ਹਲਕਾ ਅਮਲੋਹ ਦੇ ਲੋਕਾਂ ਦਾ ਨਸ਼ੇੜੀਆਂ ਨੇ ਜਿਊਣਾ ਕੀਤਾ ਦੁੱਭਰ, ਨਸ਼ੇ ਨੇ ਅਨੇਕਾਂ ਮਾਵਾਂ ਦੇ ਪੁੱਤ ਮੌਤ ਦੀ ਨੀਂਦ ਸੁਆਏ-ਰਾਜੂ ਖੰਨਾ
ਮੰਡੀ ਗੋਬਿੰਦਗੜ੍ਹ, 17 ਨਵੰਬਰ (ਇਕਬਾਲਦੀਪ ਸੰਧੂ)-ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਹਲਕਾ ਅਮਲੋਹ ਅੰਦਰ ਵਧ ਰਹੇ ਨਸ਼ੇ ਦੇ ਕਾਰੋਬਾਰ ਉੱਪਰ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਨਸ਼ੇ ਨੇ ਹਲਕੇ ਦੇ ਲੋਕਾਂ ਦਾ ਜਿਊਣਾ ਦੁੱਭਰ ਕਰ ਦਿੱਤਾ ਹੈ। ਨਸ਼ਿਆਂ ਦੀ ਦਲਦਲ ਵਿਚ ਫਸ ਕੇ ਜਿੱਥੇ ਅਨੇਕਾਂ ਨੌਜਵਾਨ ਆਪਣੀਆਂ ਜ਼ਿੰਦਗੀਆਂ ਬਰਬਾਦ ਕਰ ਰਹੇ ਹਨ, ਉੱਥੇ ਹੀ ਅਨੇਕਾਂ ਮਾਵਾਂ ਦੇ ਪੁੱਤ ਨਸ਼ਿਆਂ ਦੀ ਭੇਟ ਚੜ੍ਹ ਕੇ ਮੌਤ ਦੇ ਮੂੰਹ ਵਿਚ ਜਾ ਚੁੱਕੇ ਹਨ।
ਮੰਡੀ ਗੋਬਿੰਦਗੜ੍ਹ, 17 ਨਵੰਬਰ (ਇਕਬਾਲਦੀਪ ਸੰਧੂ)-ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਹਲਕਾ ਅਮਲੋਹ ਅੰਦਰ ਵਧ ਰਹੇ ਨਸ਼ੇ ਦੇ ਕਾਰੋਬਾਰ ਉੱਪਰ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਨਸ਼ੇ ਨੇ ਹਲਕੇ ਦੇ ਲੋਕਾਂ ਦਾ ਜਿਊਣਾ ਦੁੱਭਰ ਕਰ ਦਿੱਤਾ ਹੈ। ਨਸ਼ਿਆਂ ਦੀ ਦਲਦਲ ਵਿਚ ਫਸ ਕੇ ਜਿੱਥੇ ਅਨੇਕਾਂ ਨੌਜਵਾਨ ਆਪਣੀਆਂ ਜ਼ਿੰਦਗੀਆਂ ਬਰਬਾਦ ਕਰ ਰਹੇ ਹਨ, ਉੱਥੇ ਹੀ ਅਨੇਕਾਂ ਮਾਵਾਂ ਦੇ ਪੁੱਤ ਨਸ਼ਿਆਂ ਦੀ ਭੇਟ ਚੜ੍ਹ ਕੇ ਮੌਤ ਦੇ ਮੂੰਹ ਵਿਚ ਜਾ ਚੁੱਕੇ ਹਨ। ਇਹ ਸਥਿਤੀ ਬੇਹੱਦ ਚਿੰਤਾਜਨਕ ਹੈ ਅਤੇ ਹਰ ਪੰਜਾਬ ਹਿਤੈਸ਼ੀ ਵਿਅਕਤੀ ਲਈ ਚਿੰਤਾ ਦਾ ਵਿਸ਼ਾ ਹੈ। ਰਾਜੂ ਖੰਨਾ ਅਜ ਇੱਥੇ ਇਕ ਸਮਾਗਮ ਵਿਚ ਸ਼ਾਮਲ ਹੋਣ ਲਈ ਆਏ ਸਨ ਜਿਨ੍ਹਾਂ ਵਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਸ਼ਿਆਂ ਤੇ ਗੰਭੀਰਤਾ ਨਾਲ ਗੱਲਬਾਤ ਕੀਤੀ ਗਈ। ਰਾਜੂ ਖੰਨਾ ਨੇ ਕਿਹਾ ਕਿ ਮੰਡੀ ਗੋਬਿੰਦਗੜ੍ਹ ਅਤੇ ਅਮਲੋਹ ਸ਼ਹਿਰ ਦੀਆਂ ਗਲੀਆਂ ਹੀ ਨਹੀਂ, ਸਗੋਂ ਹਲਕੇ ਦੇ ਪਿੰਡਾਂ ਵਿਚ ਵੀ ਨਸ਼ੇ ਦਾ ਕਾਰੋਬਾਰ ਲਗਾਤਾਰ ਫੈਲ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਥਿਤ ਪੁਸ਼ਤ-ਪਨਾਹੀ ਅਤੇ ਪ੍ਰਸ਼ਾਸਨ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਨਸ਼ਾ ਤਸਕਰਾਂ ਦੇ ਹੌਸਲੇ ਬੁਲੰਦ ਹਨ। ਹਾਲਾਤ ਇਹ ਬਣ ਗਏ ਹਨ ਕਿ ਨਸ਼ੇ ਦੇ ਸੌਦਾਗਰਾਂ ਵਲੋਂ ਘਰ-ਘਰ ਤੱਕ ਆਪਣੀ ਪਹੁੰਚ ਬਣਾਈ ਜਾ ਰਹੀ ਹੈ, ਜਿਸ ਨਾਲ ਹਲਕੇ ਦੇ ਨੌਜਵਾਨਾਂ ਦੇ ਮਾਪਿਆਂ ਵਿਚ ਆਪਣੇ ਬੱਚਿਆਂ ਦੇ ਭਵਿੱਖ ਨੂੰ ਲੈ ਕੇ ਭਾਰੀ ਚਿੰਤਾ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਸਰਕਾਰ ਨਸ਼ਾ ਖ਼ਤਮ ਕਰਨ ਦੇ ਵੱਡੇ-ਵੱਡੇ ਦਾਅਵੇ ਕਰਦੀ ਹੈ, ਪਰ ਦੂਜੇ ਪਾਸੇ ਜ਼ਮੀਨੀ ਹਕੀਕਤ ਇਨ੍ਹਾਂ ਦਾਅਵਿਆਂ ਦੀ ਪੋਲ ਖੋਲ੍ਹ ਰਹੀ ਹੈ। ਜੇਕਰ ਸਰਕਾਰ ਅਤੇ ਪ੍ਰਸ਼ਾਸਨ ਸੱਚਮੁੱਚ ਨਸ਼ੇ ਨੂੰ ਖ਼ਤਮ ਕਰਨ ਲਈ ਗੰਭੀਰ ਹੁੰਦੇ ਤਾਂ ਨਸ਼ਾ ਤਸਕਰਾਂ ਨੂੰ ਇਸ ਤਰ੍ਹਾਂ ਖੁੱਲ੍ਹੇਆਮ ਕਾਰੋਬਾਰ ਕਰਨ ਦੀ ਹਿੰਮਤ ਨਾ ਪੈਂਦੀ। ਰਾਜੂ ਖੰਨਾ ਨੇ ਮੰਗ ਕੀਤੀ ਕਿ ਹਲਕਾ ਅਮਲੋਹ ਦੇ ਸ਼ਹਿਰਾਂ ਅਤੇ ਪਿੰਡਾਂ ਵਿਚ ਨਸ਼ਾ ਵੇਚਣ ਵਾਲਿਆਂ ਵਿਰੁੱਧ ਬਿਨਾਂ ਕਿਸੇ ਸਿਆਸੀ ਦਬਾਅ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। ਨਸ਼ਾ ਤਸਕਰੀ ਵਿਚ ਕਿਸੇ ਵੀ ਵਿਅਕਤੀ ਜਾਂ ਅਧਿਕਾਰੀ ਦੀ ਸ਼ਮੂਲੀਅਤ ਸਾਹਮਣੇ ਆਉਣ ’ਤੇ ਉਸ ਵਿਰੁੱਧ ਵੀ ਕਾਨੂੰਨ ਅਨੁਸਾਰ ਕਾਰਵਾਈ ਹੋਵੇ। ਇਸ ਦੇ ਨਾਲ ਹੀ ਨਸ਼ੇ ਦੀ ਲਤ ਦਾ ਸ਼ਿਕਾਰ ਹੋਏ ਨੌਜਵਾਨਾਂ ਦੇ ਇਲਾਜ ਅਤੇ ਮੁੜ ਵਸੇਬੇ ਲਈ ਠੋਸ ਪ੍ਰਬੰਧ ਕੀਤੇ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣਾ ਸਿਰਫ਼ ਕਿਸੇ ਇਕ ਪਾਰਟੀ ਦੀ ਨਹੀਂ, ਸਗੋਂ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਜੇਕਰ ਸਮੇਂ ਸਿਰ ਨਸ਼ਿਆਂ ਦੇ ਇਸ ਕੋਹੜ ਨੂੰ ਠੱਲ੍ਹ ਨਾ ਪਾਈ ਗਈ ਤਾਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਸ ਦੀ ਭਾਰੀ ਕੀਮਤ ਚੁਕਾਉਣੀ ਪਵੇਗੀ। ਸ਼੍ਰੋਮਣੀ ਅਕਾਲੀ ਦਲ ਨੌਜਵਾਨੀ ਅਤੇ ਪੰਜਾਬ ਦੇ ਭਵਿੱਖ ਨੂੰ ਬਚਾਉਣ ਲਈ ਆਪਣੀ ਆਵਾਜ਼ ਬੁਲੰਦ ਕਰਦਾ ਰਹੇਗਾ। ਇਸ ਗੱਲਬਾਤ ਸਮੇਂ, ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਮਛਰਾਈ, ਸੂਬਾ ਜਥੇਬੰਦਕ ਸਕੱਤਰ ਸ਼ਰਧਾ ਸਿੰਘ ਛੰਨਾ, ਹਲਕਾ ਆਬਜ਼ਰਵਰ ਹਰਬੰਸ ਸਿੰਘ ਬਡਾਲੀ, ਸੀਨੀਅਰ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਕਾਲਾ ਅਰੌੜਾ, ਜਥੇਦਾਰ ਜਰਨੈਲ ਸਿੰਘ ਮਾਜਰੀ, ਸਿਮਰਨਜੀਤ ਸਿੰਘ ਧਾਲੀਵਾਲ, ਯੂਥ ਆਗੂ ਕਰਨਵੀਰ ਸਿੰਘ ਲਾਡੀ, ਪ੍ਰਦੀਪ ਕੁਮਾਰ ਮਿੰਟੂ, ਗੁਰਪ੍ਰੀਤ ਸਿੰਘ ਨੋਨੀ, ਸੁਖਦੇਵ ਸਿੰਘ ਅੱਤਲੀ ਆਦਿ ਮੌਜੂਦ ਸਨ।