ਜਗਰਾਉਂ/ਚੌਂਕੀਮਾਨ, 29 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ, ਤੇਜਿੰਦਰ ਸਿੰਘ ਚੱਢਾ)- ਪੰਜਾਬ ਦੇ ਵੱਖ-ਵੱਖ ਹਲਕਿਆਂ ’ਚ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੀਤੀਆਂ ਜਾ ਰਹੀਆਂ ਲੋਕ ਮਿਲਣੀਆਂ ਦੀ ਲੜੀ ਤਹਿਤ ਅੱਜ ਹਲਕਾ ਦਾਖਾ ਦੇ ਪਿੰਡ ਹਾਂਸ ਕਲਾਂ ਵਿਖੇ ਲੋਕ ਮਿਲਣੀ ਕੀਤੀ ਗਈ। ਇਸ ਮੌਕੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕ ਸੂਬੇ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਮੁੜ ਮੌਕਾ ਦੇਣਗੇ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਧਿਆਨ ਬੱਚਿਆਂ ਨੂੰ ਮਿਆਰੀ ਸਿੱਖਿਆ, ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ, ਖੇਤੀ ਲਈ ਦਿਨ ਵੇਲੇ ਬਿਜਲੀ ਤੇ ਨਹਿਰੀ ਪਾਣੀ ਮੁਹੱਈਆ ਕਰਵਾਉਣ ਅਤੇ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਨ ’ਤੇ ਕੇਂਦਰਿਤ ਹੈ। ਉਨ੍ਹਾਂ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਲਾਭਪਾਤਰੀ ਔਰਤਾਂ ਨੂੰ ਅਗਲੀ ਕਿਸ਼ਤ ਪਹਿਲੀ ਦਸੰਬਰ ਨੂੰ ਸੂਬਾ ਪੱਧਰੀ ਸਮਾਗਮ ਦੌਰਾਨ ਜਾਰੀ ਕਰਨ ਦਾ ਐਲਾਨ ਵੀ ਕੀਤਾ। ਮੁੱਖ ਮੰਤਰੀ ਨੇ ਸਮਾਗਮ ਵਿਚ ਪੁੱਜੀਆਂ ਔਰਤਾਂ, ਬਜ਼ੁਰਗਾਂ ਅਤੇ ਹੋਰਨਾਂ ਇਲਾਕਾ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਵਲੋਂ ਮਿਲ ਰਿਹਾ ਪਿਆਰ ਅਤੇ ਸਹਿਯੋਗ ਉਨ੍ਹਾਂ ਨੂੰ ਹੋਰ ਸਮਰਪਣ ਨਾਲ ਕੰਮ ਕਰਨ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਲੋਕ ਮਿਲਣੀ ਦਾ ਮਕਸਦ ਲੋਕਾਂ ਨਾਲ ਸਿੱਧਾ ਸੰਵਾਦ ਕਰਨਾ, ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣਨਾ ਅਤੇ ਹੱਲ ਲਈ ਕਾਰਵਾਈ ਕਰਨਾ ਹੈ। ਉਨ੍ਹਾਂ ਅਨੁਸਾਰ ਸਰਕਾਰ ਦੀ ਜ਼ਿੰਮੇਵਾਰੀ ਲੋਕਾਂ ਦੇ ਰੋਜ਼ਾਨਾ ਜੀਵਨ ਨਾਲ ਜੁੜੀਆਂ ਸਮੱਸਿਆਵਾਂ ਦਾ ਹੱਲ ਕਰਕੇ ਜ਼ਮੀਨੀ ਪੱਧਰ ’ਤੇ ਨਤੀਜੇ ਦੇਣਾ ਹੈ। ਮੁੱਖ ਮੰਤਰੀ ਮਾਨ ਨੇ ਸ਼੍ਰੋਮਣੀ ਅਕਾਲੀ ਦਲ ’ਤੇ ਨਿਸ਼ਾਨਾ ਸਾਧਦਿਆਂ ਦੋਸ਼ ਲਾਇਆ ਕਿ ਪਾਰਟੀ ਨੇ ਆਪਣੇ 25 ਸਾਲਾਂ ਦੇ ਰਾਜ ਦੌਰਾਨ ਲੋਕਾਂ ਨੂੰ ਗੁੰਮਰਾਹ ਕੀਤਾ। ਉਨ੍ਹਾਂ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗੱਠਜੋੜ ਹੋਣ ’ਤੇ ਕਿਹਾ ਕਿ ਅਕਾਲੀ ਲੀਡਰਸ਼ਿਪ ਨੇ ਸੱਤ੍ਹਾ ਦੀ ਖ਼ਾਤਰ ਪੰਜਾਬ ਅਤੇ ਕਿਸਾਨਾਂ ਦੇ ਹਿੱਤਾਂ ਨੂੰ ਪਿੱਛੇ ਛੱਡ ਦਿੱਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਅਕਾਲੀ ਦਲ ਨੇ ਕਿਸਾਨ ਅੰਦੋਲਨ ਦੌਰਾਨ ਜਾਨਾਂ ਗੁਆਉਣ ਵਾਲੇ 750 ਕਿਸਾਨਾਂ ਦੀਆਂ ਕੁਰਬਾਨੀਆਂ ਨੂੰ ਅਣਡਿੱਠ ਕਰਕੇ ਭਾਜਪਾ ਨਾਲ ਹੱਥ ਮਿਲਾਇਆ ਹੈ। ਉਨ੍ਹਾਂ ਅਨੁਸਾਰ ਮੌਜੂਦਾ ਸਰਕਾਰ ਦੇ ਸੱਤ੍ਹਾ ਵਿਚ ਆਉਣ ਤੋਂ ਪਹਿਲਾਂ ਨਹਿਰੀ ਪਾਣੀ ਦੀ ਵਰਤੋਂ ਕਰੀਬ 22 ਫ਼ੀਸਦੀ ਸੀ, ਜੋ ਹੁਣ ਵਧ ਕੇ ਲਗਭਗ 85 ਫ਼ੀਸਦੀ ਹੋ ਗਈ ਹੈ। ਪਿੰਡਾਂ ਦੇ ਵਿਕਾਸ ਬਾਰੇ ਉਨ੍ਹਾਂ ਕਿਹਾ ਕਿ ਸਰਕਾਰ ਲੋਕ ਭਲਾਈ ਅਤੇ ਬੁਨਿਆਦੀ ਢਾਂਚੇ ਲਈ ਲੋੜੀਂਦੇ ਫੰਡ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਸਿੱਖਿਆ ਨੂੰ ਗ਼ਰੀਬੀ ਦੂਰ ਕਰਨ ਦਾ ਸਭ ਤੋਂ ਪ੍ਰਭਾਵਸ਼ਾਲੀ ਸਾਧਨ ਦੱਸਦਿਆਂ ਕਿਹਾ ਕਿ ਭਲਾਈ ਯੋਜਨਾਵਾਂ ਲੋਕਾਂ ਨੂੰ ਤੁਰੰਤ ਰਾਹਤ ਦਿੰਦੀਆਂ ਹਨ, ਜਦਕਿ ਮਿਆਰੀ ਸਿੱਖਿਆ ਬੱਚਿਆਂ ਦਾ ਭਵਿੱਖ ਸੰਵਾਰਦੀ ਹੈ। ਸਿਹਤ ਖੇਤਰ ਬਾਰੇ ਮੁੱਖ ਮੰਤਰੀ ਨੇ ਦੱਸਿਆ ਕਿ ਸੂਬੇ ਵਿਚ ਲਗਭਗ 1,200 ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਮੁਫ਼ਤ ਦਵਾਈਆਂ ਅਤੇ ਜਾਂਚ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਇਸ ਮੌਕੇ ਮੁੱਖ ਮੰਤਰੀ ਮਾਨ ਵਲੋਂ ਪਿੰਡ ਹਾਂਸ ਕਲਾਂ ਦੀ ਗ੍ਰਾਮ ਪੰਚਾਇਤ ਨੂੰ 51 ਲੱਖ ਰੁਪਏ ਦਾ ਚੈੱਕ ਵਿਕਾਸ ਕਾਰਜਾਂ ਲਈ ਦਿੱਤਾ ਗਿਆ। ਇਸ ਮੌਕੇ ਹਲਕਾ ਇੰਚਾਰਜ ਡਾ: ਕੇ.