ਡਿਪਟੀ ਕਮਿਸ਼ਨਰ ਨੇ ਜਨਗਣਨਾ ਜਾਗਰੂਕਤਾ ਡਿਜੀਟਲ ਵੈਨ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ
ਤਰਨ ਤਾਰਨ, 14 ਨਵੰਬਰ (ਹਰਿੰਦਰ ਸਿੰਘ)– ਜਨਗਣਨਾ-2027 ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਅਤੇ ਇਸ ਅਹਿਮ ਕੌਮੀ ਪ੍ਰਕਿਰਿਆ ਵਿਚ ਉਨ੍ਹਾਂ ਦੀ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਂਸਜ਼ ਅਫ਼ਸਰ ਤਰਨ ਤਾਰਨ ਡਾ. ਨਿਰਮਲ ਓਸੇਪਚਨ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਜਨਗਣਨਾ ਜਾਗਰੂਕਤਾ ਡਿਜੀਟਲ ਵੈਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।
ਤਰਨ ਤਾਰਨ, 14 ਨਵੰਬਰ (ਹਰਿੰਦਰ ਸਿੰਘ)– ਜਨਗਣਨਾ-2027 ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਅਤੇ ਇਸ ਅਹਿਮ ਕੌਮੀ ਪ੍ਰਕਿਰਿਆ ਵਿਚ ਉਨ੍ਹਾਂ ਦੀ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਂਸਜ਼ ਅਫ਼ਸਰ ਤਰਨ ਤਾਰਨ ਡਾ. ਨਿਰਮਲ ਓਸੇਪਚਨ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਜਨਗਣਨਾ ਜਾਗਰੂਕਤਾ ਡਿਜੀਟਲ ਵੈਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਉੱਪ ਅਰਥ ਅਤੇ ਅੰਕੜਾ ਸਲਾਹਕਾਰ ਡਾ. ਅਮਨਦੀਪ ਸਿੰਘ, ਜ਼ਿਲ੍ਹਾ ਲੋਕ ਸੰਪਰਕ ਅਫਸਰ ਹਰਦੇਵ ਸਿੰਘ ਆਸੀ, ਸੁਪਰਡੈਂਟ ਨਗਰ ਕੌਂਸਲ ਤਰਨ ਤਾਰਨ ਬਲਜਿੰਦਰ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਨਿਰਮਲ ਓਸੇਪਚਨ ਨੇ ਕਿਹਾ ਕਿ ਜਨਗਣਨਾ ਦੇ ਸਹੀ, ਭਰੋਸੇਯੋਗ ਅਤੇ ਮੁਕੰਮਲ ਅੰਕੜੇ ਦੇਸ਼ ਦੀ ਯੋਜਨਾਬੰਦੀ, ਪ੍ਰਭਾਵਸ਼ਾਲੀ ਪ੍ਰਸ਼ਾਸਨ, ਲੋਕ ਭਲਾਈ ਸਕੀਮਾਂ ਅਤੇ ਭਵਿੱਖ ਦੀਆਂ ਵਿਕਾਸ ਯੋਜਨਾਵਾਂ ਤਿਆਰ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਲਈ ਹਰੇਕ ਨਾਗਰਿਕ ਦਾ ਇਸ ਪ੍ਰਕਿਰਿਆ ਵਿਚ ਸਹਿਯੋਗ ਅਤੇ ਭਾਗੀਦਾਰੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਆਡੀਓ-ਵੀਡੀਓ ਸੰਦੇਸ਼ਾਂ ਨਾਲ ਲੈਸ ਇਹ ਡਿਜੀਟਲ ਐੱਲ.