26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਿਆਤ-ਬਾਹਰਾ ਯੂਨੀਵਰਸਿਟੀ ਵਿਖੇ ਰਾਜ ਪੱਧਰੀ ਸੈਮੀਨਾਰ ਕਰਵਾਇਆ

ਐੱਸ. ਏ.

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਿਆਤ-ਬਾਹਰਾ ਯੂਨੀਵਰਸਿਟੀ ਵਿਖੇ ਕਰਵਾਏ ਗਏ ਸੱਤਵੇਂ ਰਾਜ ਪੱਧਰੀ ਸੈਮੀਨਾਰ ਦੀ ਸ਼ਮ੍ਹਾਂ ਰੌਸ਼ਨ ਕਰਕੇ ਸ਼ੁਰੂਆਤ ਕਰਵਾਉਂਦੇ ਹੋਏ ਬੁਲਾਰੇ ਤੇ ਪ੍ਰਬੰਧਕ। ਅਜੀਤ ਤਸਵੀਰ 26-08-2026
ਐੱਸ. ਏ. ਐੱਸ. ਨਗਰ, 25 ਅਗਸਤ (ਪ੍ਰੋ. ਅਵਤਾਰ ਸਿੰਘ)- ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਲੜੀ ਤਹਿਤ ਰਿਆਤ-ਬਾਹਰਾ ਯੂਨੀਵਰਸਿਟੀ ਵਿਖੇ ਸੱਤਵਾਂ ਰਾਜ ਪੱਧਰੀ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਮਹਿਲ ਕਲਾਂ ਤੋਂ ਵਿਧਾਇਕ ਤੇ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੇ ਚੇਅਰਮੈਨ ਕੁਲਵੰਤ ਸਿੰਘ ਪੰਡੋਰੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲਿਆਂ ਬਾਰੇ ਸਲਾਹਕਾਰ ਦੀਪਕ ਬਾਲੀ, ਡੇਰਾ ਸੰਤ ਬਾਬਾ ਪ੍ਰੀਤਮ ਦਾਸ ਜੀ ਦੇ ਮੁਖੀ ਸੰਤ ਬਾਬਾ ਨਿਰਮਲ ਦਾਸ ਜੀ, ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਦੇ ਮੁਖੀ ਪ੍ਰੋ. ਮਨਜਿੰਦਰ ਸਿੰਘ, ਸੰਤੋਸ਼ ਕੁਮਾਰੀ, ਰਿਆਤ-ਬਾਹਰਾ ਯੂਨੀਵਰਸਿਟੀ ਦੇ ਚਾਂਸਲਰ ਗੁਰਵਿੰਦਰ ਸਿੰਘ ਬਾਹਰਾ, ਵਾਈਸ ਚਾਂਸਲਰ ਸੰਜੇ ਕੁਮਾਰ, ਰਜਿਸਟਰਾਰ ਪ੍ਰੋ. ਐਲ. ਕੇ. ਯਾਦਵ ਅਤੇ ਡੀਨ ਵਿਦਿਆਰਥੀ ਭਲਾਈ ਡਾ. ਸਿਮਰਜੀਤ ਕੌਰ ਸਮੇਤ ਯੂਨੀਵਰਸਿਟੀ ਦੇ ਅਧਿਆਪਕ ਤੇ ਵਿਦਿਆਰਥੀ ਉਚੇਚੇ ਤੌਰ ‘ਤੇ ਹਾਜ਼ਰ ਰਹੇ। ਸੈਮੀਨਾਰ ਨੂੰ ਸੰਬੋਧਨ ਕਰਦਿਆਂ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀ ਮਹਾਨ ਸ਼ਖ਼ਸੀਅਤ ਕਿਸੇ ਇਕ ਵਰਗ, ਧਰਮ ਜਾਂ ਖੇਤਰ ਤੱਕ ਸੀਮਿਤ ਨਹੀਂ ਹੈ, ਸਗੋਂ ਉਨ੍ਹਾਂ ਦੀ ਬਾਣੀ ਅਤੇ ਵਿਚਾਰਧਾਰਾ ਸਮੁੱਚੀ ਮਨੁੱਖਤਾ ਨੂੰ ਬਰਾਬਰੀ, ਪਿਆਰ, ਭਾਈਚਾਰੇ, ਸਚਾਈ ਅਤੇ ਮਨੁੱਖੀ ਸਨਮਾਨ ਦਾ ਸੰਦੇਸ਼ ਦਿੰਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਪੂਰੇ ਸਾਲ ਦੌਰਾਨ ਵੱਖ-ਵੱਖ ਸਮਾਗਮਾਂ ਰਾਹੀਂ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਗੁਰੂ ਸਾਹਿਬ ਦੇ ਜੀਵਨ ਤੇ ਸਿੱਖਿਆਵਾਂ ਨੂੰ ਘਰ-ਘਰ ਪਹੁੰਚਾਉਣ ਲਈ ਪੰਜਾਬ ਦੇ ਪਿੰਡਾਂ ‘ਚ ਮੋਬਾਇਲ ਐਲ. ਈ. ਡੀ. ਵੈਨਾਂ ਰਾਹੀਂ ਵਿਸ਼ੇਸ਼ ਦਸਤਾਵੇਜ਼ੀ ਫ਼ਿਲਮ ਦਿਖਾਈ ਜਾ ਰਹੀ ਹੈ। ਇਸ ਮੌਕੇ ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲਿਆਂ ਬਾਰੇ ਸਲਾਹਕਾਰ ਸ੍ਰੀ ਦੀਪਕ ਬਾਲੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਅਸਮਾਨਤਾ ਵਿਰੁੱਧ ਆਵਾਜ਼ ਉਠਾਈ ਸੀ ਅਤੇ ‘ ਬੇਗਮਪੁਰਾ’ ਦੇ ਸਿਧਾਂਤ ਰਾਹੀਂ ਬਰਾਬਰੀ ਵਾਲੇ ਸਮਾਜ ਦੀ ਕਲਪਨਾ ਕੀਤੀ ਸੀ। ਉਨ੍ਹਾਂ ਵਿਦਿਆਰਥੀਆਂ ਨੂੰ ਜਾਤ-ਪਾਤ ਅਤੇ ਧਰਮ ਤੋਂ ਉੱਪਰ ਉੱਠ ਕੇ ਸਮੁੱਚੇ ਸੰਸਾਰ ‘ਚ ਬਰਾਬਰੀ ਦਾ ਚਾਨਣ ਫੈਲਾਉਣ ਦਾ ਸੱਦਾ ਦਿੱਤਾ। ਇਸ ਮੌਕੇ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਆਏ ਪ੍ਰੋ. ਮਨਜਿੰਦਰ ਸਿੰਘ ਨੇ ਕਿਹਾ ਕਿ 6 50 ਸਾਲ ਪਹਿਲਾਂ ਸ੍ਰੀ ਗੁਰੂ ਰਵਿਦਾਸ ਜੀ ਵਲੋਂ ਦਿੱਤਾ ਗਿਆ ਬਰਾਬਰੀ ਦਾ ਸੰਦੇਸ਼ ਅੱਜ ਵੀ ਉਨਾ ਹੀ ਪ੍ਰਸੰਗਿਕ ਹੈ।ਇਸ ਦੌਰਾਨ ਸੰਤ ਬਾਬਾ ਨਿਰਮਲ ਦਾਸ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਨ ਸੰਤ ਤੇ ਸਮਾਜ ਸੁਧਾਰਕ ਸਨ, ਜਿਨ੍ਹਾਂ ਨੇ ਧਰਮ ਅਤੇ ਜਾਤ-ਪਾਤ ਤੋਂ ਉੱਪਰ ਉੱਠ ਕੇ ਗਿਆਨ ਦੀ ਰੌਸ਼ਨੀ ਨਾਲ ਰੌਸ਼ਨ ਸਮਾਜ ਦੀ ਸਿਰਜਣਾ ਦਾ ਸੰਦੇਸ਼ ਦਿੱਤਾ। ਇਸੇ ਦੌਰਾਨ ਰਿਆਤ-ਬਾਹਰਾ ਯੂਨੀਵਰਸਿਟੀ ਦੇ ਚਾਂਸਲਰ ਗੁਰਵਿੰਦਰ ਸਿੰਘ ਬਾਹਰਾ ਨੇ ਪੰਜਾਬ ਸਰਕਾਰ ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਗੁਰੂ ਸਾਹਿਬਾਨ ਦੇ ਫ਼ਲਸਫ਼ੇ ਨੂੰ ਆਮ ਲੋਕਾਂ ਅਤੇ ਨੌਜਵਾਨ ਪੀੜ੍ਹੀ ਤੱਕ ਪਹੁੰਚਾਉਣ ਲਈ ਵੱਡੇ ਪੱਧਰ ‘ਤੇ ਸਮਾਗਮ ਕਰਵਾਏ ਜਾ ਰਹੇ ਹਨ। ਇਸ ਮੌਕੇ ਰਿਆਤ-ਬਾਹਰਾ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਸੰਜੇ ਕੁਮਾਰ ਤੇ ਰਜਿਸਟਰਾਰ ਪ੍ਰੋ. ਐਲ. ਕੇ. ਯਾਦਵ ਨੇ ਵੀ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਅੱਜ ਦੇ ਸਮੇਂ ‘ਚ ਬਰਾਬਰੀ ਅਤੇ ਮਨੁੱਖੀ ਸਨਮਾਨ ਦੀ ਸਥਾਪਨਾ ਲਈ ਮਹੱਤਵਪੂਰਨ ਦੱਸਦਿਆਂ ਵਿਦਿਆਰਥੀਆਂ ਨੂੰ ਇਨ੍ਹਾਂ ਸਿੱਖਿਆਵਾਂ ਨੂੰ ਆਪਣੇ ਜੀਵਨ ‘ਚ ਅਪਣਾਉਣ ਦੀ ਅਪੀਲ ਕੀਤੀ। ਸੈਮੀਨਾਰ ਦੌਰਾਨ ਮੰਚ ਦਾ ਸੰਚਾਲਨ ਯੂਨੀਵਰਸਿਟੀ ਦੇ ਡੀਨ ਵਿਦਿਆਰਥੀ ਭਲਾਈ ਡਾ. ਸਿਮਰਜੀਤ ਕੌਰ ਨੇ ਕੀਤਾ। ਇਸ ਮੌਕੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਦਰਸਾਉਂਦੀ ਵਿਸ਼ੇਸ਼ ਦਸਤਾਵੇਜ਼ੀ ਫ਼ਿਲਮ ਵੀ ਦਿਖਾਈ ਗਈ।
ਪਿਛਲੀ ਖ਼ਬਰ ਫੇਜ਼-2 ਸਥਿਤ ਸੜਕਾਂ ਤੇ ਪੁਲ ਵਿਕਾਸ ਬੋਰਡ ਦੇ ਦਫ਼ਤਰ ’ਚ ਲੱਗੀ ਅੱਗ ਅਗਲੀ ਖ਼ਬਰ ਪੈਨਸ਼ਨਰਾਂ ਤੇ ਮੁਲਾਜ਼ਮਾਂ ਦੇ ਵਫ਼ਦ ਵਲੋਂ ਡੀ. ਸੀ. ਤੇ ਐਸ. ਐਸ. ਪੀ. ਨਾਲ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।