ਤਰਨ ਤਾਰਨ, 23 ਅਕਤੂਬਰ (ਹਰਿੰਦਰ ਸਿੰਘ)-ਥਾਣਾ ਗੋਇੰਦਵਾਲ ਦੀ ਪੁਲਿਸ ਅਤੇ ਬਦਮਾਸ਼ਾਂ ਵਿਚਕਾਰ ਹੋਏ ਮੁਕਾਬਲੇ ਦੌਰਾਨ ਪੁਲਿਸ ਵਲੋਂ ਜਵਾਬੀ ਕਾਰਵਾਈ ਦੌਰਾਨ ਚਲਾਈ ਗਈ ਗੋਲੀ ਲੱਗਣ ਨਾਲ ਇਕ ਬਦਮਾਸ਼ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ ਹੈ। ਜਦਕਿ ਉਸ ਦਾ ਸਾਥੀ ਮੌਕੇ ਤੋਂ ਫ਼ਰਾਰ ਹੋਣ ਵਿਚ ਕਾਮਯਾਬ ਹੋ ਗਿਆ ਹੈ। ਜ਼ਖਮੀ ਨੌਜਵਾਨ ਨੂੰ ਪੁਲਿਸ ਵਲੋਂ ਐਂਬੂਲੈਂਸ ਰਾਹੀਂ ਤੁਰੰਤ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਘਟਨਾ ਦਾ ਸਮਾਚਾਰ ਮਿਲਣ ’ਤੇ ਡੀ.ਐੱਸ.ਪੀ. ਗੋਇੰਦਵਾਲ ਹਰਿੰਦਰ ਸਿੰਘ ਵੀ ਮੌਕੇ ’ਤੇ ਪਹੁੰਚ ਗਏ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਗੋਇੰਦਵਾਲ ਦੇ ਐੱਸ.ਐੱਚ.ਓ.ਨਵਦੀਪ ਭੱਟੀ ਇਲਾਕੇ ਵਿਚ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਨੂੰ 2 ਸ਼ੱਕੀ ਨੌਜਵਾਨ ਆਉਂਦੇ ਦਿਖਾਈ ਦਿੱਤੇ, ਜਿਨ੍ਹਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਹ ਪੁਲਿਸ ਪਾਰਟੀ ਨੂੰ ਦੇਖ ਕੇ ਭੱਜਣ ਲੱਗੇ। ਜਦੋਂ ਪੁਲਿਸ ਪਾਰਟੀ ਨੇ ਉਨ੍ਹਾਂ ਦਾ ਪਿੱਛਾ ਕੀਤਾ ਤਾਂ ਸ਼ੱਕੀ ਨੌਜਵਾਨਾਂ ਵਲੋਂ ਪੁਲਿਸ ਪਾਰਟੀ ਉਪਰ ਫਾਇਰਿੰਗ ਕਰ ਦਿੱਤੀ ਗਈ ਅਤੇ ਜਵਾਬੀ ਕਾਰਵਾਈ ਦੌਰਾਨ ਪੁਲਿਸ ਵਲੋਂ ਵੀ ਗੋਲੀ ਚਲਾਈ ਗਈ, ਜਿਸ ਕਾਰਨ ਇਕ ਨੌਜਵਾਨ ਜ਼ਖਮੀ ਹੋ ਗਿਆ। ਜਦਕਿ ਉਸਦਾ ਸਾਥੀ ਉਥੋਂ ਫਰਾਰ ਹੋ ਗਿਆ। ਘਟਨਾ ਸਥਾਨ ਤੋਂ ਪੁਲਿਸ ਨੇ ਨਾਜਾਇਜ਼ ਪਿਸਟਲ ਵੀ ਬਰਾਮਦ ਕੀਤਾ ਹੈ। ਉਨ੍ਹਾਂ ਦੱਸਿਆ ਕਿ ਜ਼ਖਮੀ ਨੌਜਵਾਨ ਦੀ ਪਛਾਣ ਮਨਪ੍ਰੀਤ ਸਿੰਘ ਉਰਫ ਮੰਨਾ ਵਾਸੀ ਫਤਿਆਬਾਦ ਵਜੋਂ ਹੋਈ ਹੈ, ਜਿਸਨੇ ਪੁੱਛਗਿੱਛ ਦੌਾਰਨ ਦੱਸਿਆ ਕਿ ਪਿਛਲੇ ਸਮੇਂ ਜੋ ਗੋਇੰਦਵਾਲ ਸਾਹਿਬ ਇਲਾਕੇ ਦੇ ਆਸ-ਪਾਸ ਫਾਈਰਿੰਗ ਦੀਆਂ ਵਾਰਦਾਤਾਂ ਹੋਈਆਂ ਹਨ ਉਸ ਵਲੋਂ ਅਤੇ ਉਸਦੇ ਸਾਥੀਆਂ ਵਲੋਂ ਕੀਤੀਆਂ ਗਈਆਂ ਹਨ। ਐੱਸ.ਐੱਸ.ਪੀ. ਨੇ ਦੱਸਿਆ ਕਿ ਥਾਣਾ ਗੋਇੰਦਵਾਲ ਵਿਖੇ ਮਾਮਲਾ ਦਰਜ ਕਰਨ ਤੋਂ ਬਾਅਦ ਫਰਾਰ ਨੌਜਵਾਨ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਵਿਦੇਸ਼ਾਂ ਵਿਚ ਬੈਠੇ ਗੈਂਗਸਟਰਾਂ ਵਲੋਂ ਪੈਸਿਆਂ ਦਾ ਲਾਲਚ ਦੇ ਕੇ ਨੌਜਵਾਨਾਂ ਵਲੋਂ ਅਜਿਹੀਆਂ ਕਾਰਵਾਈ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੋ ਵੀ ਅਪਰਾਧ ਵਿਚ ਸ਼ਾਮਿਲ ਹੋਵੇਗਾ, ਉਸ ਖਿਲਾਫ਼ ਪੁਲਿਸ ਵਲੋਂ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ ਅਤੇ ਕਿਸੇ ਦਾ ਕੋਈ ਲਿਹਾਜ ਨਹੀਂ ਕੀਤਾ ਜਾਵੇਗਾ। ਇਸ ਮੌਕੇ ਐੱਸ.ਪੀ.(ਡੀ) ਰਿਪੁਤਪਨ ਸਿੰਘ, ਡੀ.ਐੱਸ.ਪੀ. ਹਰਿੰਦਰ ਸਿੰਘ, ਐੱਸ.ਐੱਚ.ਓ. ਨਵਦੀਪ ਭੱਟੀ ਤੋਂ ਇਲਾਵਾ ਹੋਰ ਪੁਲਿਸ ਮੁਲਾਜ਼ਮ ਮੌਜੂਦ ਸਨ।
ਪੁਲਿਸ ਅਤੇ ਬਦਮਾਸ਼ਾਂ ’ਚ ਹੋਏ ਮੁਕਾਬਲੇ ਦੌਰਾਨ ਇਕ ਬਦਮਾਸ਼ ਜ਼ਖ਼ਮੀ, ਦੂਸਰਾ ਫ਼ਰਾਰ
ਪੁਲਿਸ ਅਤੇ ਬਦਮਾਸ਼ਾਂ ’ਚ ਹੋਏ ਮੁਕਾਬਲੇ ਦੌਰਾਨ ਇਕ ਬਦਮਾਸ਼ ਜ਼ਖ਼ਮੀ, ਦੂਸਰਾ ਫ਼ਰਾਰ
ਅਜੀਤ ਡੈਸਕ
24-10-2026