26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਝਾੜੂ ਸਾੜ ਕੇ ਪ੍ਰਦਰਸ਼ਨ

ਲੁਧਿਆਣਾ, 25 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਆਤਮ ਨਗਰ ਹਲਕੇ ਵਿਚ ਸ਼ਹੀਦ ਪਰਵਿੰਦਰ ਸਿੰਘ ਝੋਟਾ ਐਕਸ਼ਨ ਕਮੇਟੀ ਦੇ ਸੱਦੇ ‘ਤੇ ਝਾੜੂ ਸਾੜ ਕੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਦੀ ਅਗਵਾਈ ਸੀਨੀਅਰ ਅਕਾਲੀ ਆਗੂ ਅਤੇ ਕੋਰ ਕਮੇਟੀ ਮੈਂਬਰ ਹਿਤੇਸ਼ਇੰਦਰ ਸਿੰਘ ਗਰੇਵਾਲ ਕਰ ਰਹੇ ਸਨ।

ਪਿੰਡ ਭੱਟੀਆਂ ਬੇਟ ਵਿਖੇ ਝਾੜੂ ਸਾੜ ਦੇ ਹੋਏ ਹਲਕਾ ਇੰਚਾਰਜ ਅਤੇ ਸਾਬਕਾ ਜੱਜ ਹਰਪ੍ਰੀਤ ਸਿੰਘ ਸਿੰਮਕ ਅਤੇ ਹੋਰ ਹਾਜ਼ਰੀਨ। ਤਸਵੀਰ-ਬਲਬੀਰ ਸਿੰਘ ਰਾਣਾ 26-10-2026
ਲੁਧਿਆਣਾ, 25 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਆਤਮ ਨਗਰ ਹਲਕੇ ਵਿਚ ਸ਼ਹੀਦ ਪਰਵਿੰਦਰ ਸਿੰਘ ਝੋਟਾ ਐਕਸ਼ਨ ਕਮੇਟੀ ਦੇ ਸੱਦੇ ‘ਤੇ ਝਾੜੂ ਸਾੜ ਕੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਦੀ ਅਗਵਾਈ ਸੀਨੀਅਰ ਅਕਾਲੀ ਆਗੂ ਅਤੇ ਕੋਰ ਕਮੇਟੀ ਮੈਂਬਰ ਹਿਤੇਸ਼ਇੰਦਰ ਸਿੰਘ ਗਰੇਵਾਲ ਕਰ ਰਹੇ ਸਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਜਿੰਨੀ ਚਿਰ ਤੱਕ ਸ਼ਹੀਦ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਦੀਆਂ ਮੰਗਾਂ ਨਹੀਂ ਮੰਨਦੀ ਉਨੀ ਦੇਰ ਤੱਕ ਇਹ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਦੱਸਿਆ ਕਿ ਸ਼ਹੀਦ ਝੋਟਾ ਦੀ ਸ਼ਹਾਦਤ ਨੂੰ ਕਿਸੇ ਵੀ ਕੀਮਤ ‘ਤੇ ਅਜਾਈਂ ਨਹੀਂ ਜਾਣ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਅੱਜ ਪੰਜਾਬ ਵਿਚ ਨਸ਼ਿਆਂ ਦਾ ਛੇਵਾਂ ਦਰਿਆ ਵੱਗ ਰਿਹਾ ਹੈ। ਜਦਕਿ ਸਰਕਾਰ ਵੱਲੋਂ ਕੀਤੇ ਜਾ ਰਹੇ ਦਾਅਵੇ ਖੋਖਲੇ ਸਾਬਤ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਅੱਜ ਲੋਕ ਅਕਾਲੀ ਦਲ ਦੀ ਸਰਕਾਰ ਨੂੰ ਯਾਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਿੰਨਾ ਵਿਕਾਸ ਸੂਬੇ ਦਾ ਅਕਾਲੀ ਦਲ ਸਰਕਾਰ ਵੇਲੇ ਹੋਇਆ ਸੀ ਉਨਾ ਕਿਸੇ ਵੀ ਸਰਕਾਰ ਵੇਲੇ ਨਹੀਂ ਹੋਇਆ। ਉਨ੍ਹਾਂ ਦੱਸਿਆ ਕਿ ਅਕਾਲੀ ਦਲ ਵੱਲੋਂ ਸ਼ੁਰੂ ਕੀਤੀਆਂ ਗਈਆਂ ਸਹੂਲਤਾਂ ਨੂੰ ਵੀ ਭਗਵੰਤ ਮਾਨ ਸਰਕਾਰ ਨੇ ਵਾਪਸ ਲੈ ਲਿਆ ਹੈ। ਉਨ੍ਹਾਂ ਦੱਸਿਆ ਕਿ ਲੋਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ ਤਾਂ ਜੋ ਇਸ ਸਰਕਾਰ ਨੂੰ ਸੱਤਾ ਤੋਂ ਲਾਂਭੇ ਕੀਤਾ ਜਾ ਸਕੇ। ਇਸ ਮੌਕੇ ਅਕਾਲੀ ਵਰਕਰਾਂ ਤੇ ਆਗੂਆ ਵੱਲੋਂ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ ਅਤੇ ਝਾੜੂਆਂ ਨੂੰ ਸਾੜਿਆ ਗਿਆ। ਇਸ ਮੌਕੇ ਵੱਡੀਗਿਣਤੀ ਵਿਚ ਅਕਾਲੀ ਵਰਕਰ ਅਤੇ ਆਗੂ ਹਾਜ਼ਰ ਸਨ। ਸ਼ਹੀਦ ਪਰਵਿੰਦਰ ਸਿੰਘ ਝੋਟਾ ਐਕਸ਼ਨ ਕਮੇਟੀ ਦੇ ਸੱਦੇ ‘ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਝਾੜੂ ਸਾੜ ਕੇ ਕੀਤਾ ਪ੍ਰਦਰਸ਼ਨ ਲੁਧਿਆਣਾ, (ਪਰਮਿੰਦਰ ਸਿੰਘ ਆਹੂਜਾ)-ਮਾਨਸਾ ਵਿਖੇ ਕਤਲ ਕੀਤੇ ਗਏ ਸ਼ਹੀਦ ਪਰਵਿੰਦਰ ਸਿੰਘ ਝੋਟਾ ਐਕਸ਼ਨ ਕਮੇਟੀ ਦੇ ਸੱਦੇ ‘ਤੇ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਝਾੜੂ ਸਾੜ ਕੇ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਅਤੇ ਹਲਕਾ ਪੱਛਮੀ ਦੇ ਇੰਚਾਰਜ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੇ ਕੀਤੀ। ਇਸ ਮੌਕੇ ਸੀਨੀਅਰ ਅਕਾਲੀ ਆਗੂ ਬਾਬਾ ਅਜੀਤ ਸਿੰਘ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਇਸ ਮੌਕੇ ਗੱਲਬਾਤ ਕਰਦਿਆਂ ਐਡਵੋਕੇਟ ਘੁੰਮਣ ਅਤੇ ਬਾਬਾ ਅਜੀਤ ਸਿੰਘ ਨੇ ਕਿਹਾ ਕਿ ਅੱਜ ਸੂਬੇ ਭਰ ਵਿਚ ਕਾਨੂੰਨ ਵਿਵਸਥਾ ਵਿਗੜ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸ਼ਾਇਦ ਹੀ ਕੋਈ ਅਜਿਹਾ ਦਿਨ ਹੋਵੇਗਾ ਜਦੋਂ ਸੂਬੇ ਵਿਚ ਵੱਡੀ ਵਾਰਦਾਤ ਨਾ ਹੁੰਦੀ ਹੋਵੇ। ਉਨ੍ਹਾਂ ਦੱਸਿਆ ਕਿ ਸ਼ਹੀਦ ਪਰਵਿੰਦਰ ਸਿੰਘ ਝੋਟਾ ਦਾ ਸਿਰਫ ਇਹੀ ਕਸੂਰ ਸੀ ਕਿ ਉਸ ਵੱਲੋਂ ਨਸ਼ਿਆਂ ਵਿਰੁੱਧ ਆਵਾਜ਼ ਚੁੱਕੀ ਗਈ ਸੀ ਅਤੇ ਇਸ ਲਈ ਉਸਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਹੁਣ ਪਰਿਵਾਰ ਇਨਸਾਫ ਲਈ ਸੰਘਰਸ਼ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ ਤੋਂ ਫੇਲ੍ਹ ਹੋ ਚੁੱਕੀ ਹੈ ਅਤੇ ਲੋਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਇੰਤਜ਼ਾਰ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ (ਬ) ਮੁੜ ਤੋਂ ਸੱਤਾ ਹਾਸਿਲ ਕਰੇਗਾ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ (ਬ) ਸ਼ਹੀਦ ਭਾਈ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਖੜਾ ਹੈ ਅਤੇ ਹਰ ਤਰ੍ਹਾਂ ਦਾ ਪਰਿਵਾਰ ਨੂੰ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਐਕਸ਼ਨ ਕਮੇਟੀ ਵਲੋਂ ਅੱਗੇ ਤੋਂ ਵੀ ਜਿਹੜਾ ਪ੍ਰੋਗਰਾਮ ਉਲੀਕਿਆ ਜਾਵੇਗਾ ਉਸ ਵਿਚ ਅਕਾਲੀ ਦਲ (ਬ) ਸਮਰਥਨ ਕਰੇਗਾ। ਇਸ ਮੌਕੇ ਭਾਰੀ ਗਿਣਤੀ ਵਿਚ ਅਕਾਲੀ ਆਗੂ ਅਤੇ ਵਰਕਰ ਹਾਜ਼ਰ ਸਨ। ਸਿੰਮਕ ਤੇ ਸਾਥੀਆਂ ਨੇ ਭੱਟੀਆਂ ਬੇਟ ਵਿਖੇ ਝਾੜੂ ਸਾੜ ਕੇ ਕੀਤਾ ਪ੍ਰਦਰਸ਼ਨ ਲਾਡੋਵਾਲ, (ਬਲਬੀਰ ਸਿੰਘ ਰਾਣਾ)-ਪੰਜਾਬ ਵਿਚ ਨਸ਼ਿਆਂ ਵਿਰੁੱਧ ਲੜਾਈ ਦੌਰਾਨ ਇਨਸਾਫ਼ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਹੁਕਮਾਂ ਅਨੁਸਾਰ ਅਤੇ ਸ਼ਹੀਦ ਭਾਈ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਤੇ ਇਨਸਾਫ਼ ਕਮੇਟੀ ਵਲੋਂ ਦਿੱਤੇ ਗਏ ਸੱਦੇ ਦਾ ਪੁਰਜ਼ੋਰ ਸਮਰਥਨ ਕਰਦਿਆਂ ਅੱਜ ਹਲਕਾ ਗਿੱਲ ਅਧੀਨ ਆਉਂਦੇ ਪਿੰਡ ਭੱਟੀਆਂ ਬੇਟ ਵਿਖੇ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ (ਸਾਬਕਾ ਜੱਜ) ਦੀ ਅਗਵਾਈ ਹੇਠ ਪਾਰਟੀ ਵਰਕਰਾਂ ਨੇ ਝਾੜੂ ਸਾੜ ਪੰਜਾਬ ਸਰਕਾਰ ਵਿਰੁੱਧ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਸ. ਸਿੰਮਕ ਨੇ ਕਿਹਾ ਕਿ ਅੱਜ ਪੰਜਾਬ ਦੇ ਮਾਪੇ ਆਪਣੇ ਬੱਚਿਆਂ ਦੇ ਭਵਿੱਖ ਨੂੰ ਲੈ ਕੇ ਚਿੰਤਤ ਹਨ, ਕਿਉਂਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਸਿਰਫ਼ ਇਕ ਰਾਜਨੀਤਿਕ ਮੁੱਦਾ ਨਹੀਂ, ਸਗੋਂ ਪੰਜਾਬ ਦੇ ਭਵਿੱਖ ਅਤੇ ਹਰ ਮਾਂ ਦੇ ਸੁਪਨਿਆਂ ਦੀ ਰਾਖੀ ਦਾ ਸਵਾਲ ਹੈ। ਸਾਡੀ ਮੰਗ ਹੈ ਕਿ ਨਸ਼ਿਆਂ ਦੇ ਮੁੱਦੇ ’ਤੇ ਸਿਆਸੀ ਬਿਆਨਬਾਜ਼ੀ ਦੀ ਬਜਾਏ ਠੋਸ ਕਾਰਵਾਈ ਹੋਵੇ ਅਤੇ ਸਰਕਾਰ ਜਨਤਾ ਨੂੰ ਦੱਸੇ ਕਿ ਨਸ਼ਿਆਂ ਦੀ ਸਪਲਾਈ ਰੋਕਣ, ਨਸ਼ਾ ਤਸਕਰਾਂ ਨੂੰ ਕਾਬੂ ਕਰਨ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਕੀ ਪ੍ਰਭਾਵਸ਼ਾਲੀ ਕਦਮ ਚੁੱਕੇ ਗਏ ਹਨ,। ਉਨ੍ਹਾ ਕਿਹਾ ਕਿ ਸ਼ਹੀਦ ਭਾਈ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਅਤੇ ਇਨਸਾਫ਼ ਕਮੇਟੀ ਵਲੋਂ ਇਨਸਾਫ਼ ਦੀ ਮੰਗ ਨੂੰ ਲੈ ਕੇ ਚੁੱਕੀ ਗਈ ਆਵਾਜ਼ ਨੂੰ ਗੰਭੀਰਤਾ ਨਾਲ ਸੁਣਿਆ ਜਾਣਾ ਚਾਹੀਦਾ ਹੈ। ਇਸ ਮੌਕੇ ਸੰਮਤੀ ਮੈਂਬਰ ਮਨਜੀਤ ਸਿੰਘ ਲਵਲੀ,ਇਸਤਰੀ ਵਿੰਗ (ਬੀ.ਸੀ.) ਦੀ ਪ੍ਰਧਾਨ ਬੀਬੀ ਕਮਲੇਸ਼ ਰਾਣੀ, ਯੂਥ ਵਿੰਗ ਦੇ ਪ੍ਰਧਾਨ ਹਰਸ਼ਵੀਰ ਸਿੰਘ ਝਮਟ, ਸੀਨੀਅਰ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਗੋਗੀ, ਸਰਕਲ ਪ੍ਰਧਾਨ ਇਕਬਾਲ ਸਿੰਘ ਅਤੇ ਹੋਰ ਪਾਰਟੀ ਵਰਕਰ ਵੀ ਮੌਜੂਦ ਸਨ।
ਪਿਛਲੀ ਖ਼ਬਰ ਡਾ. ਏ.ਪੀ.ਜੇ. ਅਬਦੁਲ ਕਲਾਮ ਦੀ ਜੈਅੰਤੀ ’ਤੇ ਵਿਗਿਆਨਕ ਪ੍ਰਸ਼ਨੋਤਰੀ ਕਰਵਾਈ ਅਗਲੀ ਖ਼ਬਰ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਨੂੰ ਘਰ-ਘਰ ਤੱਕ ਪਹੁੰਚਾਉਣਾ ਅੱਜ ਦੇ ਸਮੇਂ ਦੀ ਮੁੱਖ ਲੋੜ-ਡਾ. ਦਲਜੀਤ ਸਿੰਘ ਚੀਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।