ਲੁਧਿਆਣਾ, 16 ਨਵੰਬਰ (ਭੁਪਿੰਦਰ ਸਿੰਘ ਬੈਂਸ)-ਜੀ.ਐਮ.ਟੀ. ਇੰਟਰਨੈਸ਼ਨਲ ਪਬਲਿਕ ਸਕੂਲ, ਕਾਕੋਵਾਲ ਰੋਡ ਵਿਖੇ ਬਾਲ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਲਈ ਵੱਖ-ਵੱਖ ਮਨੋਰੰਜਕ ਅਤੇ ਰਚਨਾਤਮਿਕ ਗਤੀਵਿਧੀਆਂ ਕਰਵਾਈਆਂ ਗਈਆਂ। ਬੱਚਿਆਂ ਨੇ ਡਾਂਸ, ਗੀਤਾਂ ਅਤੇ ਖੇਡਾਂ ਵਿਚ ਪੂਰੇ ਜੋਸ਼ ਨਾਲ ਭਾਗ ਲਿਆ। ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਸੁੰਦਰ ਪੋਸਟਰ, ਕਾਰਡ, ਮੈਡਲ ਅਤੇ ਟੈਗ ਤਿਆਰ ਕਰਕੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਸਕੂਲ ਦੇ ਡਾਇਰੈਕਟਰ ਗੁਰਇਕਬਾਲ ਸਿੰਘ ਥਿੰਦ ਅਤੇ ਰਮਨਦੀਪ ਕੌਰ ਥਿੰਦ ਨੇ ਬੱਚਿਆਂ ਨੂੰ ਬਾਲ ਦਿਵਸ ਦੀਆਂ ਵਧਾਈਆਂ ਦਿੰਦਿਆਂ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ। ਪ੍ਰਿੰਸੀਪਲ ਅਮਰਜੀਤ ਧਾਲੀਵਾਲ ਨੇ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਦਾ ਸਰਵਪੱਖੀ ਵਿਕਾਸ ਹੀ ਸਿੱਖਿਆ ਦਾ ਮੁੱਖ ਉਦੇਸ਼ ਹੈ।