ਐੱਨ.ਐੱਸ. ਕੰਗ ਨੇ ਮੁੱਖ ਮੰਤਰੀ ਦਾ ਸਵਾਗਤ ਕਰਦਿਆਂ ਕਿਹਾ ਕਿ ਲੋਕ ‘ਆਪ’ ਸਰਕਾਰ ਵਲੋਂ ਕੀਤੇ ਕੰਮਾਂ ਤੋਂ ਖੁਸ਼ ਹਨ ਤੇ ਦੁਬਾਰਾ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣਗੇ। ਇਸ ਮੌਕੇ ਹਲਕਾ ਇੰਚਾਰਜ ਡਾ: ਕੇ.ਐੱਨ.ਐੱਸ. ਕੰਗ, ਮਾਰਕੀਟ ਕਮੇਟੀ ਸਿੱਧਵਾਂ ਬੇਟ ਦੇ ਚੇਅਰਮੈਨ ਪਰਮਿੰਦਰ ਸਿੰਘ ਸਿੱਧੂ ਤੇ ਗ੍ਰਾਮ ਪੰਚਾਇਤ ਵਲੋਂ ਮੁੱਖ ਮੰਤਰੀ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਨਵਜੋਤ ਸਿੰਘ, ਚੇਅਰਮੈਨ ਵਿਜੇ ਬਿਕਟਰ, ਸਰਪੰਚ ਮਨਪ੍ਰੀਤ ਕੌਰ ਹਾਂਸ ਕਲਾਂ, ਗੁਰਨਾਜ ਸਿੰਘ ਕੰਗ, ਪ੍ਰਧਾਨ ਅਜਮੇਰ ਸਿੰਘ, ਪ੍ਰਧਾਨ ਪਰਮਿੰਦਰ ਸਿੰਘ ਮਾਜਰੀ, ਸਤਵਿੰਦਰ ਸਿੰਘ ਸਵੱਦੀ, ਬਲਵੀਰ ਸਿੰਘ ਵਲੀਪੁਰ, ਗੁਲਵੰਤ ਸਿੰਘ ਜੰਡੀ, ਸਰਪੰਚ ਗੁਰਤੇਜ ਸਿੰਘ ਅਗਵਾੜ ਪੋਨਾ, ਸਰਪੰਚ ਸ਼ਿੰਗਾਰਾ ਸਿੰਘ, ਲਛਮਣ ਸਿੰਘ ਧੂਰਕੋਟ, ਸੰਦੀਪ ਸਿੰਘ ਸੂਜਾਪੁਰ, ਦਲਜਿੰਦਰ ਸਿੰਘ ਬੱਦੋਵਾਲ, ਨਵਤੇਜ ਸਿੰਘ ਈਸੇਵਾਲ, ਚਮਕੌਰ ਸਿੰਘ ਚੌਂਕੀਮਾਨ, ਜਗਦੀਪ ਸਿੰਘ ਪਮਾਲ, ਲਖਵੀਰ ਸਿੰਘ ਜੁੜਾਹਾਂ, ਸਰਪੰਚ ਦਵਿੰਦਰ ਸਿੰਘ ਸਲੇਮਪੁਰ, ਹਰਜਿੰਦਰ ਸਿੰਘ ਲੋਹਗੜ, ਨਵਲ ਕਿਸ਼ੋਰ, ਜਸਵੰਤ ਸਿੰਘ ਮੁੱਲਾਂਪੁਰ, ਸੁਖਪਾਲ ਸਿੰਘ, ਸੁਖਜੀਤ ਸਿੰਘ ਮੋਹੀ, ਯੂਥ ਪ੍ਰਧਾਨ ਜਸਵੀਰ ਸਿੰਘ, ਸੈਕਟਰੀ ਜਸਦੀਪ ਸਿੰਘ, ਸਰਪੰਚ ਸੰਦੀਪ ਕੌਰ ਸਿੱਧਵਾਂ, ਸਰਪੰਚ ਜਰਨੈਲ ਸਿੰਘ, ਸਰਪੰਚ ਮਨਪ੍ਰੀਤ ਸਿੰਘ, ਸਰਪੰਚ ਸਤਵਿੰਦਰ ਸਿੰਘ, ਸਰਪੰਚ ਭਰਪੂਰ ਸਿੰਘ, ਸਰਪੰਚ ਸੁਖਦੇਵ ਸਿੰਘ ਬੰਗਸੀਪੁਰਾ, ਅਮਨਦੀਪ ਸਿੰਘ ਸਦਰਪੁਰਾ, ਕੋਆਰਡੀਨੇਟਰ ਹਰਪ੍ਰੀਤ ਸਿੰਘ ਤਲਵੰਡੀ, ਸਰਪੰਚ ਜਸਦੀਪ ਸਿੰਘ ਸਵੱਦੀ ਆਦਿ ਹਾਜ਼ਰ ਸਨ।