰਿਸੋਰਸ ਪਰਸਨ ਸ਼੍ਰੀਮਤੀ ਮਮਤਾ ਚੌਧਰੀ, ਦਿੱਲੀ ਸਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਹੈਂਡ ਪੇਂਟਿੰਗ ਦੀਆਂ ਵੱਖ-ਵੱਖ ਤਕਨੀਕਾਂ ਅਤੇ ਕੱਪੜਿਆਂ ਉੱਤੇ ਆਕਰਸ਼ਕ ਡਿਜ਼ਾਈਨ ਤਿਆਰ ਕਰਨ ਦੇ ਢੰਗਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਵਰਕਸ਼ਾਪ ਦੇ ਦੂਜੇ ਦਿਨ ਰਿਸੋਰਸ ਪਰਸਨ ਅਸ਼ਵਨੀ ਖੋਸਲਾ ਅੰਮ੍ਰਿਤਸਰ ਨੇ ਵਿਦਿਆਰਥੀਆਂ ਨੂੰ ਪ੍ਰਿੰਟਿੰਗ ਦੀਆਂ ਵੱਖ-ਵੱਖ ਤਕਨੀਕਾਂ, ਡਿਜ਼ਾਈਨ ਤਿਆਰ ਕਰਨ ਦੀ ਪ੍ਰਕਿਰਿਆ ਅਤੇ ਇਸ ਖੇਤਰ ਨਾਲ ਸਬੰਧਿਤ ਮਹੱਤਵਪੂਰਨ ਬਾਰੀਕੀਆਂ ਤੋਂ ਜਾਣੂ ਕਰਵਾਇਆ। ਦੋਵੇਂ ਸੈਸ਼ਨਾਂ ਦੌਰਾਨ ਵਿਦਿਆਰਥੀਆਂ ਨੂੰ ਮਾਹਿਰਾਂ ਦੇ ਤਜਰਬੇ ਤੋਂ ਸਿੱਖਣ ਅਤੇ ਆਪਣੇ ਹੁਨਰ ਨੂੰ ਨਿਖਾਰਨ ਦਾ ਮੌਕਾ ਮਿਲਿਆ। ਇਸ ਮੌਕੇ ਅਸਿਸਟੈਂਟ ਪ੍ਰੋਫੈਸਰ ਅਮਨਪ੍ਰੀਤ ਕੌਰ, ਕਿਰਨਜੀਤ ਕੌਰ, ਸੰਦੀਪ ਕਲੇਰ, ਜਸਪ੍ਰੀਤ ਕੌਰ ਅਤੇ ਮੁਸਕਾਨ ਨੇ ਅਹਿਮ ਭੂਮਿਕਾ ਨਿਭਾਈ।