10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਪੰਜਾਬ ਨੰਬਰਦਾਰ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਰੋਸ ਦਾ ਪ੍ਰਗਟਾਵਾ

ਬਸੀ ਪਠਾਣਾਂ, 9 ਨਵੰਬਰ (ਰਾਜਿੰਦਰ ਸ਼ਰਮਾ, ਐਚ. ਐਸ..

ਬਸੀ ਪਠਾਣਾਂ ਵਿਖੇ ਪੰਜਾਬ ਨੰਬਰਦਾਰ ਯੂਨੀਅਨ ਦੇ ਅਹੁਦੇਦਾਰ ਅਤੇ ਮੈਂਬਰ ਆਪਣੀਆਂ ਮੰਗਾਂ ਬਾਰੇ ਜਾਣਕਾਰੀ ਦਿੰਦੇ ਹੋਏ। ਅਜੀਤ ਤਸਵੀਰ 10-11-2026
ਬਸੀ ਪਠਾਣਾਂ, 9 ਨਵੰਬਰ (ਰਾਜਿੰਦਰ ਸ਼ਰਮਾ, ਐਚ. ਐਸ..ਗੌਤਮ)-ਪੰਜਾਬ ਨੰਬਰਦਾਰ ਯੂਨੀਅਨ ਦੀ ਇਕ ਅਹਿਮ ਮੀਟਿੰਗ ਬਸੀ ਪਠਾਣਾਂ ਵਿਖੇ ਯੂਨੀਅਨ ਦੇ ਕਾਰਜਕਾਰੀ ਪ੍ਰਧਾਨ ਜਗਵਿੰਦਰ ਸਿੰਘ ਮਹਿਦੂਦਾਂ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ’ਚ ਨੰਬਰਦਾਰਾਂ ਦੀਆਂ ਮੁਸ਼ਕਿਲਾਂ ਤੇ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ ਨੰਬਰਦਾਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਅਪਣਾਈ ਜਾ ਰਹੀ ਬੇਰੁਖ਼ੀ ਸੰਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ਦੌਰਾਨ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਪ੍ਰਤੀ ਤਿੱਖਾ ਰੋਸ ਜ਼ਾਹਿਰ ਕਰਦਿਆਂ ਕਿਹਾ ਕਿ ਸਰਕਾਰ ਨੂੰ ਸੱਤਾ ਸੰਭਾਲਿਆਂ ਕਾਫ਼ੀ ਸਮਾਂ ਬੀਤ ਚੁੱਕਾ ਹੈ, ਪਰ ਇਸ ਦੇ ਬਾਵਜੂਦ ਨੰਬਰਦਾਰਾਂ ਦੀਆਂ ਜਾਇਜ਼ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਚੋਣਾਂ ਸਮੇਂ ਲੋਕਾਂ ਨਾਲ ਕੀਤੇ ਵਾਅਦੇ ਅਤੇ ਸਰਕਾਰ ਬਣਨ ਤੋਂ ਬਾਅਦ ਕੀਤੇ ਗਏ ਦਾਅਵੇ ਅਮਲੀ ਰੂਪ ਧਾਰਨ ਕਰਨ ਦੀ ਉਡੀਕ ਕਰ ਰਹੇ ਹਨ, ਜਦਕਿ ਨੰਬਰਦਾਰ ਵਰਗ ਆਪਣੀਆਂ ਮੰਗਾਂ ਮਨਵਾਉਣ ਲਈ ਲਗਾਤਾਰ ਸੰਘਰਸ਼ ਕਰਨ ਲਈ ਮਜਬੂਰ ਹੈ। ਉਨ੍ਹਾਂ ਕਿਹਾ ਕਿ ਨੰਬਰਦਾਰ ਪਿੰਡਾਂ ਵਿਚ ਸਰਕਾਰ ਅਤੇ ਆਮ ਲੋਕਾਂ ਵਿਚਕਾਰ ਇਕ ਅਹਿਮ ਕੜੀ ਵਜੋਂ ਕੰਮ ਕਰਦੇ ਹਨ, ਜ਼ਮੀਨੀ ਰਿਕਾਰਡ, ਤਸਦੀਕ, ਸਰਕਾਰੀ ਕੰਮਾਂ ਅਤੇ ਲੋਕਾਂ ਨੂੰ ਪ੍ਰਸ਼ਾਸਨਿਕ ਸਹਿਯੋਗ ਦੇਣ ਵਰਗੀਆਂ ਜ਼ਿੰਮੇਵਾਰੀਆਂ ਨਿਭਾਉਣ ਦੇ ਬਾਵਜੂਦ ਇਸ ਵਰਗ ਨੂੰ ਬਣਦਾ ਮਾਣ-ਸਤਿਕਾਰ ਅਤੇ ਸਹੂਲਤਾਂ ਨਹੀਂ ਮਿਲ ਰਹੀਆਂ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਨੰਬਰਦਾਰਾਂ ਨੂੰ ਸਿਰਫ਼ ਸਰਕਾਰੀ ਕੰਮਾਂ ਲਈ ਵਰਤਣ ਦੀ ਬਜਾਏ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਹੱਕਾਂ ਵੱਲ ਵੀ ਧਿਆਨ ਦੇਣਾ ਚਾਹੀਦਾ ਹੈ ਅਤੇ ਜੇਕਰ ਸਰਕਾਰ ਨੇ ਅਜੇ ਵੀ ਨੰਬਰਦਾਰਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਨਾ ਲਿਆ ਤਾਂ ਯੂਨੀਅਨ ਵਲੋਂ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਅਗਲੀ ਰਣਨੀਤੀ ਉਲੀਕੀ ਜਾਵੇਗੀ। ਇਸ ਮੌਕੇ ਕਾਰਜਕਰਨੀ ਪ੍ਰਧਾਨ ਜਗਵਿੰਦਰ ਸਿੰਘ ਮਹਿਦੂਦਾਂ, ਪ੍ਰੀਤਮ ਸਿੰਘ ਧੂੰਦਾ, ਬਿੱਕਰ ਸਿੰਘ ਉਦਲਪੁਰ, ਅਭਜਿੰਦਰ ਸਿੰਘ, ਭਿੰਦਰ ਸਿੰਘ, ਹਰਜਿੰਦਰ ਸਿੰਘ, ਸੁਖਵਿੰਦਰ ਸਿੰਘ, ਮਲਕੀਤ ਸਿੰਘ, ਗੁਰਦੇਵ ਸਿੰਘ, ਰਜਿੰਦਰ ਸਿੰਘ, ਟੇਕ ਸਿੰਘ ਡਡਿਆਣਾ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਬਸੀ ਪਠਾਣਾਂ ’ਚ ਡਿਵਾਈਡਰ ’ਤੇ ਰਿਫ਼ਲੈਕਟਰ, ਲਾਈਟਾਂ ਨਾ ਹੋਣ ਕਰਕੇ ਮਹੀਨੇ ’ਚ ਤੀਜਾ ਹਾਦਸਾ, ਪ੍ਰਸ਼ਾਸਨ ਕੁੰਭਕਰਨੀ ਨੀਂਦ ਸੁ... ਅਗਲੀ ਖ਼ਬਰ ਹੰਸਾਲੀ ਵਿਖੇ ਮੁੱਖ ਮੰਤਰੀ ਮਾਨ ਦੀ ਭੈਣ ਮਨਪ੍ਰੀਤ ਕੌਰ ਹੋਏ ਨਤਮਸਤਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।