ਸੰਨਿਆਸ ਨਗਰ ’ਚ ਸੀਵਰੇਜ ਜਾਮ ਨੇ ਇਨਸਾਨੀਅਤ ਨੂੰ ਕੀਤਾ ਸ਼ਰਮਸਾਰ
ਮ੍ਰਿਤਕ ਦੇਹ ਨੂੰ ਸ਼ਮਸ਼ਾਨਘਾਟ ਲਿਜਾਣਾ ਵੀ ਹੋਇਆ ਔਖਾ
ਲੁਧਿਆਣਾ, 20 ਸਤੰਬਰ (ਭੁਪਿੰਦਰ ਸਿੰਘ ਬੈਂਸ)-ਸ਼ਹਿਰ ਦੇ ਵਾਰਡ ਨੰਬਰ 2 ਅਧੀਨ ਪੈਂਦੇ ਸੰਨਿਆਸ ਨਗਰ ਦੇ ਇਲਾਕਾ ਨਿਵਾਸੀ ਲੰਮੇ ਸਮੇਂ ਤੋਂ ਸੀਵਰੇਜ ਜਾਮ ਦੀ ਸਮੱਸਿਆ ਨਾਲ ਜੂਝ ਰਹੇ ਹਨ। ਇਲਾਕਾ ਨਿਵਾਸੀਆਂ ਅਨੁਸਾਰ ਸੀਵਰੇਜ ਜਾਮ ਹੋਣ ਕਾਰਨ ਗਲੀਆਂ ਵਿਚ ਗੰਦਾ ਪਾਣੀ ਖੜ੍ਹਾ ਰਹਿੰਦਾ ਹੈ, ਜਿਸ ਨਾਲ ਰੋਜ਼ਾਨਾ ਆਉਣ ਜਾਣ ਵਾਲੇ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਲੁਧਿਆਣਾ, 20 ਸਤੰਬਰ (ਭੁਪਿੰਦਰ ਸਿੰਘ ਬੈਂਸ)-ਸ਼ਹਿਰ ਦੇ ਵਾਰਡ ਨੰਬਰ 2 ਅਧੀਨ ਪੈਂਦੇ ਸੰਨਿਆਸ ਨਗਰ ਦੇ ਇਲਾਕਾ ਨਿਵਾਸੀ ਲੰਮੇ ਸਮੇਂ ਤੋਂ ਸੀਵਰੇਜ ਜਾਮ ਦੀ ਸਮੱਸਿਆ ਨਾਲ ਜੂਝ ਰਹੇ ਹਨ। ਇਲਾਕਾ ਨਿਵਾਸੀਆਂ ਅਨੁਸਾਰ ਸੀਵਰੇਜ ਜਾਮ ਹੋਣ ਕਾਰਨ ਗਲੀਆਂ ਵਿਚ ਗੰਦਾ ਪਾਣੀ ਖੜ੍ਹਾ ਰਹਿੰਦਾ ਹੈ, ਜਿਸ ਨਾਲ ਰੋਜ਼ਾਨਾ ਆਉਣ ਜਾਣ ਵਾਲੇ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਲਾਕਾ ਨਿਵਾਸੀਆਂ ਨੇ ਦੱਸਿਆ ਕਿ ਸਭ ਤੋਂ ਦਰਦ ਭਰੀ ਸਥਿਤੀ ਉਸ ਸਮੇਂ ਬਣੀ, ਜਦੋਂ ਬੀਤੇ ਦਿਨ ਇਲਾਕੇ ਵਿਚ ਇਕ ਮਹਿਲਾ ਦੀ ਮੌਤ ਹੋ ਗਈ। ਗਲੀ ਵਿਚ ਸੀਵਰੇਜ ਦਾ ਗੰਦਾ ਪਾਣੀ ਖੜ੍ਹਾ ਹੋਣ ਕਾਰਨ ਮ੍ਰਿਤਕ ਦੇਹ ਨੂੰ ਸ਼ਮਸ਼ਾਨਘਾਟ ਤੱਕ ਲਿਜਾਣ ਸਮੇਂ ਪਰਿਵਾਰਕ ਮੈਂਬਰਾਂ ਅਤੇ ਇਲਾਕਾ ਵਾਸੀਆਂ ਨੂੰ ਭਾਰੀ ਮੁਸ਼ਕਿਲ ਦਾ ਸਾਹਮਣਾ ਕਰਨਾ ਪਿਆ। ਇਲਾਕਾ ਨਿਵਾਸੀਆਂ ਦਾ ਕਹਿਣਾ ਹੈ ਕਿ ਲੰਮੇ ਸਮੇਂ ਤੋਂ ਚੱਲ ਰਹੀ ਇਸ ਸਮੱਸਿਆ ਵੱਲ ਨਗਰ ਨਿਗਮ ਪ੍ਰਸ਼ਾਸਨ ਵਲੋਂ ਲੋੜੀਂਦਾ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਗਲੀਆਂ ਵਿਚ ਗੰਦਾ ਪਾਣੀ ਖੜ੍ਹਾ ਰਹਿਣ ਕਾਰਨ ਇਲਾਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਵੱਧ ਰਹੀਆਂ ਹਨ ਅਤੇ ਆਮ ਜਨ ਜੀਵਨ ਪ੍ਰਭਾਵਿਤ ਹੋ ਰਿਹਾ ਹੈ। ਇਲਾਕਾ ਨਿਵਾਸੀਆਂ ਨੇ ਨਗਰ ਨਿਗਮ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸੰਨਿਆਸ ਨਗਰ ਦੀ ਸੀਵਰੇਜ ਸਮੱਸਿਆ ਦਾ ਤੁਰੰਤ ਹੱਲ ਕੀਤਾ ਜਾਵੇ, ਜਾਮ ਸੀਵਰੇਜ ਨੂੰ ਖੁਲ੍ਹਵਾਇਆ ਜਾਵੇ ਅਤੇ ਗਲੀਆਂ ਵਿਚ ਖੜ੍ਹੇ ਗੰਦੇ ਪਾਣੀ ਤੋਂ ਲੋਕਾਂ ਨੂੰ ਰਾਹਤ ਦਿਵਾਈ ਜਾਵੇ।