ਈ.ਡੀ ਵੈਨ ‘ਸਾਡੀ ਜਨਗਣਨਾ, ਸਾਡਾ ਵਿਕਾਸ’ ਦੇ ਸੰਦੇਸ਼ ਨੂੰ ਲੈ ਕੇ 14 ਨਵੰਬਰ ਤੋਂ 31 ਨਵੰਬਰ 2026 ਤੱਕ ਜ਼ਿਲ੍ਹੇ ਦੇ ਵੱਖ-ਵੱਖ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿਚ ਪਹੁੰਚੇਗੀ। ਇਸ ਰਾਹੀਂ ਲੋਕਾਂ ਨੂੰ ਜਨਗਣਨਾ-2027 ਦੀ ਮਹੱਤਤਾ, ਪ੍ਰਕਿਰਿਆ ਅਤੇ ਡਿਜੀਟਲ ਸਹੂਲਤਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾਵੇਗੀ। ਜਨਗਣਨਾ-2027 ਤਹਿਤ ਸ਼ੁਰੂ ਕੀਤੀ ਗਈ ਸਵੈ-ਗਣਨਾ (ਸੈਲਫ਼ ਐਨਿਊਮੀਰੇਸ਼ਨ) ਸਹੂਲਤ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਵਾਸੀ 16 ਨਵੰਬਰ ਤੋਂ 30 ਨਵੰਬਰ 2026 ਤੱਕ ਘਰ ਬੈਠੇ ਹੀ ਅਧਿਕਾਰਤ ਪੋਰਟਲ ਰਾਹੀਂ ਆਪਣੇ ਘਰ ਅਤੇ ਪਰਿਵਾਰ ਨਾਲ ਸਬੰਧਤ ਲੋੜੀਂਦੇ ਵੇਰਵੇ ਆਨਲਾਈਨ ਦਰਜ ਕਰਵਾ ਸਕਦੇ ਹਨ। ਇਸ ਸਹੂਲਤ ਨਾਲ ਨਾਗਰਿਕ ਆਪਣੀ ਸੁਵਿਧਾ ਅਨੁਸਾਰ ਸਵੈ-ਗਣਨਾ ਦੀ ਪ੍ਰਕਿਰਿਆ ਪੂਰੀ ਕਰ ਸਕਣਗੇ। ਡਾ. ਨਿਰਮਲ ਓਸੇਪਚਨ ਦੱਸਿਆ ਕਿ ਆਨਲਾਈਨ ਜਾਣਕਾਰੀ ਦਰਜ ਕਰਨ ਦੀ ਪ੍ਰਕਿਰਿਆ ਮੁਕੰਮਲ ਹੋਣ ਉਪਰੰਤ ਹਰੇਕ ਪਰਿਵਾਰ ਨੂੰ ਇਕ ਵਿਲੱਖਣ ਸਵੈ-ਗਣਨਾ ਪਛਾਣ ਨੰਬਰ (ਐੱਸ.ਈ. ਆਈ.ਡੀ) ਜਾਰੀ ਕੀਤਾ ਜਾਵੇਗਾ। ਨਾਗਰਿਕਾਂ ਨੂੰ ਇਹ ਨੰਬਰ ਘਰ-ਘਰ ਜਾ ਕੇ ਜਨਗਣਨਾ ਕਰਨ ਵਾਲੇ ਅਧਿਕਾਰਤ ਕਰਮਚਾਰੀ ਨਾਲ ਸਾਂਝਾ ਕਰਨਾ ਹੋਵੇਗਾ, ਤਾਂ ਜੋ ਦਰਜ ਕੀਤੀ ਗਈ ਜਾਣਕਾਰੀ ਦੀ ਤਸਦੀਕ ਅਤੇ ਅਗਲੀ ਪ੍ਰਕਿਰਿਆ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹੀ ਜਾ ਸਕੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਘਰ-ਘਰ ਜਾ ਕੇ ਜਨਗਣਨਾ ਕਰਨ ਦਾ ਕਾਰਜ 1 ਦਸੰਬਰ 2026 ਤੋਂ 4 ਜਨਵਰੀ 2027 ਤੱਕ ਚੱਲੇਗਾ, ਜਦਕਿ 5 ਜਨਵਰੀ ਤੋਂ 9 ਜਨਵਰੀ 2027 ਤੱਕ ਸੋਧ ਪੜਾਅ ਤਹਿਤ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ।